For the best experience, open
https://m.punjabitribuneonline.com
on your mobile browser.
Advertisement

ਸੁਖਵਿਲਾਸ ਮਾਮਲਾ: ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਕਾਨੂੰਨੀ ਨੋਟਿਸ ਭੇਜਿਆ

07:38 AM Mar 16, 2024 IST
ਸੁਖਵਿਲਾਸ ਮਾਮਲਾ  ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਕਾਨੂੰਨੀ ਨੋਟਿਸ ਭੇਜਿਆ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜ ਕੇ ਸੁਖਵਿਲਾਸ ਰਿਜ਼ੌਰਟ ਮਾਮਲੇ ਵਿੱਚ ਤੁਰੰਤ ਮੁਆਫ਼ੀ ਮੰਗਣ ਜਾਂ ਫਿਰ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ। ਇਹ ਕਾਨੂੰਨੀ ਨੋਟਿਸ ਉਨ੍ਹਾਂ ਦੇ ਨਿੱਜੀ ਰਿਜ਼ੌਰਟ ਦੀ ਉਸਾਰੀ ਅਤੇ ਨਿਯਮਾਂ ਵਿੱਚ ਤਬਦੀਲੀ ਕਰ ਕੇ 108 ਕਰੋੜ ਰੁਪਏ ਦੀ ਛੋਟ ਦਿੱਤੇ ਜਾਣ ਸਬੰਧੀ ਮੁੱਖ ਮੰਤਰੀ ਵੱਲੋਂ ਲਗਾਏ ਗਏ ਦੋਸ਼ਾਂ ਦੇ ਸਬੰਧ ਵਿੱਚ ਹੈ।
ਚੇਤੇ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਵੀ ਮੁਕਤਸਰ ਦੀ ਅਦਾਲਤ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੋਇਆ ਹੈ ਅਤੇ ਹੁਣ ਦੂਸਰੇ ਮਾਮਲੇ ਵਿੱਚ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੋਂ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਹਰੇਕ ਬਿਆਨ ਲਈ ਜਵਾਬਦੇਹ ਠਹਿਰਾਇਆ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਉਨ੍ਹਾਂ ’ਤੇ ਲਗਾਏ ਸਾਰੇ ਦੋਸ਼ਾਂ ਲਈ ਸਬੂਤ ਪੇਸ਼ ਕਰਨੇ ਪੈਣਗੇ ਜਾਂ ਫਿਰ ਉਹ ਝੂਠ ਬੋਲਣ ਲਈ ਜੇਲ੍ਹ ਜਾਣ ਵਾਸਤੇ ਤਿਆਰ ਰਹਿਣ।
ਸ੍ਰੀ ਬਾਦਲ ਨੇ ਸਪੱਸ਼ਟ ਕੀਤਾ ਕਿ ਜੇਕਰ ਮੁੱਖ ਮੰਤਰੀ ਨੇ ਸੱਤ ਦਿਨਾਂ ਦੇ ਅੰਦਰ-ਅੰਦਰ ਸੁਖਵਿਲਾਸ ਰਿਜ਼ੌਰਟ ਦੇ ਮਾਮਲੇ ਵਿੱਚ ਮੁਆਫ਼ੀ ਨਾ ਮੰਗੀ ਤਾਂ ਫਿਰ ਉਹ ਮੁੱਖ ਮੰਤਰੀ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨਗੇ। ਸੀਨੀਅਰ ਐਡਵੋਕੇਟ ਹਿਮਾਂਸ਼ੂ ਰਾਜ ਰਾਹੀਂ ਭੇਜੇ ਗਏ ਕਾਨੂੰਨੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ’ਤੇ ਝੂਠੇ ਦੋਸ਼ ਲਗਾਏ ਹਨ ਕਿ ਉਨ੍ਹਾਂ ਨੇ ਅਕਾਲੀ ਦਲ-ਭਾਜਪਾ ਸਰਕਾਰ ਦੌਰਾਨ ਨਿਯਮਾਂ ਨੂੰ ਤੋੜ-ਮਰੋੜ ਕੇ ਪ੍ਰਾਈਵੇਟ ਰਿਜ਼ੌਰਟ ਦੀ ਉਸਾਰੀ ਵਾਸਤੇ ਛੋਟਾਂ ਹਾਸਲ ਕੀਤੀਆਂ ਹਨ। ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੱਚ ਇਹ ਹੈ ਕਿ ਸੀਐੱਲਯੂ ਜਾਰੀ ਕਰਨ ਦੀ ਸ਼ਕਤੀ ਸਿਰਫ਼ ਪੀਐੱਲਪੀਏ ਤਹਿਤ ਹੀ ਆਉਂਦੀ ਹੈ ਜੋ ਕਿ ਕੇਂਦਰ ਸਰਕਾਰ ਅਧੀਨ ਹੈ ਅਤੇ ਪੰਜਾਬ ਸਰਕਾਰ ਦਾ ਇਸ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਟਰੋ ਈਕੋ ਗਰੀਨ ਰਿਜ਼ੌਰਟ ਲਿਮਿਟਡ ਨੇ 20.80 ਏਕੜ ਜ਼ਮੀਨ ਖ਼ਰੀਦੀ ਹੈ ਅਤੇ ਇਹ ਸੁਪਰੀਮ ਕੋਰਟ ਵੱਲੋਂ ਤੈਅ ਨਿਯਮਾਂ ਮੁਤਾਬਕ ਲੋੜੀਂਦੇ ਮੁਆਵਜ਼ੇ ਸਮੇਤ ਪੰਜਾਬ ਜੰਗਲਾਤ ਵਿਭਾਗ ਨੂੰ ਤਬਦੀਲ ਕੀਤੀ ਗਈ। ਇਸ ਮਾਮਲੇ ਵਿੱਚ ਪ੍ਰਾਜੈਕਟ ਸਥਾਪਤ ਕਰਨ ਵਾਸਤੇ ਤਾਮੀਲ ਰਿਪੋਰਟ ਪੇਸ਼ ਕਰਨ ਤੋਂ ਬਾਅਦ ਹੀ ਕੇਂਦਰ ਸਰਕਾਰ ਨੇ ਪ੍ਰਾਜੈਕਟ ਵਾਸਤੇ ਮਨਜ਼ੂਰੀ ਦਿੱਤੀ ਹੈ। ਨੋਟਿਸ ਵਿੱਚ ਹੋਰ ਤੱਥ ਵੀ ਪੇਸ਼ ਕੀਤੇ ਗਏ ਹਨ।

