For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ 8 ਜ਼ਿਲ੍ਹਿਆਂ ’ਚ ਸਤਲੁਜ ਤੇ ਬਿਆਸ ਨੇ ਤਬਾਹੀ ਮਚਾਈ

07:52 AM Aug 20, 2023 IST
ਪੰਜਾਬ ਦੇ 8 ਜ਼ਿਲ੍ਹਿਆਂ ’ਚ ਸਤਲੁਜ ਤੇ ਬਿਆਸ ਨੇ ਤਬਾਹੀ ਮਚਾਈ
ਸੁਲਤਾਨਪੁਰ ਲੋਧੀ ਦੇ ਬਾਓਪੁਰ ਖੇਤਰ ’ਚੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਂਦੇ ਹੋਏ ਸੈਨਾ ਦੇ ਜਵਾਨ। -ਫੋਟੋ: ਮਲਕੀਅਤ ਿਸੰਘ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 19 ਅਗਸਤ
ਭਾਖੜਾ ਤੇ ਪੌਂਗ ਡੈਮ ਵਿੱਚੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਤੇ ਬਿਆਸ ਦਰਿਆਵਾਂ ਨੇ ਪੰਜਾਬ ’ਚ ਤਬਾਹੀ ਮਚਾ ਦਿੱਤੀ ਹੈ ਅਤੇ ਸੂਬੇ ਦੇ 8 ਜ਼ਿਲ੍ਹਿਆਂ ਦੇ 100 ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ ’ਚ ਆ ਚੁੱਕੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਸੂਬੇ ਦੇ ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਰੋਪੜ, ਹੁਸ਼ਿਆਰਪੁਰ, ਨਵਾਂਸ਼ਹਿਰ ਤਰਨ ਤਾਰਨ, ਗੁਰਦਾਸਪੁਰ ਜ਼ਿਲ੍ਹਿਆਂ ਤੋਂ ਇਲਾਵਾ ਹੋਰ ਇਲਾਕੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਨ੍ਹਾਂ ਜ਼ਿਲ੍ਹਿਆਂ ’ਚ ਵੱਡੀ ਗਿਣਤੀ ’ਚ ਲੋਕ ਬੇਘਰ ਹੋ ਚੁੱਕੇ ਹਨ। ਹਰੀਕੇ ਹੈੱਡ ਵਰਕਸ ’ਤੇ ਸਤਲੁਜ ਤੇ ਬਿਆਸ ਦਰਿਆ ਦਾ ਪਾਣੀ ਇਕੱਠਾ ਹੋਣ ਕਰਕੇ ਫਿਰੋਜ਼ਪੁਰ ਤੇ ਫਾਜ਼ਿਲਕਾ ’ਚ ਦਹਿਸ਼ਤ ਦਾ ਮਾਹੌਲ ਹੈ। ਜਿੱਥੇ ਪ੍ਰਸ਼ਾਸਨ ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬਚਾਅ ਕਾਰਜ ਕੀਤੇ ਜਾ ਰਹੇ ਹਨ। ਸੂਬੇ ਵਿੱਚ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਐੱਨਡੀਆਰਐੱਫ ਦੀਆਂ ਟੀਮਾਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

