ਤਖ਼ਤ ਦਮਦਮਾ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 14 ਨਵੰਬਰ
ਸਿੱਖ ਧਰਮ ਦੇ ਬਾਨੀ ਸਾਹਿਬ ਗੁਰੂੁ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਅੱਜ ਸਵੇਰੇ ਪਹਿਲਾਂ ਤਖ਼ਤ ਦਮਦਮਾ ਸਾਹਿਬ ਵਿਖੇ ਅਰਦਾਸ ਕਰਕੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਸੁੱਖ ਆਸਣ ਤੋਂ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਨੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪੂਰਨ ਸ਼ਰਧਾ ਨਾਲ ਲਿਆ ਕੇ ਫੁੱਲਾਂ ਨਾਲ ਸਜਾਏ ਪਾਲਕੀ ਸਾਹਿਬ ਵਿੱਚ ਸ਼ਸੋਭਿਤ ਕੀਤਾ। ਉਪਰੰਤ ਪੰਜ ਪਿਆਰਿਆ ਦੀ ਅਗਵਾਈ ਵਿੱਚ ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਦਮਦਮਾ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਆਰੰਭਿਕ ਅਰਦਾਸ ਕਰਨ ਨਾਲ ਹੋਈ। ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਅੱਗੇ ਗੱਤਕਾ ਪਾਰਟੀਆਂ ਨੇ ਜੌਹਰ ਦਿਖਾਏ ਜਦ ਕਿ ਬੈਂਡ ਪਾਰਟੀਆਂ ਗੁਰਬਾਣੀ ਧੁਨਾਂ ਬਖੇਰ ਰਹੀਆਂ ਸਨ। ਨਗਰ ਕੀਰਤਨ ਦਾ ਵੱਖ ਵੱਖ ਥਾਈਂ ਸਵਾਗਤ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਉੱਥੇ ਕੌਮ ਨੂੰ ਗੁਰੂੁ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਨਾਲ ਮਨਾਉਣ ਅਤੇ ਗੁਰੂੁ ਸਾਹਿਬ ਦੀਆਂ ਸਿੱਖਿਆਵਾਂ ਅਪਣਾਉਣ ਦੀ ਅਪੀਲ ਕੀਤੀ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਭਾਗਾਂ ਵਿੱਚੋਂ ਦੀ ਗੁਜ਼ਰਦਾ ਹੋਇਆ ਵਾਪਸ ਤਖ਼ਤ ਸਾਹਿਬ ਵਿਖੇ ਆ ਕੇ ਸਮਾਪਤੀ ਅਰਦਾਸ ਨਾਲ ਸਮਾਪਤ ਹੋਇਆ। ਜ਼ੀਰਾ (ਪੱਤਰ ਪ੍ਰੇਰਕ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਜ਼ੀਰਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਗੁਰੂ ਗ੍ਰੰਥ ਸਾਹਿਬ ਫੁੱਲਾਂ ਨਾਲ ਸਜੀ ਹੋਈ ਸੁੰਦਰ ਪਾਲਕੀ ਵਿੱਚ ਸ਼ੁਸ਼ੋਭਿਤ ਸਨ।ਭਾਈ ਹਰਨੇਕ ਸਿੰਘ ਦੇ ਹਜ਼ੂਰੀ ਰਾਗੀ ਜੱਥੇ ਵੱਲੋਂ ਸੰਗਤ ਨੂੰ ਰਸ ਭਿੰਨੇ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦੌਰਾਨ ਗਤਕਾ ਟੀਮ ਨੇ ਜੌਹਰ ਦਿਖਾਏ। ਇਸੇ ਦੌਰਾਨ ਨਿਊ ਪੈਰਾਡਾਈਜ਼ ਸਕੂਲ ਜ਼ੀਰਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।
ਸਿਰਸਾ: ਗੁਰਦੁਆਰਾ ਚਿੱਲਾ ਸਾਹਿਬ ’ਚ ਨਗਰ ਕੀਰਤਨ
ਸਿਰਸਾ (ਪ੍ਰਭੂ ਦਿਆਲ): ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸਿੱਖ ਸੰਗਤ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਚਿੱਲਾ ਸਾਹਿਬ ਤੋਂ ਸ਼ੁਰੂ ਹੋਇਆ ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਬਾਜ਼ਾਰਾਂ ’ਚ ਸੰਗਤ ਵੱਲੋਂ ਚਾਹ, ਪਕੌੜਿਆਂ ਤੇ ਫਲਾਂ ਦੇ ਲੰਗਰ ਲਾਏ ਗਏ। ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸਿੱਖ ਸ਼ਰਧਾਲੂ ਸ਼ਾਮਲ ਹੋਏ। ਨਗਰ ਕੀਰਤਨ ਜਿਹੜੇ ਰਾਹਾਂ ਤੋਂ ਲੰਘਿਆ ਸੰਗਤਾਂ ਨੇ ਉਨ੍ਹਾਂ ਰਾਹਾਂ ਦੀ ਪਹਿਲਾਂ ਚੰਗੀ ਤਰ੍ਹਾਂ ਸਾਫ ਸਫਾਈ ਕੀਤੀ। ਨਗਰ ਕੀਰਤਨ ਦੌਰਾਨ ਪੁਲੀਸ ਵੱਲੋਂ ਸਖਤ ਸੁਰੱਖਿਆ ਵਿਵਸਥਾ ਕੀਤੀ ਹੋਈ ਸੀ। ਇਸੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੰਗਮ ਸਕੂਲ ਭਾਰੋਖਾਂ ਵਿਚਸ਼ਬਦ ਗਾਇਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਬਦ ਗਾਇਨ ’ਚ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਅਧਿਆਪਕਾਂ ਅਤੇ ਸਮੂਹ ਬੱਚਿਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਅੱਗੇ ਗੁਰੂ ਮੰਤਰ ਦਾ ਜਾਪ ਕਰਕੇ ਕੀਤੀ। ਉਪਰੰਤ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਬਦ ਗਾਇਨ ਪੇਸ਼ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਕਾਵਿਆ ਵਰਮਾ, ਭਾਰਤੀ ਯੋਗੀ ਅਤੇ ਹਿਮਾਂਸ਼ੂ ਢਾਕਾ, ਰਚਨਾ, ਅਨੀਤਾ ਅਤੇ ਸੀਰਤ, ਰਸ਼ਮਿਤਾ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਪ੍ਰਾਚੀ ਮਾਹਲਾ, ਅਨਾਮਿਕਾ ਮਕੜ, ਜੰਨਤ ਸੋਨੀ ਅਤੇ ਹਰਸ਼ਿਤ ਕੰਬੋਜ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਕਈ ਸਾਖੀਆਂ ਦਾ ਪਾਠ ਕੀਤਾ ਅਤੇ ਗੁਰੂ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।