ਸੁੰਡੀ ਦਾ ਹਮਲਾ: ਮਾਹਿਰਾਂ ਵੱਲੋਂ ਕਣਕ ਦੀ ਫ਼ਸਲ ਦਾ ਨਿਰੀਖਣ
ਜੋਗਿੰਦਰ ਸਿੰਘ ਮਾਨ
ਮਾਨਸਾ, 21 ਨਵੰਬਰ
ਪੁੰਗਰਦੀ ਕਣਕ ’ਤੇ ਗੁਲਾਬੀ ਸੁੰਡੀ ਦਾ ਹਮਲਾ ਸਾਹਮਣੇ ਆਉਣ ਤੋਂ ਬਾਅਦ ਖੇਤੀਬਾੜੀ ਵਿਭਾਗ ਦੀ ਟੀਮ ਨੇ ਅੱਜ ਦੂਜੇ ਬਲਾਕ ਮਾਨਸਾ ਦੇ ਪਿੰਡ ਤਾਮਕੋਟ, ਮੂਸਾ, ਦੂਲੋਵਾਲ, ਘਰਾਂਗਣਾ ਅਤੇ ਭੈਣੀਬਾਘਾ ’ਚ ਖੇਤਾਂ ਦਾ ਦੌਰਾ ਕੀਤਾ। ਇਹ ਟੀਮ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਬਣਾਈ ਗਈ ਹੈ ਜਿਸ ਨੇ ਖੇਤਾਂ ਦਾ ਸਰਵੇਖਣ ਕੀਤਾ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਹਰਮਨਦੀਪ ਸਿੰਘ ਨੇ ਦੱਸਿਆ ਕਿ ਗੁਲਾਬੀ ਸੁੰਡੀ ਦਾ ਹਮਲਾ ਕਿਤੇ-ਕਿਤੇ ਵੇਖਣ ਵਿੱਚ ਆਇਆ ਹੈ ਅਤੇ ਇਸ ਹਮਲੇ ਕਾਰਨ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਤਣੇ ਦੀ ਗਲਾਬੀ ਸੁੰਡੀ ਛੋਟੇ ਬੂਟਿਆਂ ਦੇ ਤਣਿਆਂ ’ਚ ਮੋਰੀਆਂ ਕਰਕੇ ਅੰਦਰ ਚਲੀ ਜਾਂਦੀ ਹੈ, ਜਿਸ ਕਰਕੇ ਬੂਟੇ ਪੀਲੇ ਪੈਣ ਮਗਰੋਂ ਸੁੱਕ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿਨ ਸਮੇਂ ਪਾਣੀ ਲਗਾਉਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਪੰਛੀ ਵੱਧ ਤੋਂ ਵੱਧ ਸੁੰਡੀਆਂ ਦੇ ਹਮਲੇ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਣ।
ਡਾ. ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀਪੀ) ਬਲਾਕ ਮਾਨਸਾ ਵੱਲੋਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਗਈਆਂ ਕੀੜੇਮਾਰ ਦਵਾਈਆਂ ਜਿਵੇਂ ਕਿ ਕੋਰਾਜਨ, ਕਲੋਰੋਪੈਰੀਫੋਸ, ਫੀਪਰੋਨਿਲ ਆਦਿ ਦੀ ਸਪਰੇਅ ਕਰਨ ਸਬੰਧੀ ਸਲਾਹ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਡੀਏਪੀ ਖਾਦ ਦੇ ਬਦਲ ਵਜੋਂ ਪੀਏਯੂ ਲੁਧਿਆਣਾ ਵੱਲੋਂ ਸ਼ਿਫਾਰਿਸ਼ ਹੋਰ ਵੀ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਸਮੇਂ ਇਨ੍ਹਾਂ ਖਾਦਾਂ ਦੀ ਵਰਤੋ ਕਰਕੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਇਸ ਮੌਕੇ ਗੁਰਬਖਸ ਸਿੰਘ, ਸੁਖਵਿੰਦਰ ਸਿੰਘ ਅਤੇ ਧਰਮਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ ਵੀ ਮੌਜੂਦ ਸਨ।