ਸਤਲੁਜ ਦੀ ਮਾਰ ਹੇਠ ਆਇਆ ਤਰਨ ਤਾਰਨ ਦਾ ਪਿੰਡ ਕੁੱਤੀਵਾਲਾ। -ਫੋਟੋ: ਵਿਸ਼ਾਲ ਕੁਮਾਰ

ਅੱਜ ਦੁਪਹਿਰ ਸਮੇਂ ਹਰੀਕੇ ਪੱਤਣ ਨੇੜਲੇ ਪਿੰਡ ਬਸਤੀ ਲਾਲ ਸਿੰਘ ਨੇੜੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ। ਇਸ ਨਾਲ ਪੱਟੀ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਇਸੇ ਤਰ੍ਹਾਂ ਤਰਨ ਤਾਰਨ ਨੇੜੇ ਵੀ ਧੁੱਸੀ ਬੰਨ੍ਹ ’ਚ ਪਾੜ ਪੈ ਗਿਆ ਹੈ ਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਜਾ ਰਿਹਾ ਹੈ। ਇਸ ਨਾਲ ਹਜ਼ਾਰਾਂ ਏਕੜ ਫਸਲ ਦਾ ਵੀ ਨੁਕਸਾਨ ਹੋਇਆ ਹੈ। ਹਰੀਕੇ ਹੈੱਡ ਵਰਕਸ ’ਤੇ ਅੱਜ ਦੁਪਹਿਰ ਸਮੇਂ ਸਤਲੁਜ ਤੇ ਬਿਆਸ ਦਰਿਆ ਦਾ 2.25 ਲੱਖ ਕਿਊਸਿਕ ਪਾਣੀ ਚੱਲ ਰਿਹਾ ਹੈ। ਇਸ ਕਾਰਨ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਦਰਜਨਾਂ ਪਿੰਡ ਪਾਣੀ ਵਿੱਚ ਡੁੱਬੇ ਪਏ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਗਤਪੁਰ ਟਾਂਡਾ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਕਰਕੇ ਦਰਜਨਾਂ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਇਸੇ ਦੌਰਾਨ ਪਿੰਡ ਜਗਤਪੁਰ ਟਾਂਡਾ ਨੇੜੇ ਧੁੱਸੀ ਬੰਨ੍ਹ ’ਚ ਪਏ 250 ਫੁੱਟ ਦੇ ਪਾੜ ਨੂੰ ਭਰਨ ਦਾ ਕੰਮ ਜਾਰੀ ਹੈ। ਐੱਨਡੀਆਰਐੱਫ ਦੀਆਂ ਟੀਮਾਂ, ਸਥਾਨਕ ਪ੍ਰਸ਼ਾਸਨ ਤੇ ਲੋਕਾਂ ਦੇ ਸਹਿਯੋਗ ਨਾਲ ਪਾੜ ਨੂੰ ਭਰਨ ਦਾ ਕੰਮ ਚੱਲ ਰਿਹਾ ਹੈ। ਗੁਰਦਾਸਪੁਰ ਪ੍ਰਸ਼ਾਸਨ ਨੇ ਦਾਅਵਾ ਕੀਤਾ ਕਿ 160 ਫੁੱਟ ਦੇ ਕਰੀਬ ਪਾੜ ਭਰ ਲਿਆ ਗਿਆ ਹੈ।

Advertisement

ਭਾਖੜਾ ਤੇ ਪੌਂਗ ਡੈਮਾਂ ਤੋਂ ਲਗਾਤਾਰ ਛੱਡਿਆ ਜਾ ਰਿਹੈ ਪਾਣੀ

ਪੰਜਾਬ ’ਚ ਭਾਖੜਾ ਡੈਮ ’ਚ ਪਾਣੀ ਤੇਜ਼ੀ ਨਾਲ ਖਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਹੈ ਜਦਕਿ ਪੌਂਗ ਡੈਮ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਿਹਾ ਹੈ। ਇਸੇ ਕਰਕੇ ਦੋਵਾਂ ਡੈਮਾਂ ਵਿੱਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਰ ਕੇ ਭਾਖੜਾ ਤੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1674.42 ਫੁੱਟ ਦਰਜ ਕੀਤਾ ਹੈ ਜਦਕਿ ਖਤਰੇ ਦਾ ਨਿਸ਼ਾਨ 1680 ਫੁੱਟ ’ਤੇ ਹੈ। ਇਸ ਸਮੇਂ ਭਾਖੜਾ ਡੈਮ ਵਿੱਚ 39,445 ਕਿਊਸਿਕ ਪਾਣੀ ਵਗ ਰਿਹਾ ਹੈ ਅਤੇ 67448 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1392.39 ਫੁੱਟ ਦਰਜ ਕੀਤਾ ਗਿਆ ਹੈ, ਜਦਕਿ ਖਤਰੇ ਦਾ ਨਿਸ਼ਾਨ 1390 ਫੁੱਟ ’ਤੇ ਹੈ। ਇਸ ਸਮੇਂ ਪੌਂਗ ਡੈਮ ਵਿੱਚ ਪਾਣੀ 33,081 ਕਿਊਸਿਕ ਪਾਣੀ ਵਗ ਰਿਹਾ ਹੈ, ਜਦਕਿ 78,275 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 521.49 ਫੁੱਟ ਦਰਜ ਕੀਤਾ ਹੈ। ਇੱਥੇ 11,792 ਕਿਊਸਿਕ ਪਾਣੀ ਵਗ ਰਿਹਾ ਹੈ ਅਤੇ 19,854 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਹਿਮਾਚਲ ’ਚ ਮੌਤਾਂ ਦੀ ਗਿਣਤੀ ਵਧ ਕੇ 78 ਹੋਈ

