ਸਫ਼ਾਈ ਮੁਲਾਜ਼ਮਾਂ ਵੱਲੋਂ ਹੜਤਾਲ
ਗੁਰਬਖਸ਼ਪੁਰੀ
ਤਰਨ ਤਾਰਨ, 18 ਅਗਸਤ
ਸਫਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਸਥਾਨਕ ਨਗਰ ਕੌਂਸਲ ਦੇ ਸਫਾਈ ਸੇਵਕਾਂ ਅਤੇ ਹੋਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿਨ ਭਰ ਹੜਤਾਲ ਕੀਤੀ ਅਤੇ ਨਗਰ ਕੌਂਸਲ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ| ਧਰਨਾਕਾਰੀਆਂ ਨੂੰ ਸਫਾਈ ਸੇਵਕਾਂ ਦੇ ਸੂਬਾ ਆਗੂ ਰਮੇਸ਼ ਕੁਮਾਰ ਸ਼ੇਰਗਿਲ ਤੋਂ ਇਲਾਵਾ ਜੀਤ ਸਿੰਘ, ਜੱਜਪਾਲ, ਤਰਨਪ੍ਰੀਤ ਸਿੰਘ, ਮਹਿੰਦਰ ਪਾਲ, ਸੰਤੋਖ ਕੁਮਾਰੀ ਨੇ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਦੇਣ ਯੋਗ ਕਿਸ਼ਤਾਂ ਬਿਨਾਂ ਦੇਰੀ ਦੇ ਜਾਰੀ ਕਰਨ ਦੀ ਮੰਗ ਕੀਤੀ।
ਕਾਦੀਆਂ (ਮਕਬੂਲ ਅਹਿਮਦ): ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਕਾਦੀਆਂ ’ਚ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵੱਲੋਂ ਹੜਤਾਲ ਕੀਤੀ ਗਈ। ਇਸ ਮੌਕੇ ਸਫ਼ਾਈ ਸੇਵਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇੱਕ ਮੰਗ ਪੱਤਰ ਜਾਰੀ ਕੀਤਾ । ਇਸ ਮੌਕੇ ਨੰਦ ਲਾਲ, ਰਾਮ ਲਾਲ ਅਮਰਜੀਤ, ਦੀਪਕ, ਰਹਿਮਤ, ਅਸ਼ੋਕ, ਰਮੇਸ਼, ਸ਼ਾਮ ਲਾਲ, ਸ਼ੀਲਾ, ਰੀਨਾ ਤੇ ਹੋਰਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।