ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ
ਨਵੀਂ ਦਿੱਲੀ, 16 ਜੁਲਾਈ
ਸੁਪਰੀਮ ਕੋਰਟ ਕੌਲਿਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿੱਚ ਜਸਟਿਸ ਐਨ ਕੋਟੀਸ਼ਵਰ ਸਿੰਘ ਅਤੇ ਆਰ ਮਹਾਦੇਵਨ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਐਕਸ ’ਤੇ ਸਾਂਝੀ ਕੀਤੀ। ਉਨ੍ਹਾਂ ਪੋਸਟ ਵਿਚ ਦੱਸਿਆ ਕਿ ਰਾਸ਼ਟਰਪਤੀ ਵੱਲੋਂ ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਦੋ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਜੱਜਾਂ ਦੇ ਸਮੂਹ ਵੱਲੋਂ 11 ਜੁਲਾਈ ਨੂੰ ਜੰਮੂ ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਐਨ ਕੋਟੀਸ਼ਵਰ ਸਿੰਘ ਅਤੇ ਮਦਰਾਸ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਆਰ ਮਹਾਦੇਵਨ ਦੇ ਸਰਵਉਚ ਅਦਾਲਤ ਵਿਚ ਜਸਟਿਸ ਵਜੋਂ ਨਿਯੁਕਤੀ ਦੀ ਸਿਫਾਰਸ਼ ਕੀਤੀ ਸੀ। ਇਸ ਦੇ ਪੰਜ ਦਿਨ ਬਾਅਦ ਹੀ ਕੇਂਦਰ ਨੇ ਇਨ੍ਹਾਂ ਨਿਯੁਕਤੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।