ਏਡਿਡ ਸਕੂਲਾਂ ਦੇ ਅਧਿਆਪਕ ਮਨਾਉਣਗੇ ਕਾਲੀ ਦੀਵਾਲੀ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 22 ਅਕਤੂਬਰ
ਸਿੱਖਿਆ ਵਿਭਾਗ ਦੀ ਬੇਰੁਖ਼ੀ ਕਾਰਨ ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਵਿੱਚ ਤਾਇਨਾਤ ਪੀਟੀਆਈ ਅਤੇ ਡਰਾਇੰਗ ਅਧਿਆਪਕਾਂ ਨੂੰ ਅੱਠ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ। ਇਸ ਦੇ ਰੋਸ ਵਜੋਂ ਉਨ੍ਹਾਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਸਿੱਖਿਆ ਵਿਭਾਗ ਹੁਣ ਤੱਕ ਏਡਿਡ ਸਕੂਲਾਂ ਵਿੱਚ ਕੰਮ ਕਰਦੇ ਸੀ ਐਂਡ ਵੀ ਅਧਿਆਪਕਾਂ ਨੂੰ ਤਨਖ਼ਾਹ ਦੇਣ ਲਈ ਗਰਾਂਟ ਜਾਰੀ ਨਹੀਂ ਕਰ ਸਕਿਆ। ਇਸ ਸਬੰਧੀ ਜਥੇਬੰਦੀ ਕਈ ਵਾਰ ਡੀਪੀਆਈ ਅਤੇ ਹੋਰਨਾਂ ਅਧਿਕਾਰੀਆਂ ਨੂੰ ਮਿਲ ਚੁੱਕੀ ਹੈ ਪਰ ਮਸਲਾ ਹੱਲ ਨਹੀਂ ਹੋਇਆ। ਉਨ੍ਹਾਂ ਰੋਸ ਵਜੋਂ ਸੰਗਰੂਰ ਵਿੱਚ ਧਰਨਾ ਰੱਖਿਆ ਸੀ ਪਰ ਸਰਕਾਰ ਨੇ 5 ਨਵੰਬਰ ਨੂੰ ਮੀਟਿੰਗ ਸੱਦ ਲਈ ਹੈ। ਇਸ ਦੇ ਬਾਵਜੂਦ ਏਡਿਡ ਸਕੂਲਾਂ ਦੇ ਅਧਿਆਪਕਾਂ ਵੱਲੋਂ ਰੋਸ ਵਜੋਂ ਕਾਲੀ ਦੀਵਾਲੀ ਮਨਾਈ ਜਾਵੇਗੀ।