ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ
ਪੱਤਰ ਪ੍ਰੇਰਕ
ਜਲੰਧਰ, 13 ਸਤੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਨੇ ਬੁੱਧਵਾਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਤਿੰਨ ਰੋਜ਼ਾ ਧਰਨੇ ਦੀ ਸਮਾਪਤੀ ਕੀਤੀ।
ਇਸ ਮੌਕੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲੀਨੰਗਲ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ, ਬੀਕੇਯੂ ਦੁਆਬਾ ਦੇ ਸਰਕਲ ਪ੍ਰਧਾਨ ਸੁਖਵੀਰ ਸਿੰਘ ਕੁਕੜਪਿੰਡ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਮਨੋਹਰ ਸਿੰਘ ਗਿੱਲ, ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਰਾਜਵਿੰਦਰ ਕੌਰ ਰਾਜੂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦੇ ਬਾਹਰ ਚੱਲ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਸੰਘਾ ਨੇ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਵਿਚ ਕਿਸਾਨ ਆਗੂ ਚੰਚਲ ਸਿੰਘ, ਦਵਿੰਦਰ ਸਿੰਘ ਕੱਕੋਂ, ਇਕਬਾਲ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਜੰਗਵੀਰ ਸਿੰਘ ਚੌਹਾਨ ਹਾਜ਼ਰ ਸਨ।
ਪਠਾਨਕੋਟ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਹੜ੍ਹ ਪੀੜਤਾਂ ਨਾਲ ਸਬੰਧਤ ਮੰਗਾਂ ਦੀ ਪੂਰਤੀ ਲਈ 11 ਤੋਂ 13 ਸਤੰਬਰ ਤੱਕ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਮੰਤਰੀਆਂ ਦੇ ਘਰਾਂ ਅੱਗੇ ਲਗਾਏ ਗਏ 3 ਰੋਜ਼ਾ ਧਰਨੇ ਅੱਜ ਸਮਾਪਤ ਕਰ ਦਿੱਤੇ ਗਏ। ਅੱਜ ਦੇ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸਤਬਿੀਰ ਸਿੰਘ ਸੁਲਤਾਨੀ, ਕ੍ਰਾਂਤੀਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਬਚਨ ਸਿੰਘ, ਮਾਝਾ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ, ਪੰਜਾਬ ਕਿਸਾਨ ਯੂਨੀਅਨ ਦੇ ਸੁਖਦੇਵ ਸਿੰਘ ਭਾਗੋਕਾਵਾਂ ਨੇ ਸੰਬੋਧਨ ਕੀਤਾ।