For the best experience, open
https://m.punjabitribuneonline.com
on your mobile browser.
Advertisement

ਸੁਨੀਤਾ ਕੇਜਰੀਵਾਲ ਵੱਲੋਂ ‘ਆਪ’ ਦੇ ਚੋਣ ਪ੍ਰਚਾਰ ਦਾ ਆਗਾਜ਼

08:08 AM Apr 28, 2024 IST
ਸੁਨੀਤਾ ਕੇਜਰੀਵਾਲ ਵੱਲੋਂ ‘ਆਪ’ ਦੇ ਚੋਣ ਪ੍ਰਚਾਰ ਦਾ ਆਗਾਜ਼
ਪੂਰਬੀ ਦਿੱਲੀ ਵਿੱਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ ਕਰਦੇ ਹੋਏ ਸੁਨੀਤਾ ਕੇਜਰੀਵਾਲ। -ਫੋਟੋ: ਪੀਟੀਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਅਪਰੈਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪੂਰਬੀ ਦਿੱਲੀ ਤੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।
ਸੁਨੀਤਾ ਕੇਜਰੀਵਾਲ ਨੇ ਅੱਜ ਪੂਰਬੀ ਦਿੱਲੀ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਕੁਮਾਰ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ, ਜਿੱਥੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਆਗੂ ਤੇ ਵਰਕਰ ਮੌਜੂਦ ਸਨ। ਇਸ ਮੌਕੇ ਸੁਨੀਤਾ ਕੇਜਰੀਵਾਲ ਨੇ ‘ਆਪ’ ਦੇ ਵਰਕਰਾਂ ਦਾ ਹੌਸਲਾ ਵਧਾਇਆ। ਰੋਡ ਸੋਅ ਦੌਰਾਨ ਸੁਨੀਤਾ ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ, ਦਿੱਲੀ ਦੇ ਵਿਕਾਸ ਨੂੰ ਲੀਹੋਂ ਲਾਹੁਣ ਦੀ ਕੋਸ਼ਿਸ਼ ਤਹਿਤ ਉਪ ਰਾਜਪਾਲ ਵੱਲੋਂ ਲਏ ਗਏ ਫ਼ੈਸਲਿਆਂ ਤੋਂ ਇਲਾਵਾ ਦਿੱਲੀ ਨਗਰ ਨਿਗਮ ਦੇ ਕੰਮਾਂ ’ਚ ਅੜਿੱਕੇ ਡਾਹੁਣ ਵਰਗੇ ਮੁੱਦੇ ਵੀ ਉਠਾਏ। ਉਨ੍ਹਾਂ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਅਤੇ ਸੰਵਿਧਾਨ ’ਤੇ ਸੰਕਟ ਪੈਦਾ ਹੋਣ ਬਾਰੇ ਵੀ ਆਪਣੇ ਵਿਚਾਰ ਰੱਖੇ। ਸੁਨੀਤਾ ਕੇਜਰੀਵਾਲ ਨੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਤਾਨਾਸ਼ਾਹੀ ਦਾ ਅੰਤ ਲੋਕਤੰਤਰੀ ਤਰੀਕੇ ਨਾਲ ਵੋਟਾਂ ਪਾ ਕੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਨਾਲ ਭਾਜਪਾ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇ। ਉਹ ਆਪਣੇ ਇਸ ਪਹਿਲੇ ਰੋਡ ਸ਼ੋਅ ਦੌਰਾਨ ਵਿਸ਼ਵਾਸ ਨਾਲ ਭਰਪੂਰ ਨਜ਼ਰ ਆਈ। ਲੋਕ ਸਭਾ ਹਲਕੇ ਦੀਆਂ ਔਰਤਾਂ ਨੇ ਹੱਥ ਹਿਲਾ ਕੇ ਸੁਨੀਤਾ ਕੇਜਰੀਵਾਲ ਨੂੰ ਭਰਵਾਂ ਹੁੰਗਾਰਾ ਦਿੱਤਾ। ਸੁਨੀਤਾ ਕੇਜਰੀਵਾਲ ਹੋਰ ਰਾਜਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਜਾਣਗੇ। ਜ਼ਿਕਰਯੋਗ ਹੈ ਕਿ ਪੂਰਬੀ ਦਿੱਲੀ ਲੋਕ ਸਭਾ ਹਲਕਾ ‘ਇੰਡੀਆ’ ਗੱਠਜੋੜ ਤਹਿਤ ਆਮ ਆਦਮੀ ਪਾਰਟੀ ਦੇ ਹਿੱਸੇ ਆਇਆ ਹੈ। ਇੱਥੇ ਮੁਸਲਮਾਨਾਂ ਦੀ ਕਾਫੀ ਆਬਾਦੀ ਹੈ। ‘ਆਪ’ ਨੇ ਜਨਰਲ ਵਰਗ ਦੇ ਇਸ ਲੋਕ ਸਭਾ ਹਲਕੇ ਤੋਂ ਮੌਜੂਦਾ ਦਲਿਤ ਵਿਧਾਇਕ ਕੁਲਦੀਪ ਕੁਮਾਰ ਨੂੰ ਟਿਕਟ ਦਿੱਤੀ ਹੈ।
ਉੱਧਰ, ‘ਆਪ’ ਵਰਕਰਾਂ ਨੇ ਅੱਜ ਸੁਨੀਤਾ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਲਕਸ਼ਮੀ ਨਗਰ ਵਿੱਚ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੀ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਦੇ ਹਿੱਸੇ ਵਜੋਂ ਪੂਰਬੀ ਦਿੱਲੀ ਖੇਤਰ ਵਿੱਚ ਇੱਕ ਫੁੱਟ ਓਵਰਬ੍ਰਿਜ ਨੇੜੇ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਾਨਾਸ਼ਾਹੀ ਵਾਲਾ ਰਵੱਈਆ ਅਖ਼ਤਿਆਰ ਕਰਨ ਦੇ ਦੋਸ਼ ਲਾਉਂਦਿਆਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×