ਅਧਿਆਪਕਾਂ ਵੱਲੋਂ ਸਪੀਕਰ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ
ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 11 ਜਨਵਰੀ
ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੱਦੇ ’ਤੇ ਪੰਜਾਬ ਦੇ 12 ਜ਼ਿਲ੍ਹਿਆਂ ਤੋਂ ਆਏ ਅਧਿਆਪਕਾਂ ਨੇ ਵਿਧਾਨ ਸਭਾ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਨਜ਼ਦੀਕ ਧਰਨਾ ਦਿੱਤਾ। ਇਸੇ ਦੌਰਾਨ ਜਥੇਬੰਦੀਆਂ ਦੀ ਸਿੱਖਿਆ ਮੰਤਰੀ ਨਾਲ 14 ਜਨਵਰੀ ਨੂੰ ਮੀਟਿੰਗ ਦਾ ਲਿਖਤੀ ਭਰੋਸਾ ਮਿਲਣ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਗਿਆ।
ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ, ਮਾਲੇਰਕੋਟਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਤਰ ਹੋਏ ਅਧਿਆਪਕਾਂ ਨੇ ਖ਼ਰਾਬ ਮੌਸਮ ਦੇ ਬਾਵਜੂਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿੱਚ ਉਨ੍ਹਾਂ ਦੀ ਰਿਹਾਇਸ਼ ਕੋਲ ਪ੍ਰਦਰਸ਼ਨ ਕੀਤਾ। ਇਸ ਸਮੇਂ ਸੰਬੋਧਨ ਕਰਦਿਆਂ ਸੂਬਾਈ ਅਧਿਆਪਕ ਆਗੂਆਂ ਦਿਗਵਿਜੇ ਪਾਲ ਸ਼ਰਮਾ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਸੁਖਜਿੰਦਰ ਸਿੰਘ ਖਾਨਪੁਰ, ਸੁਖਵਿੰਦਰ ਸਿੰਘ ਸੁੱਖੀ, ਸੁਖਜਿੰਦਰ ਸਿੰਘ ਹਰੀਕਾ, ਜਿੰਦਰ ਪਾਇਲਟ, ਪ੍ਰਗਟ ਸਿੰਘ ਜੰਬਰ, ਹਰਜੰਟ ਸਿੰਘ ਬੌਡੇ ਅਤੇ ਰੇਸ਼ਮ ਸਿੰਘ ਨੇ ਸਰਕਾਰ ਦੀ ਤਰੱਕੀ ਨੀਤੀ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਤਰੱਕੀਆਂ ਉਪਰੰਤ ਉਨ੍ਹਾਂ ਦੇ ਪਿੱਤਰੀ ਜ਼ਿਲ੍ਹਿਆਂ ਤੋਂ ਬਾਹਰ ਦੂਰ-ਦੁਰਾਡੇ ਸਟੇਸ਼ਨ ਦੇ ਕੇ ਖੱਜਲ-ਖੁਆਰ ਕੀਤਾ ਗਿਆ।
ਅਧਿਆਪਕ ਆਗੂ ਵਰਿੰਦਰਜੀਤ ਸਿੰਘ ਬਜਾਜ, ਨਵੀਨ ਸੱਚਦੇਵਾ, ਨਿਰਮਲ ਸਿੰਘ ਬਰਾੜ, ਸਰਬਜੀਤ ਸਿੰਘ ਬਰਾੜ, ਗਗਨ ਪਾਹਵਾ, ਗਰਨੈਬ ਸਿੰਘ ਸੰਧੂ, ਅਸ਼ੋਕ ਕੌਸ਼ਲ, ਮਨਦੀਪ ਸਿੰਘ ਥਿੰਦ ਅਤੇ ਰਾਜੀਵ ਹਾਂਡਾ ਨੇ ਦੱਸਿਆ ਕਿ 19 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਪਿੰਡ ਗੰਭੀਰਪੁਰ ਵਿਖੇ ਵੀ ਸੂਬਾ ਪੱਧਰ ਦੀ ਰੋਸ ਰੈਲੀ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 18 ਜਨਵਰੀ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਣ ਵਾਲੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਦੇ ਫ਼ੈਸਲੇ ਲਏ ਜਾਣਗੇ।
ਕੰਪਿਊਟਰ ਅਧਿਆਪਕਾਂ ਵੱਲੋਂ ਅਰੋੜਾ ਦੀ ਕੋਠੀ ਅੱਗੇ ਮੁਜ਼ਾਹਰਾ
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਕੰਪਿਊਟਰ ਅਧਿਆਪਕਾਂ ਵੱਲੋਂ ਵੱਖ-ਵੱਖ ਸੰਗਠਨਾਂ ਦੇ ਸਹਿਯੋਗ ਨਾਲ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਥਾਨਕ ਰਿਹਾਇਸ਼ ਨੇੜੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ‘ਝਾੜੂ’ ਫੂਕ ਕੇ ਝੂਠੇ ਵਾਅਦਿਆਂ ਦੀ ਲੋਹੜੀ ਮਨਾਈ। ਇਸ ਸਮੇਂ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ ਅਤੇ ਪ੍ਰਦੀਪ ਕੁਮਾਰ ਮਲੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਮੀਟਿੰਗਾਂ ਵਿੱਚ ਸਹਿਮਤੀ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਛੇਵੇਂ ਪੇਅ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਣਦੇ ਲਾਭ ਦੇਣ ਉਪਰੰਤ ਸਿੱਖਿਆ ਵਿਭਾਗ ਵਿੱਚ ਬਿਨਾਂ ਸ਼ਰਤ ਮਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਫਿਰ ਵੀ ਅਣਗੌਲਿਆਂ ਕੀਤਾ ਗਿਆ ਤਾਂ ਕੰਪਿਊਟਰ ਅਧਿਆਪਕ ਜੇਲ੍ਹ ਭਰੋ ਅੰਦੋਲਨ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਲਖਵਿੰਦਰ ਸਿੰਘ, ਪ੍ਰਦੀਪ ਕੁਮਾਰ, ਰਾਮ ਸਰੂਪ ਢੈਪਈ ਅਤੇ ਕੇਹਰ ਸਿੰਘ ਜੋਸ਼ਨ ਆਦਿ ਮੌਜੂਦ ਸਨ।