Advertisement

‘ਆਪ’ ਦੇ ਰਾਜ ਵਿੱਚ ਪੰਜਾਬ ਦੇ ਹਿੱਤ ਸੁਰੱਖਿਅਤ ਨਹੀਂ: ਸੁਖਬੀਰ

ਬੱਲੂਆਣਾ (ਰਾਜਿੰਦਰ ਕੁਮਾਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇ ਪੰਜਾਬ ਦੇ ਲੋਕ ਇਕੱਠੇ ਹੋਣਗੇ ਤਾਂ ਹੀ ਪੰਜਾਬ ਸੁਰੱਖਿਅਤ ਰਹੇਗਾ। ਉਨ੍ਹਾਂ ਜ਼ੋਰ ਦੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ ਦੇ ਹਿੱਤ ਸੁਰੱਖਿਅਤ ਨਹੀਂ। ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਰੈਲੀ ਤਹਿਤ ਅੱਜ ਹਲਕਾ ਬੱਲੂਆਣਾ ਦੇ ਦੌਰੇ ’ਤੇ ਆਏ। ਉਨ੍ਹਾਂ ਦੌਰੇ ਦੀ ਸ਼ੁਰੂਆਤ ਬਿਸ਼ਨੋਈ ਭਾਈਚਾਰੇ ਦੇ ਤੀਰਥ ਸਥਾਨ ਪਿੰਡ ਮਹਿਰਾਜਪੁਰ ਧੋਰਾ ਵਿਚ ਮੱਥਾ ਟੇਕ ਕੇ ਕੀਤੀ। ਇਸ ਤੋਂ ਬਾਅਦ ਉਹ ਰਾਜਸਥਾਨ ਦੀ ਹੱਦ ਨਾਲ ਲੱਗਦੇ ਪਿੰਡ ਰਾਜਪੁਰਾ ਗਏ ਤੇ ਉਥੇ ਰੈਲੀ ਨੂੰ ਸੰਬੋਧਨ ਕੀਤਾ। ਸ੍ਰੀ ਬਾਦਲ ਬਹਾਵਵਾਲਾ, ਅਮਰਪੁਰਾ ਤੋਂ ਇਲਾਵਾ ਅਬੋਹਰ ਬਾਈਪਾਸ ਸੜਕ ’ਤੇ ਪੁੱਜੇ। ਇਸ ਮੌਕੇ ਹਲਕਾ ਬੱਲੂਆਣਾ ਦੇ ਸਾਬਕਾ ਐਮਐਲਏ ਗੁਰਤੇਜ ਸਿੰਘ ਘੁੜਿਆਣਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੌਰ ਸਿੰਘ, ਬਹਾਵਵਾਲਾ ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਰਾਜਿੰਦਰ ਸਿੰਘ ਬਰਾੜ ਆਦਿ ਮੌਜੂਦ ਸਨ। ਸ੍ਰੀ ਬਾਦਲ ਨੇ ਪੰਜਾਬ ਦੇ ਲੋਕਾਂ ਦੀ ਆਪਸੀ ਏਕਤਾ ’ਤੇ ਜ਼ੋਰ ਦਿੱਤਾ।

Advertisement
Author Image

joginder kumar

View all posts

Advertisement
Advertisement
×