ਹਰਿਆਣਾ ’ਚ ਗੱਠਜੋੜ ਲਈ ਕਾਂਗਰਸ ਤੇ ‘ਆਪ’ ਵਿਚਾਲੇ ਗੱਲਬਾਤ
ਨਵੀਂ ਦਿੱਲੀ, 3 ਸਤੰਬਰ
ਕਾਂਗਰਸ ਨੇ ਅੱਜ ਕਿਹਾ ਕਿ ਉਹ ਹਰਿਆਣਾ ਵਿਧਾਨ ਸਭਾ ਚੋਣਾ ਵਿੱਚ ਗੱਠਜੋੜ ਲਈ ਆਮ ਆਦਮੀ ਪਾਰਟੀ ਨਾਲ ਗੱਲਬਾਤ ਕਰ ਰਹੀ ਹੈ ਪਰ ਅਜੇ ਤੱਕ ਕੁਝ ਵੀ ਤੈਅ ਨਹੀਂ ਹੋਇਆ ਹੈ। ਅਜਿਹੀਆਂ ਕਈ ਖ਼ਬਰਾਂ ਆਈਆਂ ਹਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੋਮਵਾਰ ਨੂੰ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮੀਟਿੰਗ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ‘ਆਪ’ ਨਾਲ ਗੱਠਜੋੜ ਦੀ ਸੰਭਾਵਨਾ ਬਾਰੇ ਰੁਚੀ ਦਿਖਾਈ ਹੈ।
‘ਆਪ’ ਨਾਲ ਗੱਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਜਾਣ ’ਤੇ ਕਾਂਗਰਸ ਦੇ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਤੇ ਜਨਰਲ ਸਕੱਤਰ ਦੀਪਕ ਬਾਬਰੀਆ ਨੇ ਕਿਹਾ, ‘ਅਸੀਂ ‘ਆਪ’ ਨਾਲ ਗੱਲਬਾਤ ਕਰ ਰਹੇ ਹਾਂ ਪਰ ਅਜੇ ਤੱਕ ਕੋਈ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਜਿਵੇਂ ਹੀ ਕੁਝ ਤੈਅ ਹੋਵੇਗਾ, ਅਸੀਂ ਤੁਹਾਨੂੰ ਸੂਚਿਤ ਕਰਾਂਗੇ।’ ਇਕ ਹੋਰ ਸਵਾਲ ’ਤੇ ਬਾਬਰੀਆ ਨੇ ਕਿਹਾ, ‘ਅਸੀਂ ਭਾਜਪਾ ਨੂੰ ਹਰਾਉਣਾ ਹੈ ਅਤੇ ਵੋਟਾਂ ਨੂੰ ਵੰਡਣ ਨਹੀਂ ਦੇਣਾ ਹੈ।’ ਪਹਿਲਵਾਨ ਵਿਨੇਸ਼ ਫੋਗਾਟ ਨੂੰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਨ ਸਬੰਧੀ ਸਵਾਲ ’ਤੇ ਉਨ੍ਹਾਂ ਕਿਹਾ, ‘ਭਲਕ ਤੱਕ ਸਥਿਤੀ ਸਪੱਸ਼ਟ ਹੋ ਜਾਵੇਗੀ।’’ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਲਈ ਵੋਟਾਂ 5 ਅਕਤੂਬਰ ਨੂੰ ਪੈਣੀਆਂ ਹਨ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। -ਪੀਟੀਆਈ
ਹਰਿਆਣਾ ਵਿੱਚ ਕਾਂਗਰਸ-‘ਆਪ’ ਗੱਠਜੋੜ ਲਈ ਰਾਹੁਲ ਦੇ ਰੁਖ਼ ਦਾ ਸਵਾਗਤ: ਸੰਜੈ ਸਿੰਘ
ਨਵੀਂ ਦਿੱਲੀ:
ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਉਨ੍ਹਾਂ ਖ਼ਬਰਾਂ ਦਾ ਸਵਾਗਤ ਕੀਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਹਰਿਆਣਾ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨਾਲ ਗੱਠਜੋੜ ਦੀ ਸੰਭਾਵਨਾ ਵਿੱਚ ਰੁਚੀ ਦਿਖਾਈ ਹੈ। ਸੰਜੇ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਜਪਾ ਨੂੰ ਹਰਾਉਣਾ ਸਾਰੀਆਂ ਵਿਰੋਧੀ ਪਾਰਟੀਆਂ ਦੀ ਤਰਜੀਹ ਹੈ ਅਤੇ ਗੱਠਜੋੜ ਦੇ ਸਬੰਧ ਵਿੱਚ ਕੋਈ ਵੀ ਫੈਸਲਾ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਨਜ਼ੂਰੀ ਨਾਲ ਹੋਵੇਗਾ। -ਪੀਟੀਆਈ