ਬਲਾਕ ਕੌਲੀ ਦੇ ਪੰਜ ਹਜ਼ਾਰ ਤੋਂ ਵੱਧ ਘਰਾਂ ’ਚ ਸਰਵੇਖਣ
ਖੇਤਰੀ ਪ੍ਰਤੀਨਿਧ
ਪਟਿਆਲਾ, 14 ਨਵੰਬਰ
ਬਲਾਕ ਕੌਲੀ ਦੇ ਐੱਸਐੱਮਓ ਡਾ. ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਡੇਂਗੂ ਵਿਰੁੱਧ ਦੋ ਰੋਜ਼ਾ ਮਹਾ ਮੁਹਿੰਮ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ 5 ਹਜ਼ਾਰ ਤੋਂ ਵੱਧ ਘਰਾਂ ਦਾ ਸਰਵੇਖਣ ਕੀਤਾ ਗਿਆ ਤੇ ਸੈਂਕੜੇ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ। ਮੁਹਿੰਮ ਵਿੱਚ ਅਸ਼ੋਕਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਵੀ ਸ਼ਮੂਲੀਅਤ ਕਰਕੇ ਸਿਹਤ ਕਰਮਚਾਰੀਆਂ ਨੂੰ ਸਹਿਯੋਗ ਦਿੱਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਗੁਰਪ੍ਰੀਤ ਸਿੰਘ ਨਾਗਰਾ ਨੇ ਵੀ ਕਈ ਘਰਾਂ ਦਾ ਦੌਰਾ ਕੀਤਾ ਅਤੇ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾਣ ਵਾਲੀਆਂ ਡੇਂਗੂ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਡੇਂਗੂ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਫੀਲਡ ਸਟਾਫ ਨੂੰ ਇਲਾਕੇ ਵਿੱਚ ਡੇਂਗੂ ਤੋਂ ਬਚਾਅ ਲਈ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਲ੍ਹੇ ਵਿੱਚ ਚੱਲ ਰਹੀ ਡੇਂਗੂ-ਵਿਰੋਧੀ ਮੁਹਿੰਮ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਤਹਿਤ ਜਾਰੀ ਇਸ ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ ’ਚ ਜਾ ਕੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਨੂੰ ਖੰਘਾਲਿਆ। ਉਨ੍ਹਾਂ ਮੌਕੇ ’ਤੇ ਮੌਜੂਦ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਸਮੇਤ ਸਾਰਾ ਸਟਾਫ਼ ਜਿੱਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉੱਥੇ ਲਾਰਵਾ ਮਿਲਣ ’ਤੇ ਚਿਤਾਵਨੀ ਨੋਟਿਸ ਜਾਰੀ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇਖਣ ਦੌਰਾਨ ਕੰਟੇਨਰ, ਗਮਲੇ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਮੁਹਿੰਮ ਦੌਰਾਨ ਲੋਕਾਂ ਨੂੰ ਲਗਾਤਾਰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਖਜੀਤ ਸਿੰਘ ਬੀਈਈ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜਸਵਿੰਦਰ ਸਿੰਘ ਸਿਹਤ ਸੁਪਰਵਾਈਜ਼ਰ ਵੀ ਹਾਜ਼ਰ ਸਨ।