ਅਧਿਆਪਕ ਦਿਵਸ: ਰਾਮੂੰਵਾਲਾ ਦਾ ਪ੍ਰਾਇਮਰੀ ਸਕੂਲ ’ਚ ਅਧਿਆਪਕਾਂ ਤੋਂ ਵਾਂਝਾ
ਮਹਿੰਦਰ ਸਿੰਘ ਰੱਤੀਆਂ
ਮੋਗਾ, 5 ਸਤੰਬਰ
ਸਿੱਖਿਆ ਕਿਸੇ ਵੀ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ। ਪੰਜਾਬ ਸਰਕਾਰ ‘ਬੇਟੀ ਪੜ੍ਹਾਓ, ਬੇਟੀ ਬਚਾਓ’ ਦਾ ਨਾਅਰਾ ਦੇ ਕੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਮੁਹਿੰਮ ਚਲਾ ਰਹੀ ਹੈ ਪਰ ਜ਼ਮੀਨੀ ਹਕੀਕਤ ਇਹ ਕਿ ਮੋਗਾ ਜ਼ਿਲ੍ਹੇ ਸਮੇਤ ਸੂਬੇ ਦੇ ਕਈ ਪ੍ਰਾਇਮਰੀ ਸਕੂਲ ‘ਅਧਿਆਪਕਾਂ’ ਤੋਂ ਸੱਖਣੇ ਹਨ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ ਦੇ ਪਿੰਡ ਰਾਮੂੰਵਾਲਾ ਨਵਾਂ ’ਚ 98 ਵਿਦਿਆਰਥੀਆਂ ਵਾਲੇ ਪ੍ਰਾਇਮਰੀ ਸਕੂਲ ’ਚ ਦੋ ਸਾਲ ਤੋਂ ਇੱਕ ਵੀ ਅਧਿਆਪਕ ਨਹੀਂ ਹੈ। ਇਥੇ ਦੋ ਸਾਲ ਤੋਂ ਪ੍ਰੀ ਪ੍ਰਾਇਮਰੀ ਟੀਚਰ ਜੋ 3 ਤੋਂ 5 ਸਾਲ ਦੇ ਬੱਚਿਆਂ ਦੀ ਪੜ੍ਹਾਈ ਲਈ ਹੁੰਦੇ ਹਨ, ਨਾਲ ਬੁੱਤਾ ਸਾਰਿਆ ਜਾ ਰਿਹਾ ਹੈ। ਇੱਕ ਪ੍ਰੀ ਪ੍ਰਾਇਮਰੀ ਟੀਚਰ ਜਣੇਪਾ ਛੁੱਟੀ ਉੱਤੇ ਜਾਣ ਕਾਰਨ ਸਕੂਲ ’ਚ ਪੜ੍ਹਦੇ ਗਰੀਬ ਘਰਾਂ ਦੇ 98 ਵਿਦਿਆਰਥੀਆਂ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਸਕੂਲ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਸਥਿੱਤ ਮੁੱਖ ਮੰਤਰੀ ਸਹਾਇਤਾ ਕੇਂਦਰ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਰਜ਼ੀ ਭੇਜ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦਾ ਭਵਿੱਖ ਤਬਾਹ ਹੋਣ ਤੋਂ ਬਚਾਉਣ ਲਈ ਸਕੂਲ ਵਿੱਚ ਅਧਿਆਪਕਾਂ ਦੀ ਤਾਇਨਾਤੀ ਕੀਤੀ ਜਾਵੇ। ਪਿੰਡ ਵਾਸੀ ਡਾ. ਸੁਖਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਕਈ ਵਾਰ ਹਲਕਾ ਵਿਧਾਇਕ ਤੱਕ ਪਹੁੰਚ ਕੀਤੀ ਹੈ ਪਰ ਮਸਲੇ ਦਾ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਗਰੀਬੀ ਰੇਖਾ ਤੋਂ ਹੇਠ ਰਹਿ ਰਹੇ ਪਰਿਵਾਰਾਂ ਦੇ ਜ਼ਿਆਦਾਤਰ ਬੱਚੇ ਸਕੂਲ ਵਿੱਚ ਪੜ੍ਹਨ ਲਈ ਆਉਂਦੇ ਹਨ ਪਰ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਬਿਨਾਂ ਅਧਿਆਪਕਾਂ ਦੇ ਧੁੰਦਲਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਸਿੱਖਿਆ ਵਿੱਚ ਇਨਕਲਾਬ ਲਿਆਉਣ ਦੇ ਦਾਅਵੇ ਕਰ ਰਹੀ ਹੈ ਜਦੋਂ ਕਿ ਜ਼ਮੀਨੀ ਹਕੀਕਤਾਂ ਕੁਝ ਹੋਰ ਹੀ ਹਨ। ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਨਿਸ਼ਾਨ ਸਿੰਘ ਸੰਧੂ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਇਸ ਬਾਬਤ ਜਲਦੀ ਹੀ ਢੁਕਵੇਂ ਪ੍ਰਬੰਧ ਕਰਨ ਦੀਂ ਕਾਰਵਾਈ ਕੀਤੀ ਜਾਵੇਗੀ। ਸਕੂਲ ਦੀ ਸੈਂਟਰ ਹੈੱਡ ਟੀਚਰ ਨਰਿੰਦਰ ਕੌਰ ਨੇ ਸਕੂਲ ਵਿਚ ਕੋਈ ਅਧਿਆਪਕ ਨਾ ਹੋਣ ਦੀ ਪੁਸ਼ਟੀ ਕਰਦੇ ਆਖਿਆ ਕਿ ਸਕੂਲ ’ਚ ਦੋ ਪ੍ਰੀ-ਪ੍ਰਾਇਮਰੀ ਟੀਚਰ ਸਨ ਜਿਨ੍ਹਾਂ ਵਿਚੋਂ ਇੱਕ ਜਣੇਪਾ ਛੁੱਟੀ ਉੱਤੇ ਹੈ। ਉਨ੍ਹਾਂ ਅਧੀਨ ਇਸ ਸਕੂਲ ਤੋਂ ਇਲਾਵਾ 5 ਹੋਰ ਸਕੂਲ ਹੋਣ ਕਾਰਨ ਉਹ ਰੋਜ਼ਾਨਾ ਹੀ ਸਾਰੇ ਸਕੂਲਾਂ ’ਚ ਜਾਂਦੇ ਹਨ।