ਸੁਪਰੀਮ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ ਰੱਖਿਆ
ਨਵੀਂ ਦਿੱਲੀ, 6 ਅਗਸਤ
ਸੁਪਰੀਮ ਕੋਰਟ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸਾਂ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਵੱਲੋਂ ਜ਼ਮਾਨਤ ਲਈ ਦਾਖ਼ਲ ਅਰਜ਼ੀਆਂ ’ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਨੇ ਸਿਸੋਦੀਆ ਵੱਲੋਂ ਪੇਸ਼ ਸੀਨੀਅਰ ਐਡਵੋਕੇਟ ਅਭਿਸ਼ੇਕ ਸਿੰਘਵੀ, ਸੀਬੀਆਈ ਤੇ ਈਡੀ ਵੱਲੋਂ ਪੇਸ਼ ਐਡੀਸ਼ਨਲ ਸੌਲੀਸਿਟਰ ਜਨਰਲ ਐੱਸਵੀ ਰਾਜੂ ਵੱਲੋਂ ਦਿੱਤੀਆਂ ਦਲੀਲਾਂ ਸੁਣੀਆਂ। ਸਿਸੋਦੀਆ ਨੂੰ ਸੀਬੀਆਈ ਵੱਲੋਂ 26 ਫਰਵਰੀ 2023 ਨੂੰ ਦਿੱਲੀ ਦੀ ਆਬਕਾਰੀ ਨੀਤੀ ਬਣਾਉਣ ਤੇ ਲਾਗੂ ਕਰਨ ’ਚ ਹੋਈਆਂ ਕਥਿਤ ਬੇਨਿਯਮੀਆਂ ’ਚ ਸ਼ਮੂਲੀਅਤ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਸ੍ਰੀ ਸਿਸੋਦੀਆ ਨੇ ਇਸ ਆਧਾਰ ’ਤੇ ਜ਼ਮਾਨਤ ਮੰਗੀ ਕਿ ਉਨ੍ਹਾਂ ਨੰ ਹਿਰਾਸਤ ਵਿੱਚ 17 ਤੋਂ ਵੱਧ ਮਹੀਨੇ ਹੋ ਚੁੱਕੇ ਹਨ ਜਦਕਿ ਉਨ੍ਹਾਂ ਖ਼ਿਲਾਫ਼ ਅਜੇ ਤੱਕ ਮੁਕੱਦਮਾ ਸ਼ੁਰੂ ਨਹੀਂ ਹੋ ਸਕਿਆ। ਇਸ ਦੌਰਾਨ ਈਡੀ ਅਤੇ ਸੀਬੀਆਈ ਦੋਵਾਂ ਨੇ ਜ਼ਮਾਨਤ ਅਰਜ਼ੀਆਂ ਦਾ ਵਿਰੋਧ ਕੀਤਾ। ਈਡੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਕਥਿਤ ਘੁਟਾਲੇ ਵਿੱਚ ਸਿਸੋਦੀਆ ਦੀ ਡੂੰਘੀ ਸ਼ਮੂਲੀਅਤ ਸਾਬਤ ਕਰਨ ਸਬੰਧੀ ਕਾਗ਼ਜ਼ਾਤ ਮੌਜੂਦ ਹਨ। -ਪੀਟੀਆਈ