Supreme Court ਨੇ ਹੱਤਿਆ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਤੋਂ ਜਵਾਬ ਮੰਗਿਆ
ਨਵੀਂ ਦਿੱਲੀ, 3 ਜਨਵਰੀ
ਸੁਪਰੀਮ ਕੋਰਟ ਨੇ 2002 ’ਚ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ ਬਰੀ ਕਰਨ ਦੇ ਫ਼ੈਸਲੇ ਖ਼ਿਲਾਫ਼ ਸੀਬੀਆਈ ਦੀ ਅਪੀਲ ’ਤੇ ਵਿਚਾਰ ਕਰਨ ਉਪਰ ਸਹਿਮਤੀ ਜਤਾਈ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਡੇਰਾ ਮੁਖੀ ਸਮੇਤ ਬਰੀ ਕੀਤੇ ਪੰਜ ਵਿਅਕਤੀਆਂ ਨੂੰ ਅੱਜ ਨੋਟਿਸ ਜਾਰੀ ਕੀਤੇ ਹਨ। ਬੈਂਚ ਨੇ ਸੀਬੀਆਈ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਇਨ੍ਹਾਂ ਦਲੀਲਾਂ ’ਤੇ ਵਿਚਾਰ ਕੀਤਾ ਕਿ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੀ ਅਗਵਾਈ ਹੇਠਲੇ ਬੈਂਚ ਨੇ ਬਰੀ ਕੀਤੇ ਵਿਅਕਤੀਆਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਮ੍ਰਿਤਕ ਦੇ ਪਿਤਾ ਵੱਲੋਂ ਦਾਖ਼ਲ ਵੱਖਰੀ ਅਰਜ਼ੀ ’ਤੇ ਨੋਟਿਸ ਜਾਰੀ ਕੀਤਾ ਸੀ। ਬੈਂਚ ਨੇ ਨੋਟਿਸ ਜਾਰੀ ਕਰਦਿਆਂ ਮਾਮਲਾ ਜਸਟਿਸ ਤ੍ਰਿਵੇਦੀ ਦੀ ਅਗਵਾਈ ਹੇਠਲੇ ਬੈਂਚ ਅੱਗੇ ਸੂਚੀਬੱਧ ਕਰ ਦਿੱਤਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 28 ਮਈ, 2024 ਨੂੰ ਮਾਮਲੇ ਦੀ ਜਾਂਚ ਨੂੰ ਅਧੂਰਾ ਅਤੇ ਖਾਮੀ ਭਰਪੂਰ ਦੱਸਦਿਆਂ ਡੇਰਾ ਮੁਖੀ ਅਤੇ ਹੋਰਾਂ ਨੂੰ ਬਰੀ ਕਰ ਦਿੱਤਾ ਸੀ। -ਪੀਟੀਆਈ
ਡੇਰੇ ਦੇ ਸਾਬਕਾ ਮੈਨੇਜਰ ਦੀ 2002 ’ਚ ਹੋਈ ਸੀ ਹੱਤਿਆ
ਜ਼ਿਕਰਯੋਗ ਹੈ ਕਿ 10 ਜੁਲਾਈ, 2002 ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਖਾਨਪੁਰ ਕੌਲੀਆਂ ਪਿੰਡ ’ਚ ਚਾਰ ਅਣਪਛਾਤਿਆਂ ਨੇ ਰਣਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਹੱਤਿਆ ਦੀ ਸਾਜ਼ਿਸ਼ ਗੁਰਮੀਤ ਰਾਮ ਰਹੀਮ ਵੱਲੋਂ ਘੜੇ ਜਾਣ ਦਾ ਦੋਸ਼ ਹੈ ਕਿਉਂਕਿ ਉਸ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਗੁੰਮਨਾਮ ਪੱਤਰ ਜਨਤਕ ਕੀਤਾ, ਜਿਸ ’ਚ ਡੇਰਾ ਮੁਖੀ ’ਤੇ ਆਪਣੀ ਮਹਿਲਾ ਪੈਰੋਕਾਰ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਾਇਆ ਗਿਆ ਸੀ। ਪੀਟੀਆਈ