ਦਫ਼ਤਰੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ
ਖੇਤਰੀ ਪ੍ਰਤੀਨਿਧ
ਬਰਨਾਲਾ, 11 ਜੁਲਾਈ
ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਬਰਨਾਲਾ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਤੇ ਜ਼ਿਲ੍ਹਾ ਸਕੱਤਰ ਨਿਰਮਲ ਚੁਹਾਣਕੇ ਦੀ ਅਗਵਾਈ ਹੇਠ ਜੱਥੇਬੰਦੀ ਦੇ ਵਫ਼ਦ ਵੱਲੋਂ ਦਫ਼ਤਰੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਵਿੱਚ ਸ਼ਮੂਲੀਅਤ ਕਰਕੇ ਸੰਘਰਸ਼ ਦੀ ਡਟਵੀਂ ਹਮਾਇਤ ਦੇਣ ਦਾ ਭਰੋਸਾ ਦਿੱਤਾ।
ਡੀਟੀਐੱਫ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੀਪ ਤਪਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ 850 ਐੱਸਐੱਸਏ ਨਾਨ ਟੀਚਿੰਗ ਕਰਮਚਾਰੀ, ਮਿੱਡ-ਡੇਅ ਮੀਲ ਦਫ਼ਤਰੀ ਕਰਮਚਾਰੀ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਦੇਣ ਲਈ 22 ਡੀਐੱਸਈਟੀ ਤੇ 300 ਆਈਈਆਰਟੀ ਵਾਲੰਟੀਅਰ ਨਿਯਮਾਂ ਤਹਿਤ ਭਰਤੀ ਹੋਣ ਦੇ ਬਾਵਜੂਦ ਪਿਛਲੇ ਇੱਕ ਦਹਾਕੇ ਤੋਂ ਠੇਕਾ ਆਧਾਰਿਤ ਨੌਕਰੀ ਕਰਦਿਆਂ ਆਰਥਿਕ ਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ਤੇ ਆਪਣੀਆਂ ਸੇਵਾਵਾਂ ਪੂਰੇ ਲਾਭ ਸਮੇਤ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਆਗੂਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਪੂਰੇ ਲਾਭ ਸਮੇਤ ਰੈਗੂਲਰ ਕਰਨ ਦੀ ਥਾਂ ਪੱਕੇ ਕਰਨ ਦੇ ਨਾਂ ਹੇਠ ਮਹਿਜ਼ ਤਨਖਾਹ ਵਿੱਚ ਵਾਧਾ ਕਰਕੇ ਇਨ੍ਹਾਂ ਕਰਮਚਾਰੀਆਂ ਦੀਆਂ ਉਮੀਦਾਂ ’ਤੇ ਪਾਣੀ ਫੇਰਿਆ ਹੈ। ਡੀਟੀਐੱਫ ਆਗੂਆਂ ਨੇ ਕੱਚੇ ਮੁਲਾਜ਼ਮਾਂ ਨੂੰ ਪੂਰੇ ਲਾਭ ਸਮੇਤ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ ।