ਸੁਖਪਾਲ ਖਹਿਰਾ ਨੇ ਮੰਤਰੀ ਦੀ ਲੋਕਪਾਲ ਕੋਲ ਸ਼ਿਕਾਇਤ ਕੀਤੀ
ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੁਲਾਈ
ਪੰਜਾਬ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੇ ਲੋਕਪਾਲ ਕੋਲ ਸੂਬੇ ਦੇ ਇੱਕ ਮੰਤਰੀ ਦੀਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।
ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਾਂਗਰਸੀ ਵਿਧਾਇਕ ਨੇ ਦੱਸਿਆ ਕਿ ਮੰਤਰੀ ਦੀਆਂ ਕਥਿਤ ਬੇਨਿਯਮੀਆਂ ਅਤੇ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਸਬੂਤਾਂ ਸਮੇਤ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੋਕਪਾਲ ਐਕਟ, 1996 ਦੀ ਧਾਰਾ 19 ਨੇ ਸ਼ਿਕਾਇਤ ਦਾ ਖੁਲਾਸਾ ਕਰਨ ’ਤੇ ਰੋਕ ਲਗਾਈ ਹੈ, ਇਸ ਲਈ ਉਹ ਲੋਕਪਾਲ ਦੇ ਫ਼ੈਸਲੇ ਦੀ ਉਡੀਕ ਕਰਨਗੇ। ਖਹਿਰਾ ਨੇ ਕਿਹਾ ਕਿ ਇਹ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਖ ਦੀ ਘੜੀ ਹੈ ਕਿਉਂਕਿ ਉੱਚ ਸਥਾਨਾਂ ’ਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਆਜ਼ਾਦ ਲੋਕਪਾਲ ਬਣਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਗਠਨ ਹੋਇਆ ਸੀ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਦੱਸਣ ਦੀ ਹਿੰਮਤ ਕਰਨ ਕਿ ਪੰਜਾਬ ਵਿਜੀਲੈਂਸ ਬਿਊਰੋ ਅਤੇ ਪੰਜਾਬ ਪੁਲੀਸ ਵੱਲੋਂ ਸਿਰਫ ਵਿਰੋਧੀ ਪਾਰਟੀਆਂ ਦੇ ਸਿਆਸੀ ਆਗੂਆਂ ਨੂੰ ਹੀ ਮਿੱਥ ਕੇ ਗ੍ਰਿਫ਼ਤਾਰ ਕਿਉਂ ਕੀਤਾ ਜਾ ਰਿਹਾ ਹੈੈ?
ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਅਤੇ ਵਰਕਰਾਂ ਜਨਿ੍ਹਾਂ ਖ਼ਿਲਾਫ਼ ਅਨੈਤਿਕਤਾ, ਦੁਰਵਿਹਾਰ ਅਤੇ ਭ੍ਰਿਸ਼ਟਾਚਾਰ ਦੇ ਸਬੂਤ ਹਨ ਜਿਵੇਂ ਕਿ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਜਗਦੀਪ ਕੰਬੋਜ, ਅਬੋਹਰ ਦੇ ਹਲਕਾ ਇੰਚਾਰਜ ਦੀਪ ਕੰਬੋਜ, ਸਾਬਕਾ ਮੰਤਰੀ ਡਾ. ਵਿਜੈ ਸਿੰਗਲਾ ਅਤੇ ਐਡਵੋਕੇਟ ਜਨਰਲ ਵਨਿੋਦ ਘਈ ਆਦਿ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਹੋਈ? ਸ੍ਰੀ ਖਹਿਰਾ ਨੇ ਕਿਹਾ ਕਿ ਹੁਣ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿੱਚੋਂ ਵਿਰੋਧੀ ਧਿਰ ਨੂੰ ਮੁਕੰੰਮਲ ਤੌਰ ’ਤੇ ਸਾਫ ਕਰਨ ਦੇ ਮਕਸਦ ਨਾਲ ਭਗਵੰਤ ਮਾਨ ਸਿਆਸੀ ਵਿਰੋਧੀਆਂ ਖ਼ਿਲਾਫ਼ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਉਕਤ ਮੰਤਰੀ ਨੂੰ ਜਾਂਚ ਚੱਲਣ ਤੱਕ ਮੰਤਰੀ ਮੰਡਲ ’ਚੋਂ ਬਰਖਾਸਤ ਕੀਤਾ ਜਾਵੇ। ਨਹੀਂ ਤਾਂ ਇਹ ਮੰਤਰੀ ਕਟਾਰੂਚੱਕ ਵਾਂਗ ਆਪਣਾ ਪ੍ਰਭਾਵ ਵਰਤ ਕੇ ਆਪਣੇ ਖ਼ਿਲਾਫ਼ ਰਿਪੋਰਟ ਦੇਣ ਵਾਲੇ ਅਫ਼ਸਰਾਂ ਨੂੰ ਨੁਕਸਾਨ ਪਹੁੰਚਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਕ ਵੀਡੀਓ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਵੀ ਰਾਜਪਾਲ ਕੋਲ ਸ਼ਿਕਾਇਤ ਕੀਤੀ ਸੀ।