ਟੱਲੇਵਾਲ: ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਭਾਕਿਯੂ ਉਗਰਾਹਾਂ ਵੱਲੋਂ ਸੂਬਾਈ ਮੀਟਿੰਗ
ਲਖਵੀਰ ਸਿੰਘ ਚੀਮਾ
ਟੱਲੇਵਾਲ , 27 ਅਗਸਤ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਖੇਤੀ ਨੀਤੀ ਮੋਰਚੇ ਦੇ ਪਹਿਲੇ ਪੜਾਅ 'ਤੇ ਪਹਿਲੀ 5 ਸਤੰਬਰ ਤੱਕ ਲਾਏ ਜਾ ਰਹੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਪਿੰਡ ਚੀਮਾ ਵਿਖੇ ਵਿਸ਼ਾਲ ਸੂਬਾਈ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਨੌਜਵਾਨਾਂ ਅਤੇ ਔਰਤਾਂ ਸਮੇਤ ਤਿੰਨ ਹਜ਼ਾਰ ਤੋਂ ਵੱਧ ਜ਼ਿਲ੍ਹਾ, ਬਲਾਕ ਪਿੰਡ ਪੱਧਰ ਦੇ ਜੱਥੇਬੰਦਕ ਆਗੂ ਕਿਸਾਨ ਸ਼ਾਮਲ ਹੋਏ। ਜੱਥੇਬੰਦੀ ਆਗੂ ਝੰਡਾ ਸਿੰਘ ਜੇਠੂਕੇ ਨੇ ਜ਼ੋਰ ਦਿੱਤਾ ਕਿ ਪਿੰਡ-ਪਿੰਡ ਬੱਸਾਂ ਦਾ ਪ੍ਰਬੰਧ ਕਰਕੇ ਚੰਡੀਗੜ੍ਹ ਵੱਲ ਵਹੀਰਾਂ ਘੱਤੀਆਂ ਜਾਣ। ਸਰਕਾਰ ਤੋਂ ਮੰਗ ਕੀਤੀ ਗਈ ਕਿ ਖੇਤੀ ਖੇਤਰ ਨੂੰ ਸੰਸਾਰ ਵਪਾਰ ਸੰਸਥਾ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜਿਆਂ ਤੋਂ ਮੁਕਤ ਕਰਨ ਵਾਲੀ ਨਵੀਂ ਖੇਤੀ ਨੀਤੀ ਦਾ ਐਲਾਨ ਵਾਅਦੇ ਅਨੁਸਾਰ ਤੁਰੰਤ ਕੀਤਾ ਜਾਵੇ। ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਕਿਸਾਨ ਜਮਾਤ ਦੇ ਸਭ ਤੋਂ ਵੱਧ ਪੀੜਤ ਹਿੱਸੇ ਖੇਤ ਮਜ਼ਦੂਰਾਂ ਦੀ ਜਥੇਬੰਦੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਖੇਤੀ ਨੀਤੀ ਮੋਰਚੇ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ।