ਫ਼ਿਰੋਜ਼ਪੁਰ ’ਚ ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ ’ਤੇ ਦਸ ਕਿਲੋ ਹੈਰੋਇਨ ਬਰਾਮਦ
ਸੰਜੀਵ ਹਾਂਡਾ
ਫ਼ਿਰੋਜ਼ਪੁਰ, 22 ਮਈ
ਫ਼ਿਰੋਜ਼ਪੁਰ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ ’ਤੇ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਪਹਿਲਾਂ, ਪੁਲੀਸ ਨੇ ਇਨ੍ਹਾਂ ਤਸਕਰਾਂ ਕੋਲੋਂ 2.70 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ।
ਪਿੰਡ ਬੁੱਕਣ ਖਾਂ ਵਾਲਾ ਦੇ ਵਸਨੀਕ ਇਨ੍ਹਾਂ ਤਿੰਨ ਨਸ਼ਾ ਤਸਕਰਾਂ ਦੀ ਪਛਾਣ ਕਰਨ ਕੁਮਾਰ ਉਰਫ਼ ਘਨੀ (22), ਰੋਹਿਤ ਭੱਟੀ (24) ਅਤੇ ਅਕਾਸ਼ਦੀਪ (24) ਵਜੋਂ ਹੋਈ ਹੈ। ਇਹ ਨੌਜਵਾਨ ਟੈਕਸੀ ਚਲਾਉਣ ਦੀ ਆੜ ਵਿੱਚ ਨਸ਼ੇ ਦਾ ਕਾਰੋਬਾਰ ਕਰਦੇ ਸਨ। ਪੁਲੀਸ ਨੇ ਉਨ੍ਹਾਂ ਦੀ ਟੈਕਸੀ (ਪੀਬੀ-01-ਐਫ਼-1618) ਨੂੰ ਕਬਜ਼ੇ ਵਿੱਚ ਲੈ ਲਿਆ ਹੈ।
ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਨੇ ਲੰਘੇ ਕੱਲ੍ਹ ਇਨ੍ਹਾਂ ਮੁਲਜ਼ਮਾਂ ਦਾ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਕਰਨ ਨੇ ਖੁਲਾਸਾ ਕੀਤਾ ਕਿ ਉਸ ਨੇ ਸ਼ਹਿਰ ਦੀ ਰਿੱਖੀ ਕਲੋਨੀ ਵਿੱਚ ਇੱਕ ਮਕਾਨ ਕਿਰਾਏ ’ਤੇ ਲਿਆ ਹੋਇਆ ਹੈ ਅਤੇ ਉਸ ਵਿੱਚ 10 ਕਿਲੋ ਹੈਰੋਇਨ ਹੋਰ ਲੁਕਾ ਕੇ ਰੱਖੀ ਹੋਈ ਹੈ। ਇਸ ਜਾਣਕਾਰੀ ਦੇ ਅਧਾਰ ’ਤੇ ਪੁਲੀਸ ਨੇ ਜਦੋਂ ਉਸ ਮਕਾਨ ’ਤੇ ਛਾਪਾ ਮਾਰਿਆ ਤਾਂ ਉੱਥੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋ ਗਈ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾ ਕੇ ਅੱਗੇ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਅਜੇ ਹੋਰ ਪੁੱਛਗਿੱਛ ਕਰ ਰਹੀ ਹੈ ਅਤੇ ਇਸ ਦੌਰਾਨ ਕੁਝ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।