ਪਰਾਲੀ ਸਾੜਨ ਦਾ ਰੁਝਾਨ ਰੋਕਣ ਲਈ ਛੁੱਟੀ ਵਾਲੇ ਦਿਨ ਵੀ ਟੀਮਾਂ ਮੁਸਤੈਦ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ 18 ਨਵੰਬਰ
ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਅਗਵਾਈ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਅਤੇ ਇਸ ਦੇ ਯੋਗ ਪ੍ਰਬੰਧਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਛੁੱਟੀ ਵਾਲੇ ਦਿਨ ਕਲੱਸਟਰ, ਨੋਡਲ ਅਫ਼ਸਰ ਅਤੇ ਹੋਰ ਸਬੰਧਤ ਅਧਿਕਾਰੀ ਉਪ ਮੰਡਲ ਮੈਜਿਸਟਰੇਟਾਂ ਸਮੇਤ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਮੁਸਤੈਦ ਹੋ ਕੇ ਪਰਾਲੀ ਦੇ ਯੋਗ ਪ੍ਰਬੰਧਨ ਅਤੇ ਬਿਨਾਂ ਅੱਗ ਲਗਾਏ ਕਣਕ ਜਾਂ ਅਗਲੀ ਹੋਰ ਫ਼ਸਲ ਲਈ ਖੇਤ ਨੂੰ ਤਿਆਰ ਕਰਨ ਲਈ ਲਗਾਤਾਰ ਜਾਗਰੂਕ ਕਰ ਰਹੇ ਹਨ। ਐਸ.ਡੀ.ਐਮ. ਮਾਲੇਰਕੋਟਲਾ ਤੇ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਨੇ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਪਿੰਡ ਵਾਸੀਆਂ ਅਤੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੇ ਯੋਗ ਪ੍ਰਬੰਧਨ ਲਈ ਬਲਾਕ ਵਿਕਾਸ ਅਫ਼ਸਰਾਂ ਨਾਲ ਤਾਲਮੇਲ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਧਰਤੀ ਦੀ ਸਿਹਤ ‘ਤੇ ਵੀ ਅਸਰ ਪੈਂਦਾ ਹੈ, ਜਿਸ ਕਾਰਨ ਕਈ ਪ੍ਰਕਾਰ ਦੇ ਮਿੱਤਰ ਕੀੜੇ ਅਤੇ ਖਣਿਜ ਪਦਾਰਥ ਨਸ਼ਟ ਹੋ ਜਾਂਦੇ ਹਨ। ਅਜਿਹਾ ਹੋਣ ਨਾਲ ਖੇਤੀ ਲਾਗਤ ਵੀ ਵਧਦੀ ਹੈ ਅਤੇ ਕਿਸਾਨ ਦੀ ਆਰਥਿਕਤਾ ’ਤੇ ਵੀ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਕਿਤੇ ਵੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉੱਥੇ ਤਾਇਨਾਤ ਸਬੰਧਤ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।