Sukhpal Khaira ਸੁਪਰੀਮ ਕੋਰਟ ਵੱਲੋਂ ਸੁਖਪਾਲ ਖਹਿਰਾ ਨੂੰ ਰਾਹਤ
ਸੱਤਿਆ ਪ੍ਰਕਾਸ਼
ਨਵੀਂ ਦਿੱਲੀ, 15 ਜਨਵਰੀ
ਸੁਪਰੀਮ ਕੋਰਟ ਨੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਮਨੀ ਲਾਂਡਰਿੰਗ ਕੇਸ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਜ਼ਮਾਨਤ ਨੂੰ ਚੁਣੌਤੀ ਦਿੰਦੀ ਐੱਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹਾਈ ਕੋਰਟ ਨੇ ਐੱਨਡੀਪੀਐੱਸ ਐਕਟ ਤਹਿਤ 2015 ਵਿਚ ਦਰਜ ਕੇਸ ’ਚ ਖਹਿਰਾ ਨੂੰ 27 ਜਨਵਰੀ 2022 ਨੂੰ ਜ਼ਮਾਨਤ ਦੇ ਦਿੱਤੀ ਸੀ। ਜਸਟਿਸ ਐੱਮ.ਐੱਮ.ਸੁੰਦਰੇਸ਼ ਦੀ ਅਗਵਾਈ ਵਾਲੇ ਬੈਂਚ ਨੇ ਈਡੀ ਦੀ ਪਟੀਸ਼ਨ ਇਹ ਕਹਿੰਦਿਆਂ ਰੱਦ ਕਰ ਦਿੱਤੀ ਕਿ ਉਹ ਇਸ ਨੂੰ ਸੁਣਨ ਲਈ ਤਿਆਰ ਨਹੀਂ ਹੈ। ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੇ ਦਾਅਵਾ ਕੀਤਾ ਸੀ ਕਿ ਖਹਿਰਾ ਅਰਜ਼ੀਆਂ ਦਾਖ਼ਲ ਕਰਕੇ ਮੁਕੱਦਮੇ ਦੀ ਕਾਰਵਾਈ ਨੂੰ ਲਮਕਾ ਰਿਹਾ ਹੈ ਤਾਂ ਕਿ ਅਦਾਲਤੀ ਕਾਰਵਾਈ ਅੱਗੇ ਨਾ ਵਧੇ। ਖਹਿਰਾ ਨੇ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਐਕਸ ’ਤੇ ਲਿਖਿਆ, ‘‘ਮੈਂ ਪਰਮਾਤਮਾ ਵਾਹਿਗੁਰੂ ਅਤੇ ਮਾਣਯੋਗ ਸੁਪਰੀਮ ਕੋਰਟ ਦਾ ਬਹੁਤ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਅੱਜ ਈਡੀ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਖਾਰਜ ਕਰਕੇ ਮੈਨੂੰ ਇਨਸਾਫ਼ ਦਿੱਤਾ ਹੈ।’’