ਸ਼ਿਮਲਾ: ਸ਼ਿਮਲਾ ਦੇ ਵੱਖ ਵੱਖ ਹਿੱਸਿਆਂ ’ਚ ਭਾਰੀ ਮੀਂਹ ਕਾਰਨ ਵਾਪਰੀਆਂ ਢਿੱਗਾਂ ਖਿਸਕਣ ਦੀਆਂ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਵੱਲ ਭੇਜਣਾ ਸ਼ੁਰੂ ਕਰ ਦਿੱਤਾ ਹੈ। ਅਧਿਕਾਰੀਆਂ ਅਨੁਸਾਰ ਪਿਛਲੇ ਤਿੰਨ ਦਿਨਾਂ ਦੌਰਾਨ 250 ਤੋਂ ਵੱਧ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ ਵੱਲ ਭੇਜਿਆ ਗਿਆ ਹੈ। ਇਨ੍ਹਾਂ ਇਲਾਕਿਆਂ ਕ੍ਰਿਸ਼ਨਾ ਨਗਰ, ਡਾਊਨਡੇਲ ਤੇ ਫਾਗਲੀ ਸ਼ਾਮਲ ਹਨ। ਦੂਜੇ ਪਾਸੇ ਸੂਬੇ ਵਿੱਚ ਮੀਂਹ ਕਾਰਨ ਵਾਪਰੀਆਂ ਘਟਨਾਵਾਂ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਅੱਜ 78 ਹੋ ਗਈ ਹੈ।
ਸਥਾਨਕ ਲੋਕਾਂ ਨੇ ਕਿਹਾ ਕਿ ਉਹ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ। ਸਮਰ ਹਿੱਲ ਇਲਾਕੇ ਦੀ ਵਸਨੀਕ ਰੇਖਾ ਦੇਵੀ ਨੇ ਕਿਹਾ ਕਿ ਇੱਥੇ ਰਹਿੰਦੇ ਘੱਟੋ-ਘੱਟ 5-6 ਪਰਿਵਾਰ ਪਹਿਲਾਂ ਹੀ ਆਪਣੇ ਘਰ ਛੱਡ ਕੇ ਜਾ ਚੁੱਕੇ ਹਨ ਤੇ ਹੁਣ ਉਹ ਵੀ ਆਪਣੀ ਇਮਾਰਤ ਖਾਲੀ ਕਰ ਰਹੇ ਹਨ। ਉਨ੍ਹਾਂ ਕਿਹਾ, ‘ਅਜਿਹਾ ਪਹਿਲੀ ਵਾਰ ਹੋ ਰਿਹਾ ਹੈ। ਉਸ ਨੇ ਆਪਣੀ ਜ਼ਿੰਦਗੀ ’ਚ ਅਜਿਹੇ ਹਾਲਾਤ ਕਦੇ ਨਹੀਂ ਦੇਖੇ।’ ਸ਼ਿਮਲਾ ਦੇ ਐੱਸਡੀਐੱਮ ਭਾਨੂ ਗੁਪਤਾ ਨੇ ਕਿਹਾ ਕਿ ਇੱਥੇ ਸਥਿਤ ਇੰਡੀਅਨ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਦੇ ਪਿਛਲੇ ਪਾਸੇ ਵੀ ਪਹਾੜ ਖਿਸਕਿਆ ਹੈ। ਉਨ੍ਹਾਂ ਜੰਗਲਾਤ ਵਿਭਾਗ ਨੂੰ ਮੌਕੇ ’ਤੇ ਜਾ ਰਹੇ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।
ਦੂਜੇ ਪਾਸੇ ਹਿਮਾਚਲ ਪ੍ਰਦੇਸ਼ ’ਚ ਇੱਕ ਹਫ਼ਤੇ ਦੌਰਾਨ ਮੀਂਹ ਕਾਰਨ ਵਾਪਰੀਆਂ ਘਟਨਾਵਾਂ ’ਚ ਮਰਨ ਵਾਲਿਆਂ ਦੀ ਗਿਣਤੀ ਅੱਜ ਵੱਧ ਕੇ 78 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਮਲਾ ਦੇ ਸਮਰ ਹਿੱਲ ਇਲਾਕੇ ’ਚ ਸ਼ਿਵ ਮੰਦਰ ਦੇ ਮਲਬੇ ਹੇਠੋਂ ਇੱਕ ਹੋਰ ਲਾਸ਼ ਬਰਾਮਦ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲੰਘੇ ਐਤਵਾਰ ਤੋਂ ਲੈ ਕੇ ਹੁਣ ਤੱਕ ਜੋ 78 ਮੌਤਾਂ ਹੋਈਆਂ ਹਨ ਉਨ੍ਹਾਂ ’ਚੋਂ 17 ਸਮਰ ਹਿੱਲ, 5 ਫਾਗਲੀ ਤੇ ਦੋ ਕ੍ਰਿਸ਼ਨ ਨਗਰ ’ਚ ਹੋਈਆਂ ਹਨ। ਉਨ੍ਹਾਂ ਕਿਹਾ ਕਿ ਫੌਜ, ਐੱਨਡੀਆਰਐਫ, ਐੱਸਡੀਆਰਐੱਫ, ਪੁਲੀਸ ਤੇ ਹੋਮ ਗਾਰਡ ਦੇ ਮੁਲਾਜ਼ਮ ਬਚਾਅ ਕਾਰਜਾਂ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ’ਤੇ ਡਰੋਨ ਦੀ ਮਦਦ ਨਾਲ ਨਜ਼ਰ ਰੱਖੀ ਜਾ ਰਹੀ ਹੈ।
ਸੂਬੇ ਦੇ ਐਮਰਜੈਂਸੀ ਵਿਭਾਗ ਨੇ ਦੱਸਿਆ ਕਿ 24 ਜੂਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਕਾਰਨ 221 ਦੇ ਕਰੀਬ ਮੌਤਾਂ ਹੋ ਚੁੰਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 11,600 ਮਕਾਨ ਨੁਕਸਾਨੇ ਗਏ ਹਨ। ਸੂਬੇ ਵਿਚਲੀਆਂ 415 ਸੜਕਾਂ ਅਜੇ ਵੀ ਬੰਦ ਪਈਆਂ ਹਨ। -ਪੀਟੀਆਈ/ਏਐੱਨਆਈ

