ਸਫ਼ਾਈ ਕਾਮਿਆਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਪੱਤਰ ਪ੍ਰੇਰਕ
ਬਠਿੰਡਾ, 18 ਅਗਸਤ
ਬਠਿੰਡਾ ਦੇ ਨਗਰ ਨਿਗਮ ਦਫ਼ਤਰ ਅੱਗੇ ਅੱਜ ਨਿਗਮ ਦੀ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਲਗਾਉਂਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸਫ਼ਾਈ ਕਰਮਚਾਰੀ ਯੂਨੀਅਨ ਦੇ ਝੰਡੇ ਹੇਠ ਇਕੱਠੇ ਹੋਏ ਸਫ਼ਾਈ ਕਰਮੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਵੀਰ ਭਾਨ, ਚੇਅਰਮੈਨ ਹੋਲਾ ਰਾਮ ਨੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵੀਰ ਭਾਨ ਨੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਬੋਲਦਿਆਂ ਕਿਹਾ ਨਗਰ ਨਿਗਮ ਅੰਦਰ ਕੰਮ ਕਰਦੇ ਕੱਚੇ ਸਫ਼ਾਈ ਕਰਮੀਆਂ ਨੂੰ ਪੱਕਾ ਕੀਤਾ ਜਾਵੇ, ਪੇ ਸਕੇਲ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਮੋਬਾਈਲ ਭੱਤੇ ਵਿੱਚ ਕਟੌਤੀ ਰੱਦ ਕੀਤੀ ਜਾਵੇ, ਮ੍ਰਿਤਕ ਕਰਮੀਆਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤੇਵਾਨੀ ਦਿੰਦੇ ਹੋਏ ਕਿਹਾ ਕਿ ਜੇ ਸਰਕਾਰ ਨੇ ਸਫ਼ਾਈ ਕਰਮੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਮਾਨਸਾ (ਜੋਗਿੰਦਰ ਸਿੰਘ ਮਾਨ) ਸਫ਼ਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਅੱਜ ਨਗਰ ਕੌਸਲ ਦਫ਼ਤਰ ਮਾਨਸਾ ਵਿੱਚ ਇੱਕ ਦਿਨ ਦੀ ਹੜਤਾਲ ਕੀਤੀ ਗਈ। ਇਸ ਹੜਤਾਲ ਵਿੱਚ ਜ਼ਿਲ੍ਹੇ ਦੀਆਂ ਸਮੁੱਚੀਆਂ ਮਿਉਂਸਪਲ ਕਮੇਟੀਆਂ ਦੇ ਸਫ਼ਾਈ ਸੇਵਕਾਂ ਨੇ ਆਪਣਾ ਮੁਕੰਮਲ ਕੰਮ-ਕਾਜ ਬੰਦ ਰੱਖ ਕੇ ਭਾਗ ਲਿਆ।
ਭੁੱਚੋ ਮੰਡੀ (ਪੱਤਰ ਪ੍ਰੇਰਕ) ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੇ ਪ੍ਰਧਾਨ ਰਮੇਸ਼ ਸੰਜੂ ਦੀ ਅਗਵਾਈ ਹੇਠ ਪ੍ਰਦੇਸ਼ ਕਮੇਟੀ ਦੇ ਸੱਦੇ _ਤੇ ਇੱਕ ਰੋਜ਼ਾ ਹੜਤਾਲ ਕਰਕੇ ਦਫ਼ਤਰ ’ਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮੇਸ਼ ਪ੍ਰਭੂ ਤੇ ਰਮੇਸ਼ ਸੰਜੂ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀ ਕਰਨ ਦੀ ਬਜਾਏ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕਾ ਪ੍ਰਣਾਲੀ ਬੰਦ ਕਰਕੇ ਪੱਕੀ ਭਰਤੀ ਕੀਤੀ ਜਾਵੇ, ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ, ਬੇਸਿਕ ਪੇਅ ਵਧਾਈ ਜਾਵੇ।