Supreme Court On Freebies: ਮੁਫਤ ਸਹੂਲਤਾਂ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ: ਸੁਪਰੀਮ ਕੋਰਟ
ਨਵੀਂ ਦਿੱਲੀ, 12 ਫਰਵਰੀ
Supreme Court On Freebies: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਚੋਣਾਂ ਤੋਂ ਪਹਿਲਾਂ ਮੁਫਤ ਚੀਜ਼ਾਂ ਤੇ ਸਹੂਲਤਾਂ ਦਾ ਐਲਾਨ ਕਰਨ ਦੀ ਪ੍ਰਥਾ ਨੂੰ ਨਕਾਰਦਿਆਂ ਕਿਹਾ ਕਿ ਇਸ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ ਕਿਉਂਕਿ ਉਨ੍ਹਾਂ ਨੂੰ ਮੁਫਤ ਰਾਸ਼ਨ ਅਤੇ ਪੈਸਾ ਮਿਲ ਰਿਹਾ ਹੈ। ਇਹ ਟਿੱਪਣੀਆਂ ਜਸਟਿਸ ਬੀਆਰ ਗਵਈ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਤੋਂ ਆਈਆਂ ਹਨ, ਜੋ ਸ਼ਹਿਰੀ ਖੇਤਰਾਂ ਵਿੱਚ ਬੇਘਰ ਵਿਅਕਤੀਆਂ ਦੇ ਪਨਾਹ ਦੇ ਅਧਿਕਾਰ ਨਾਲ ਸਬੰਧਤ ਇੱਕ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ।
ਜਸਟਿਸ ਗਵਈ ਨੇ ਕਿਹਾ, "ਬਦਕਿਸਮਤੀ ਨਾਲ ਇਨ੍ਹਾਂ ਮੁਫਤ ਸਹੂਲਤਾਂ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਮੁਫਤ ਰਾਸ਼ਨ ਮਿਲ ਰਿਹਾ ਹੈ। ਉਨ੍ਹਾਂ ਨੂੰ ਬਿਨਾਂ ਕੋਈ ਕੰਮ ਕੀਤੇ ਰਕਮ ਮਿਲ ਰਹੀ ਹੈ।’’ ਬੈਂਚ ਨੇ ਕਿਹਾ, ''ਅਸੀਂ ਉਨ੍ਹਾਂ ਲਈ ਤੁਹਾਡੀ ਚਿੰਤਾ ਦੀ ਕਾਫੀ ਸ਼ਲਾਘਾ ਕਰਦੇ ਹਾਂ ਪਰ ਕੀ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਦਾ ਹਿੱਸਾ ਬਣਾਉਣਾ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ’ਚ ਯੋਗਦਾਨ ਪਾਉਣ ਦੀ ਇਜਾਜ਼ਤ ਦੇਣਾ ਬਿਹਤਰ ਨਹੀਂ ਹੋਵੇਗਾ।’’
ਅਟਾਰਨੀ ਜਨਰਲ ਆਰ ਵੈਂਕਟਾਰਮਨੀ ਨੇ ਬੈਂਚ ਨੂੰ ਦੱਸਿਆ ਕਿ ਕੇਂਦਰ ਸਰਕਾਰ ਸ਼ਹਿਰੀ ਗਰੀਬੀ ਹਟਾਓ ਮਿਸ਼ਨ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਹੈ, ਜੋ ਸ਼ਹਿਰੀ ਬੇਘਰਿਆਂ ਲਈ ਆਸਰੇ ਦੀ ਵਿਵਸਥਾ ਸਮੇਤ ਵੱਖ-ਵੱਖ ਮੁੱਦਿਆਂ ਨੂੰ ਹੱਲ ਕਰੇਗਾ। ਬੈਂਚ ਨੇ ਅਟਾਰਨੀ ਜਨਰਲ ਨੂੰ ਕੇਂਦਰ ਤੋਂ ਇਸ ਗੱਲ ਦੀ ਪੁਸ਼ਟੀ ਕਰਨ ਲਈ ਕਿਹਾ ਕਿ ਸ਼ਹਿਰੀ ਗਰੀਬੀ ਹਟਾਓ ਮਿਸ਼ਨ ਨੂੰ ਕਿੰਨੇ ਸਮੇਂ ਦੇ ਅੰਦਰ ਲਾਗੂ ਕੀਤਾ ਜਾਵੇਗਾ। ਸਿਖਰਲੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਛੇ ਹਫ਼ਤਿਆਂ ਬਾਅਦ ਲਈ ਰੱਖੀ ਹੈ। -ਪੀਟੀਆਈ