ਹਿਮਾਚਲ ’ਚ 10 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ: ਸੁੱਖੂ

ਸ਼ਿਮਲਾ ਦੇ ਕ੍ਰਿਸ਼ਨਾ ਨਗਰ ਵਾਰਡ ’ਚ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ ਨੁਕਸਾਨੀਆਂ ਗਈਆਂ ਇਮਾਰਤਾਂ। -ਫੋਟੋ: ਪੀਟੀਅਈ

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਸੂਬੇ ਨੂੰ ਭਾਰੀ ਮੀਂਹਾਂ ਕਾਰਨ ਤਕਰੀਬਨ 10 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਇਸ ਨੁਕਸਾਨ ਤੋਂ ਉੱਭਰਨ ਵਿੱਚ ਘੱਟੋ ਘੱਟ ਇੱਕ ਸਾਲ ਦਾ ਸਮਾਂ ਲੱਗੇਗਾ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਿਮਾਚਲ ਸਰਕਾਰ ਨੂੰ ਦੇਸ਼ ਭਰ ਤੋਂ ਮਦਦ ਮਿਲ ਰਹੀ ਹੈ ਜਦਕਿ ਰਾਜਸਥਾਨ ਤੇ ਛੱਤੀਸਗੜ੍ਹ ਦੀਆਂ ਸਰਕਾਰਾਂ ਨੇ ਕ੍ਰਮਵਾਰ ਸੂਬੇ ਨੂੰ 15 ਕਰੋੜ ਤੇ 11 ਕਰੋੜ ਰੁਪਏ ਦੀ ਮਦਦ ਭੇਜੀ ਹੈ। ਉਨ੍ਹਾਂ ਕਿਹਾ, ‘ਕੇਂਦਰ ਸਰਕਾਰ ਨੇ ਸੂਬੇ ’ਚ ਆਪਣੀ ਟੀਮ ਭੇਜੀ ਸੀ। ਮੈਨੂੰ ਯਕੀਨ ਹੈ ਕਿ ਟੀਮ ਨੇ ਕੇਂਦਰ ਸਰਕਾਰ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੋਵੇਗੀ ਅਤੇ ਰਾਹਤ ਫੰਡ ਦੀ ਪਹਿਲੀ ਕਿਸ਼ਤ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।’ -ਪੀਟੀਆਈ

ਪਹਾੜੀ ਸੂਬੇ ’ਚ 23 ਤੱਕ ਮੀਂਹ ਦੀ ਚਿਤਾਵਨੀ

ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਲਈ ਪੀਲੀ ਚਿਤਾਵਨੀ ਜਾਰੀ ਕਰਦਿਆਂ ਸੂਬੇ ਵਿੱਚ 20 ਤੇ 21 ਅਗਸਤ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਅਤੇ 22 ਤੇ 23 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਨੇ ਸ਼ਿਮਲਾ, ਸਿਰਮੌਰ ਤੇ ਚੰਬਾ ਜ਼ਿਲ੍ਹਿਆਂ ’ਚ ਹੜ੍ਹ ਆਉਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਸੂਬੇ ਵਿੱਚ ਢਿੱਗਾਂ ਖਿਸਕਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ।

Advertisement
Author Image

sukhwinder singh

View all posts

Advertisement
×