ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਮੋਰਚੇ ਦਾ ਸਮਰਥਨ
ਪੱਤਰ ਪ੍ਰੇਰਕ
ਭੁੱਚੋ ਮੰਡੀ, 2 ਸਤੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਬੀਕੇਯੂ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਨਵੀਂ ਖੇਤੀ ਨੀਤੀ ਬਣਾਉਣ ਅਤੇ ਹੋਰ ਹੱਕੀ ਮੰਗਾਂ ਦੀ ਪੂਰਤੀ ਲਈ ਚੰਡੀਗੜ੍ਹ ਵਿੱਚ ਲਗਾਏ ਗਏ ਪੰਜ ਰੋਜਾ ਮੋਰਚੇ ਦਾ ਸਮਰਥਨ ਕੀਤਾ ਹੈ। ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਪਵਨਦੀਪ ਸਿੰਘ, ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸਿਮਰਨਜੀਤ ਸਿੰਘ ਨੀਲੋਂ, ਜਸਪ੍ਰੀਤ ਗਗਨ, ਸੁਰਿੰਦਰ ਕੁਮਾਰ ਅਤੇ ਸ਼ੇਰ ਸਿੰਘ ਖੰਨਾ ਨੇ ਐਲਾਨ ਕੀਤਾ ਕਿ 4 ਸਤੰਬਰ ਨੂੰ ਉਹ ਮੋਰਚੇ ਵਿੱਚ ਸ਼ਾਮਲ ਜੱਥੇਬੰਦੀਆਂ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਤੇ ਜੰਗਲਾਤ ਲੇਬਰ ਯੂਨੀਅਨ ਅਨੰਦਪੁਰ ਸਾਹਿਬ ਸਮੇਤ ਪੰਜਾਬ ਵਿੱਚ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਸਾਂਝੇ ਵੱਡੇ ਇਕੱਠ ਕਰਕੇ ਰੈਲੀਆਂ ਤੇ ਸ਼ਹਿਰਾਂ ਵਿੱਚ ਰੋਸ ਮਾਰਚ ਕਰਨਗੇ ਤੇ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦੇਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਠੇਕਾ ਅਤੇ ਰੈਗੂਲਰ ਮੁਲਾਜ਼ਮ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣਗੇ, ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।