ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਸੜਕਾਂ ’ਤੇ ਆਏ ਅਧਿਆਪਕ
ਜਸਵੰਤ ਜੱਸ
ਫ਼ਰੀਦਕੋਟ, 5 ਸਤੰਬਰ
ਡੈਮੋਕਰੇਟਿਕ ਟੀਚਰਜ਼ ਫਰੰਟ ਫ਼ਰੀਦਕੋਟ ਨੇ ਇੱਥੇ ਡਿਪਟੀ ਕਮਿਸ਼ਨਰ ਦਫਤਰ ਦੇ ਅੱਗੇ ਫਰੰਟ ਦੇ ਆਗੂ ਸੁਖਵਿੰਦਰ ਸੁੱਖੀ, ਗਗਨ ਪਾਹਵਾ, ਹਰਜਸਦੀਪ ਸਿੰਘ, ਪ੍ਰਦੀਪ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕਰ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਅਧਿਆਪਕ ਆਗੂ ਲਵਕਰਨ ਸਿੰਘ ਨੇ ਕਿਹਾ ਕਿ ਅਧਿਆਪਕ ਦਿਵਸ ਮੌਕੇ ਜਿੱਥੇ ਪੰਜਾਬ ਸਰਕਾਰ ਸੂਬਾ ਪੱਧਰ ’ਤੇ ਪ੍ਰੋਗਰਾਮ ਕਰਕੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦਾ ਢੋਂਗ ਕਰ ਰਹੀ ਹੈ, ਉੱਥੇ ਅਧਿਆਪਕ ਜਥੇਬੰਦੀਆਂ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ਼ ਸੜਕਾਂ ’ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।
ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸੇਵਾਮੁਕਤ ਅਧਿਆਪਕਾਂ ਨੂੰ ਵਿਜੀਟਿੰਗ ਫੈਕਲਟੀ ਦੇ ਤੌਰ ’ਤੇ ਰੱਖਣ ਦੇ ਸਿੱਖਿਆ ਵਿਰੋਧੀ ਅਤੇ ਰੁਜ਼ਗਾਰ ਵਿਰੋਧੀ ਕਦਮ ਅਤੇ ‘ਐਸਮਾ’ ਕਾਨੂੰਨ ਦੇ ਵਿਰੋਧ ਵਿੱਚ ਅਤੇ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਅਧਿਆਪਕ ਮੰਗਾਂ ਨੂੰ ਲੈ ਕੇ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ‘ਅਧਿਆਪਕ ਦਿਵਸ’ ਖ਼ਿਲਾਫ਼ ਰੋਸ ਪ੍ਰਗਟਾਇਆ। ਰੈਲੀ ਨੂੰ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਸਮੇਤ ਜਸਵਿੰਦਰ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਵਿਕਾਸ ਗਰਗ, ਗੁਰਪ੍ਰੀਤ ਖੇਮੂਆਣਾ ਅਤੇ ਅਨਿਲ ਭੱਟ ਨੇ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਜਸਪ੍ਰੀਤ ਕੌਰ ਲੈਕਚਰਾਰ ਦੀ ਬਦਲੀ ਰੱਦ ਕਰਕੇ ਦੇਸ ਰਾਜ ਸਕੂਲ ਵਿੱਚ ਭੇਜਣ ਦੀ ਮੰਗ ਵੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਨੂੰ ਨਜ਼ਰ-ਅੰਦਾਜ਼ ਕਰਨਾ ਜਾਰੀ ਰੱਖਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਣਦੀਪ ਕੌਰ, ਬਲਜਿੰਦਰ ਕੌਰ, ਰਾਜਵਿੰਦਰ ਜਲਾਲ, ਭੁਪਿੰਦਰ ਮਾਈਸਰਖਾਨਾ, ਭੋਲਾ ਰਾਮ, ਬਲਕਰਨ ਕੋਟਸ਼ਮੀਰ ਤੇ ਅਸ਼ਵਨੀ ਕੁਮਾਰ ਨੇ ਸੰਬੋਧਨ ਕੀਤਾ।