ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਸਹੂਲਤਾਂ ਦਾ ਜਾਇਜ਼ਾ
ਪੱਤਰ ਪ੍ਰੇਰਕ
ਸ਼ਾਹਕੋਟ, 19 ਜੁਲਾਈ
ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸਹੂਲਤਾਂ ਲਈ ਕਈ ਪਿੰਡਾਂ ਦਾ ਦੌਰਾ ਕੀਤਾ। ਸਿਵਲ ਸਰਜਨ ਨੇ ਪਿੰਡ ਮੰਡਾਲਾ, ਮੁੰਡੀ ਚੋਹਲੀਆਂ ਅਤੇ ਗੱਟਾ ਮੁੰਡੀ ਕਾਸੂ ਵਿਚ ਤਾਇਨਾਤ ਮੈਡੀਕਲ ਟੀਮਾਂ ਅਤੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਹਰ ਸੰਭਵ ਸਿਹਤ ਸੇਵਾ ਯਕੀਨੀ ਬਣਾਏ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋੜੀਂਦੀ ਗਿਣਤੀ ਵਿਚ ਮੈਡੀਕਲ ਟੀਮਾਂ ਪਿੰਡਾਂ ਵਿੱਚ ਪਹੁੰਚ ਕੇ ਸਿਹਤ ਸੇਵਾਵਾਂ ਦੇ ਰਹੀਆਂ ਹਨ । ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀਣ ਵਾਲੇ ਪਾਣੀ ਦਾ ਖ਼ਾਸ ਧਿਆਨ ਰੱਖਿਆ ਜਾਵੇ ਤਾਂ ਜੋ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ 25 ਮੈਡੀਕਲ ਟੀਮਾਂ ਅਤੇ 16 ਰੈਪਿਡ ਰਿਸਪਾਂਸ ਟੀਮਾਂ ਵਲੋਂ ਡਾਕਟਰਾਂ ਦੀ ਅਗਵਾਈ ਵਿਚ ਮੁਫਤ ਚੈਕਅਪ ਕਰਨ ਦੇ ਨਾਲ-ਨਾਲ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਹਸਪਤਾਲਾਂ ਵਿਚ ਵੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।