ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਦਸੰਬਰ
ਅਧਿਆਪਕ ਸਾਂਝਾ ਮੋਰਚਾ ਅਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਅਧਿਆਪਕ ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਵਿਰੋਧ ਵਿੱਚ , ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਅਤੇ ਵਿਭਾਗ ਵਿੱਚ ਰੈਗੂਲਰ ਕਰਨ, ਕੌਮੀ ਸਿੱਖਿਆ ਨੀਤੀ ਰੱਦ ਕਰਵਾਉਣ, ਸੀਐਂਡਵੀ ਕਾਡਰ ਦੀਆਂ ਤਨਖਾਹਾਂ ਦੀ ਕਟੌਤੀ ਦਾ ਪੱਤਰ ਵਾਪਸ ਕਰਵਾਉਣ ਅਤੇ ਅਧਿਆਪਕਾਂ ਦੀਆਂ ਦੇਰ ਤੋਂ ਲਟਕਦੀਆਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਮੰਗ ਕਰ ਰਹੇ ਸਨ। ਇਸ ਮੌਕੇ ਅਧਿਆਪਕ ਆਗੂਆਂ ਕ੍ਰਿਸ਼ਨ ਸਿੰਘ ਦੁੱਗਾਂ, ਫਕੀਰ ਸਿੰਘ ਟਿੱਬਾ, ਅਵਤਾਰ ਸਿੰਘ ਢਢੋਗਲ, ਬਲਵੀਰ ਚੰਦ ਲੌਂਗੋਵਾਲ ਸੁਖਜਿੰਦਰ ਸਿੰਘ ਹਰੀਕਾ ਅਤੇ ਗੁਰਜੰਟ ਸਿੰਘ ਵਾਲੀਆ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਸਿੱਖਿਆ ਨੀਤੀ ਲਾਗੂ ਕਰਕੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੇ ਰਾਹ ’ਤੇ ਚੱਲ ਰਹੀ ਹੈ। ਸਰਕਾਰ ਵੱਲੋਂ ਜਾਣ-ਬੁਝ ਕੇ ਸਕੂਲਾਂ ਅੰਦਰ ਪਈਆਂ ਹਜ਼ਾਰਾਂ ਪੋਸਟਾਂ ਨਹੀਂ ਭਰੀਆਂ ਜਾ ਰਹੀਆਂ ਅਤੇ ਲਗਾਤਾਰ ਸਿੱਖਿਆ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਸਿੱਖਿਆ ਵਿਰੋਧੀ ਫੈਸਲੇ ਤੁਰੰਤ ਰੱਦ ਕਰਕੇ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਅਧਿਆਪਕ ਵਰਗ ਵਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ਜਿਸ ਸਰਕਾਰ ਜ਼ਿੰਮੇਵਾਰ ਹੋਵੇਗੀ। ਬੁਲਾਰਿਆਂ ਨੇ ਸਮੂਹ ਅਧਿਆਪਕ ਵਰਗ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਬੁਲਾਰਿਆਂ ਵਲੋਂ ਕੰਪਿਊਟਰ ਅਧਿਆਪਕਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ ਗਈ। ਇਸ ਮੌਕੇ ਸਤਵੰਤ ਸਿੰਘ ਆਲਮਪੁਰ, ਦਾਤਾ ਸਿੰਘ ਨਮੋਲ, ਰਜਵੰਤ ਕੌਰ ਕੰਪਿਊਟਰ ਅਧਿਆਪਕ, ਨਰਦੀਪ ਸ਼ਰਮਾ ਕੰਪਿਊਟਰ ਅਧਿਆਪਕ, ਗੁਰਸੇਵਕ ਸਿੰਘ ਕਲੇਰ ਤੇ ਗੁਰਜੀਤ ਸਿੰਘ ਆਦਿ ਹਾਜ਼ਰ ਸਨ।