ਜਬਰ-ਜਨਾਹ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਡੀਐੱਸਪੀ ਦਫਤਰ ਦਾ ਘਿਰਾਓ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 3 ਜੂਨ
ਨਾਰੀ ਏਕਤਾ ਜਬਰ ਵਿਰੋਧੀ ਫਰੰਟ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਹਾਜ਼ਰ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਵੱਲੋਂ ਸਥਾਨਕ ਡੀਐੱਸਪੀ ਦਫਤਰ ਅੱਗੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਨਾਰੀ ਏਕਤਾ ਜਬਰ ਵਿਰੋਧੀ ਫਰੰਟ ਦੀ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਧਰਮਪਾਲ ਸਿੰਘ ਨਮੋਲ ਅਤੇ ਬਲਜੀਤ ਸਿੰਘ ਨਮੋਲ ਦੀ ਅਗਵਾਈ ਵਿੱਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਕੁਝ ਸਮਾਂ ਪਹਿਲਾਂ ਇਕ ਨਾਬਾਲਗ ਲੜਕੀ ਨਾਲ ਹੋਏ ਸਮੂਹਿਕ ਜਬਰ-ਜਨਾਹ ਦੇ ਵਿੱਚ ਲੋੜੀਂਦੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਪਰੋਕਤ ਆਗੂਆਂ ਨੇ ਦੱਸਿਆ ਕਿ ਪਿੰਡ ਜਗਤਪੁਰਾ ਦੀ ਨਾਬਾਲਗ ਲੜਕੀ ਨਾਲ ਉਸੇ ਦੇ ਗੁਆਂਢ ਵਿੱਚ ਰਹਿੰਦੇ ਜੀਵਨ ਸਿੰਘ ਨੇ ਆਪਣੇ ਕੁਝ ਹੋਰ ਸਾਥੀਆਂ ਨਾਲ ਮਿਲ ਕੇ ਕਥਿਤ ਤੌਰ ’ਤੇ ਸਮੂਹਿਕ ਰੂਪ ਵਿੱਚ ਜਬਰ-ਜਨਾਹ ਕੀਤਾ ਸੀ। ਆਗੂਆਂ ਨੇ ਦੱਸਿਆ ਕਿ ਪੁਲੀਸ ਵੱਲੋਂ ਜੀਵਨ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਜਗਤਪੁਰਾ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਗਿਆ ਪਰ ਇਸ ਮਾਮਲੇ ਦੇ ਬਾਕੀ ਲੋੜੀਦਿਆਂ ਖ਼ਿਲਾਫ਼ ਕੋਈ ਵੀ ਕਾਰਵਾਈ ਵਿੱਚ ਢਿੱਲ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਮਾਸਟਰਮਾਈਂਡ ਜਸਵੀਰ ਕੌਰ ਉਰਫ਼ ਲਾਡੀ ਪਤਨੀ ਗਗਨਦੀਪ, ਬੱਬੂ ਕੌਰ ਪਤਨੀ ਗੁਰਪ੍ਰੀਤ ਸਿੰਘ, ਵਿਨੋਦ ਪੁੱਤਰ ਸ਼ੇਰ ਸਿੰਘ ਵਾਸੀ ਕੋਹਰੀਆਂ, ਰਿੰਕੂ ਪੁੱਤਰ ਭੋਲਾ ਸਿੰਘ ਵਾਸੀ ਜਗਤਪੁਰਾ ਖ਼ਿਲਾਫ਼ ਪੁਲੀਸ ਕਾਰਵਾਈ ਨਹੀਂ ਕੀਤੀ ਜਾ ਰਹੀ। ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿਚ ਲੋੜੀਂਦੇ ਸਾਰੇ ਸਬੂਤ ਜ਼ਿਲ੍ਹਾ ਪੁਲੀਸ ਮੁਖੀ ਨੂੰ ਵੀ ਭੇਜੇ ਗਏ ਸਨ ਪਰੰਤੂ ਪੁਲੀਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਵੱਡਾ ਸੰਘਰਸ਼ ਛੇੜਿਆ ਜਾਵੇਗਾ।
ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਘੋਖ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਏ ਗਏ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।