Punjab News: ਅਧਿਆਪਕ ਦੇਸ਼ ਦਾ ਸਰਮਾਇਆ: ਭਗਵੰਤ ਮਾਨ
ਚਰਨਜੀਤ ਭੁੱਲਰ
ਚੰਡੀਗੜ੍ਹ, 13 ਦਸੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਦੇਸ਼ ਦਾ ਸਰਮਾਇਆ ਦੱਸਦਿਆਂ ਉਨ੍ਹਾਂ ਨੂੰ ਸਿੱਖਿਆ ਕ੍ਰਾਂਤੀ ’ਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨਿਵਾਸ ’ਤੇ ਅਧਿਆਪਕਾਂ ਨੇ ਆਪਣੇ ਆਲਮੀ ਪੱਧਰ ਦੀ ਸਿੱਖਿਆ ਦੇ ਤਜਰਬੇ ਸਾਂਝੇ ਕੀਤੇ। ਮੁੱਖ ਮੰਤਰੀ ਨੇ ਅਧਿਆਪਕਾ ਨੂੰ ਵਿਦਿਆਰਥੀਆਂ ਦੇ ਰੋਲ ਮਾਡਲ ਬਣਨ ਲਈ ਪ੍ਰੇਰਿਆ। ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਦੇ ਵਿਦਿਆਰਥੀ ਹੁਣ ਕਾਨਵੈਂਟ ਸਕੂਲਾਂ ਦੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਨਗੇ। ਉਨ੍ਹਾਂ ਅਧਿਆਪਕਾਂ ਨੂੰ ਆਪਣੇ ਕੌਮਾਂਤਰੀ ਤਜਰਬਿਆਂ ਨੂੰ ਸਿੱਖਿਆ ਖੇਤਰ ਵਿੱਚ ਵੱਧ ਤੋਂ ਵੱਧ ਪਸਾਰਨ ਲਈ ਵੀ ਕਿਹਾ। ਚੇਤੇ ਰਹੇ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ ਫਿਨਲੈਂਡ ਵਿੱਚ ਪੇਸ਼ੇਵਰ ਸਿਖਲਾਈ ਲੈਣ ਵਾਸਤੇ ਭੇਜੇ ਗਏ ਸਨ। ਇਸ ਤੋਂ ਪਹਿਲਾਂ ਅਧਿਆਪਕ ਸਿੰਗਾਪੁਰ ਭੇਜੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਿੱਖਿਆ ਦੇ ਭਵਿੱਖ ਨੂੰ ਨਵੀਆਂ ਤਕਨੀਕਾਂ ’ਚ ਢਾਲਣ ਅਤੇ ਆਧੁਨਿਕ ਤਰੀਕਿਆਂ ਦੀ ਖੋਜ ਕਰਨ ਦਾ ਮੌਕਾ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਇਹ ਪ੍ਰੋਗਰਾਮ ਸ਼ੁਰੂ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਸਿਖਲਾਈ ਅਧਿਆਪਕਾਂ ਨੂੰ ਅਤਿ-ਆਧੁਨਿਕ ਅਧਿਆਪਨ ਅਭਿਆਸ, ਲੀਡਰਸ਼ਿਪ ਹੁਨਰ ਅਤੇ ਹੋਰ ਆਧੁਨਿਕ ਜੁਗਤਾਂ ਨਾਲ ਲੈਸ ਕਰ ਕੇ ਉਨ੍ਹਾਂ ਦੀ ਸੋਚ ਨੂੰ ਹੋਰ ਵਿਸ਼ਾਲ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਲਈ ਆਪਣੇ ਗਿਆਨ ਨੂੰ ਦੂਜੇ ਅਧਿਆਪਕਾਂ ਨਾਲ ਸਾਂਝਾ ਕਰਨ ਲਈ ਮੰਚ ਤਿਆਰ ਕਰੇਗੀ ਤੇ ਸਕੂਲਾਂ ਵਿੱਚ ਨਿਰੰਤਰ ਸੁਧਾਰ ਦਾ ਸੱਭਿਆਚਾਰ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਮਰੱਥਾ ਤੇ ਕਾਬਲੀਅਤ ’ਤੇ ਭਰੋਸਾ ਰੱਖਣਾ ਚਾਹੀਦਾ ਹੈ ਕਿਉਂਕਿ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰ ਸਕਦੇ ਹਨ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਦਿਆਰਥੀਆਂ ਲਈ ਵਿਲੱਖਣ ਮੌਕੇ ਦਾ ਐਲਾਨ ਕਰਦਿਆਂ ਉਨ੍ਹਾਂ ਨੂੰ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਅਤੇ ਗੂਗਲ ਦੇ ਮੁੱਖ ਦਫ਼ਤਰ ਦਾ ਦੌਰਾ ਕਰਵਾਉਣ ਬਾਰੇ ਕਿਹਾ।