ਆਮ ਆਦਮੀ ਕਲੀਨਿਕਾਂ ਲਈ ਦਸ ਮੈਡੀਕਲ ਅਫ਼ਸਰ ਨਿਯੁਕਤ
ਪੱਤਰ ਪ੍ਰੇਰਕ
ਜਲੰਧਰ, 15 ਜੁਲਾਈ
ਸਿਵਲ ਸਰਜਨ ਡਾ. ਜਗਦੀਪ ਚਾਵਲਾ ਵੱਲੋਂ ਸੋਮਵਾਰ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ 10 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਿਹਤ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਆਮ ਆਦਮੀ ਕਲੀਨਿਕਾਂ ਲਈ ਚੁਣੇ ਗਏ ਮੈਡੀਕਲ ਅਫ਼ਸਰਾਂ ਨੂੰ ਮੈਰਿਟ ਦੇ ਆਧਾਰ ’ਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਸਹਾਇਕ ਸਿਹਤ ਅਫ਼ਸਰ ਡਾ. ਸਤਜੀਤ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ ਮੌਜੂਦ ਸਨ।
ਸਿਵਲ ਸਰਜਨ ਡਾ. ਜਗਦੀਪ ਚਾਵਲਾ ਵੱਲੋਂ ਆਮ ਆਦਮੀ ਕਲੀਨਿਕਾਂ ਲਈ ਨਿਯੁਕਤ ਹੋਏ ਮੈਡੀਕਲ ਅਫ਼ਸਰਾਂ ਨੂੰ ਉਨ੍ਹਾਂ ਦੀ ਨਿਯੁਕਤੀ ਹੋਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਕਲੀਨਿਕਾਂ ਲਈ ਚੁਣੇ ਗਏ ਇਨ੍ਹਾਂ ਮੈਡੀਕਲ ਅਫ਼ਸਰਾਂ ਨੂੰ ਮੰਗਲਵਾਰ ਨੂੰ ਲੋੜੀਂਦੀ ਟ੍ਰੇਨਿੰਗ ਦਿੱਤੀ ਜਾਵੇਗੀ।