ਦਸ ਪਿਸਤੌਲਾਂ ਤੇ ਦੋ ਕਿਲੋ ਹੈਰੋਇਨ ਬਰਾਮਦ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਮਾਰਚ
ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਿਲ ਹਨ। ਇਨ੍ਹਾਂ ਕੋਲੋਂ ਪੁਲੀਸ ਨੇ 10 ਪਿਸਤੌਲ ਅਤੇ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਇਨ੍ਹਾਂ ਦੇ ਤਿੰਨ ਸਾਥੀ ਫਰਾਰ ਹਨ। ਇਸ ਸਬੰਧੀ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਧਰਮਪ੍ਰੀਤ ਸਿੰਘ ਉਰਫ ਧੰਮੂ ਵਜੋਂ ਹੋਈ ਹੈ ਅਤੇ ਇਸ ਦੇ ਨਾਲ ਦੋ ਔਰਤਾਂ ਸ਼ਾਮਿਲ ਹਨ। ਪੁਲੀਸ ਨੇ ਇਨ੍ਹਾਂ ਦੇ ਕੋਲੋਂ 30 ਕੈਲੀਬਰ ਦੇ 10 ਪਿਸਤੌਲ ਅਤੇ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਘਰਿੰਡਾ ਦੀ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਭਰੋਪਾਲ ਦੇ ਕੁਝ ਵਿਅਕਤੀਆਂ ਵੱਲੋਂ ਗੈਰ ਕਾਨੂੰਨੀ ਹਥਿਆਰ ਅਤੇ ਹੈਰੋਇਨ ਦੀ ਤਸਕਰੀ ਕੀਤੀ ਜਾ ਰਹੀ ਹੈ ਜਿਸ ਤਹਿਤ ਪੁਲੀਸ ਵੱਲੋਂ ਪਿੰਡ ਭਰੋਪਾਲ ਦੇ ਦੋ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ। ਜਿੱਥੋਂ ਇੱਕ ਔਰਤ ਦੇ ਘਰੋਂ 10 ਪਿਸਤੌਲ ਅਤੇ1 ਕਿਲੋ ਹੈਰੋਇਨ ਅਤੇ ਦੂਜੀ ਔਰਤ ਦੇ ਘਰੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਨ੍ਹਾਂ ਦੇ ਤਿੰਨ ਸਾਥੀ ਮੌਕੇ ਤੋਂ ਭੱਜ ਗਏ ਹਨ ਜਿਨ੍ਹਾਂ ਦੀ ਸ਼ਨਾਖਤ ਪੁਲੀਸ ਨੇ ਕਰ ਲਈ ਹੈ। ਇਨ੍ਹਾਂ ਵਿੱਚ ਬੱਬੀ ਮਿਸਤਰੀ, ਅਰਸ਼ਦੀਪ ਸਿੰਘ ਉਰਫ ਬਾਬਾ ਅਤੇ ਮਨਪ੍ਰੀਤ ਸਿੰਘ ਉਰਫ ਕਾਲੂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ। ਪੁਲੀਸ ਵੱਲੋਂ ਸਮੁੱਚੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਗੈਰਕਾਨੂੰਨੀ ਹਥਿਆਰ ਅਤੇ ਨਸ਼ਿਆਂ ਦੀ ਤਸਕਰੀ ਦੇ ਸਰੋਤ ਕਿੱਥੋਂ ਤੱਕ ਜੁੜੇ ਹੋਏ ਹਨ। ਪੁਲੀਸ ਨੇ ਇਸ ਸਬੰਧ ਵਿੱਚ ਥਾਣਾ ਘਰਿੰਡਾ ਵਿਖੇ ਐਨਡੀਪੀਐਸ ਅਤੇ ਅਸਲਾ ਐਕਟ ਹੇਠ ਕੇਸ ਦਰਜ ਕੀਤਾ।