ਨਿੱਜੀ ਪੱਤਰ ਪ੍ਰੇਰਕਸੰਗਰੂਰ, 12 ਮਾਰਚਐਸੋਸੀਏਟ ਫਰੰਟ ਪੰਜਾਬ ਇਕਾਈ ਸੰਗਰੂਰ ਵਲੋਂ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਆਪਣੀਆਂ ਮੰਗਾਂ ਮੰਨਵਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਨਾਂ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਰੈਗੂਲਰ ਕੀਤੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਅਧਿਆਪਕਾਂ ਵਾਂਗ ਤਨਖਾਹ ਸਕੇਲ ਅਤੇ ਹੋਰ ਜ਼ਰੂਰੀ ਸਹੂਲਤਾਂ ਦੇਣ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਐਸੋਸੀਏਟ ਅਧਿਆਪਕਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਦੂਜੇ ਪੜਾਅ ਦੇ ਸੰਘਰਸ਼ ਦੀ ਤਿਆਰੀ ਤੇ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮਗਰੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜਿਆ ਗਿਆ ਜੋ ਕਿ ਡਿਊਟੀ ਮੈਜਿਸਟ੍ਰੇਟ ਨੂੰ ਸੌਂਪਿਆ। ਇਸ ਮੌਕੇ ਸਟੇਟ ਕਮੇਟੀ ਮੈਂਬਰ ਜੁਝਾਰ ਸਿੰਘ ਸੰਗਰੂਰ ਨੇ ਦੱਸਿਆ ਕਿ ਕੱਚੇ ਅਧਿਆਪਕਾਂ ਨੂੰ ਨਾ ਹੀ ਰੈਗੂਲਰ ਅਧਿਆਪਕਾਂ ਵਾਂਗ ਕੋਈ ਪੇਅ ਸਕੇਲ ਦਿੱਤਾ ਗਿਆ ਅਤੇ ਨਾ ਹੀ ਕੋਈ ਸਹੂਲਤ ਦਿੱਤੀ ਗਈ ਜੋ ਇੱਕ ਰੈਗੂਲਰ ਮੁਲਾਜ਼ਮ ਨੂੰ ਦਿੱਤੇ ਜਾਂਦੇ ਹਨ। ਰੇਸ਼ਮ ਸਿੰਘ ਤੇ ਹਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਨੂੰ ਪੂਰਨ ਤੌਰ ’ਤੇ ਲਾਗੂ ਕਰੇ ਤੇ ਐਸੋਸੀਏਟ ਅਧਿਆਪਕਾਂ ਨੂੰ ਪੇਅ ਸਕੇਲ ਤਹਿਤ ਪੂਰੀ ਤਨਖਾਹ ਤੇ ਸਾਰੀਆਂ ਸਹੂਲਤਾਂ ਤੁਰੰਤ ਲਾਗੂ ਕਰੇ। ਇਸ ਮੌਕੇ ਜੀਟੀਯੂ ਤੋਂ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਬੱਗਾ ਸਿੰਘ, ਨਿਰਮਲ ਸਿੰਘ ਕਲੌਦੀ, ਹਰਦੀਪ ਸਿੰਘ ਤੇ ਰਣਜੀਤ ਸਿੰਘ ਭੱਟੀਵਾਲ ਆਦਿ ਹਾਜ਼ਰ ਸਨ।