ਤੀਸਤਾ ਸੀਤਲਵਾਡ਼ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ
ਨਵੀਂ ਦਿੱਲੀ/ਅਹਿਮਦਾਬਾਦ, 1 ਜੁਲਾਈ
ਸੁਪਰੀਮ ਕੋਰਟ ਨੇ ਅੱਜ ਦੇਰ ਰਾਤ ਸਮਾਜਕ ਕਾਰਕੁਨ ਤੀਸਤਾ ਸੀਤਲਵਾਡ਼ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦਿੱਤੀ ਹੈ ਅਤੇ ਗੁਜਰਾਤ ਹਾਈ ਕੋਰਟ ਵੱਲੋਂ ਆਤਮ ਸਮਰਪਣ ਕਰਨ ਸਬੰਧੀ ਜਾਰੀ ਕੀਤੇ ਹੁਕਮਾਂ ’ਤੇ ਇੱਕ ਹਫ਼ਤੇ ਲਈ ਰੋਕ ਲਗਾ ਦਿੱਤੀ ਹੈ।
ਜਸਟਿਸ ਬੀਆਰ ਗਵਈ, ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਵਿਸ਼ੇਸ਼ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਹਾਈ ਕੋਰਟ ਦੇ ਹੁਕਮਾਂ ’ਤੇ ਹੈਰਾਨੀ ਜ਼ਾਹਿਰ ਕਰਦਿਆਂ ਕਿਹਾ ਕਿ ਆਮ ਅਪਰਾਧੀ ਵੀ ਕੁਝ ਅੰਤਰਿਮ ਰਾਹਤ ਦਾ ਹੱਕਦਾਰ ਹੁੰਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੀਤਲਵਾਡ਼ ਦੀ ਜ਼ਮਾਨਤ ਅਰਜ਼ੀ ਨੂੰ ਢੁੱਕਵੇਂ ਬੈਂਚ ਕੋਲ ਸੂਚੀਬੱਧ ਕਰਨ ਲਈ ਰਜਿਸਟਰੀ ਚੀਫ ਜਸਟਿਸ ਤੋਂ ਹੁਕਮ ਹਾਸਲ ਕਰੇਗੀ। ਇਸ ਤੋਂ ਪਹਿਲਾਂ ਅੱਜ ਦਿਨੇ ਗੁਜਰਾਤ ਹਾਈ ਕੋਰਟ ਨੇ ਸਮਾਜਕ ਕਾਰਕੁਨ ਤੀਸਤਾ ਸੀਤਲਵਾਡ਼ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਅੱਜ ਰੱਦ ਕਰਦਿਆਂ ਉਨ੍ਹਾਂ ਨੂੰ 2002 ਦੇ ਗੋਧਰਾ ਕਾਂਡ ਤੋਂ ਬਾਅਦ ਹੋਏ ਦੰਗਿਆਂ ਦੇ ਮਾਮਲਿਆਂ ’ਚ ਬੇਕਸੂਰ ਲੋਕਾਂ ਨੂੰ ਫਸਾਉਣ ਲਈ ਕਥਿਤ ਤੌਰ ’ਤੇ ਸਬੂਤ ਘਡ਼ਨ ਨਾਲ ਸਬੰਧਤ ਕੇਸ ’ਚ ਤੁਰੰਤ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ। ਜਸਟਿਸ ਨਿਰਜ਼ਰ ਦੇਸਾਈ ਦੀ ਅਦਾਲਤ ਨੇ ਆਪਣੇ ਹੁਕਮਾਂ ’ਚ ਕਿਹਾ ਕਿ ਕਿਉਂਕਿ ਸੀਤਲਵਾਡ਼ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ ’ਤੇ ਪਹਿਲਾਂ ਹੀ ਜੇਲ੍ਹ ’ਚੋਂ ਬਾਹਰ ਹੈ, ਇਸ ਲਈ ਉਸ ਨੂੰ ਤੁਰੰਤ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ। -ਪੀਟੀਆਈ