ਤਨਕੀਨੀ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੇ ਵਿੱਢਿਆ ਸੰਘਰਸ਼
ਮਨੋਜ ਸ਼ਰਮਾ
ਬਠਿੰਡਾ, 19 ਸਤੰਬਰ
ਪੰਜਾਬ ਦੀਆਂ ਤਕਨੀਕੀ ਯੂਨੀਵਰਸਿਟੀਆਂ ਦੇ ਅਧਿਆਪਕਾਂ (ਟੀਚਿੰਗ ਫੈਕਲਟੀ) ਨੇ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਪ੍ਰਤੀ ਟਾਲ-ਮਟੋਲ ਦੇ ਰਵੱਈਏ ਅਤੇ ਵਾਅਦਾਖਿਲਾਫ਼ੀ ਤੋਂ ਦੁਖੀ ਹੋ ਕੇ ਸੰਘਰਸ਼ ਵਿੱਢ ਦਿੱਤਾ ਹੈ। ਯੂਨੀਵਰਸਿਟੀ ਅਧਿਆਪਕਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਦੇ ਅਧਿਆਪਕਾਂ ਵੱਲੋਂ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਧਰਨਾ ਦਿੱਤਾ ਗਿਆ। ਧਰਨਾਕਾਰੀ ਅਧਿਆਪਕਾਂ ਨੇ ਕਿਹਾ ਕਿ ਸਾਰੇ ਵਿਭਾਗੀ ਅਮਲੇ ਨੂੰ 01/01/2016 ਤੋਂ ਦਿੱਤੇ ਗਏ ਤਨਖਾਹ ਸਕੇਲ ਤੋਂ ਤਕਨੀਕੀ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਜਾਣਬੁਝ ਕੇ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਤਨਖਾਹ ਸਕੇਲ ਦੇਣ ਦਾ ਐਲਾਨ ਕਰ ਚੁੱਕੇ ਹਨ ਪਰ ਹਾਲੇ ਤੱਕ ਬੂਰ ਨਹੀਂ ਪਿਆ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਵਾਜਬ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਉਚ ਸਿੱਖਿਆ ਪ੍ਰਾਪਤ ਇਹ ਅਧਿਆਪਕ ਨਿਗੂਣੀਆਂ ਤਨਖਾਹਾਂ ’ਤੇ ਕੰਮ ਰਹੇ ਹਨ। ਇਸ ਸ਼ੋਸ਼ਣ ਖ਼ਿਲਾਫ਼ ਅਧਿਆਪਕ ਅਮਲੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸਾਂਝੀ ਤਾਲਮੇਲ ਕਮੇਟੀ ਨੇ 30 ਸਤੰਬਰ ਤੋਂ ਬਾਅਦ ਕੋਈ ਵੀ ਵਾਧੂ ਕੰਮ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਇਹ ਧਰਨੇ ‘ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਮਲੋਟ, ‘ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਫਿਰੋਜ਼ਪੁਰ’, ‘ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਗੁਰਦਾਸਪੁਰ’, ‘ਆਈ ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਵਿਚ ਵੀ ਦਿੱਤੇ ਗਏ।