ਤਰਸੇਮ ਸਿੰਘ ਤੇ ਸਾਥੀਆਂ ਨੇ ਸੁਖਬੀਰ ਖ਼ਿਲਾਫ਼ ਮਿਸਾਲੀ ਕਾਰਵਾਈ ਮੰਗੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਅਗਸਤ
ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ 30 ਅਗਸਤ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਅੱਜ ਇੱਥੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਇੱਕ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਾਮਲਾ ਵਿਚਾਰਦੇ ਸਮੇਂ ਜਥੇਬੰਦੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇ।
ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਗ੍ਰਹਿ ਮੰਤਰੀ ਹੁੰਦਿਆਂ ਕੀਤੀਆਂ ਕਥਿਤ ਗਲਤੀਆਂ ਲਈ ਉਸ ਨੂੰ ਜਥੇਬੰਦੀ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਭਵਿੱਖ ਵਿੱਚ ਕਿਸੇ ਵੀ ਧਾਰਮਿਕ ਤੇ ਰਾਜਸੀ ਅਹੁਦੇ ਤੋਂ ਜੀਵਨ ਕਾਲ ਲਈ ਪਾਬੰਦੀ ਲਾਈ ਜਾਵੇ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਹੋਇਆ ਫਖਰੇ ਕੌਮ ਐਵਾਰਡ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਮੰਗ ਕੀਤੀ ਹੈ ਕਿ ਸੁਖਬੀਰ ਬਾਦਲ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਰਾਹੀਂ ਗੁਰੂ ਦੀ ਗੋਲਕ ਵਿੱਚੋਂ ਵਰਤੇ ਗਏ ਲਗਪਗ 90 ਲੱਖ ਰੁਪਏ ਸਣੇ ਵਿਆਜ ਉਸ ਕੋਲੋਂ ਵਸੂਲੇ ਜਾਣ। ਪੱਤਰ ’ਤੇ ਤਰਸੇਮ ਸਿੰਘ ਸਣੇ ਪਰਮਜੀਤ ਸਿੰਘ ਜਲੰਧਰ, ਪ੍ਰਗਟ ਸਿੰਘ ਜੱਲੂਪੁਰ ਖੇੜਾ, ਜਸਵਿੰਦਰ ਸਿੰਘ ਮੁਕਤਸਰ ਸਾਹਿਬ, ਅਮਨਦੀਪ ਸਿੰਘ ਡੱਡੂਆਣਾ ਦੇ ਹਸਤਾਖਰ ਹਨ। ਪੱਤਰ ਦੇਣ ਸਮੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਹਾਜ਼ਰ ਨਾ ਹੋਣ ’ਤ ਉਨ੍ਹਾਂ ਇਹ ਪੱਤਰ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਸੌਂਪਿਆ।