ਦਸਮ ਗੁਰੂ ਦਾ ਪ੍ਰਕਾਸ਼ ਪੁਰਬ ਮਨਾਇਆ
ਫਰਿੰਦਰ ਪਾਲ ਗੁਲਿਆਨੀ
ਨਰਾਇਣਗੜ੍ਹ, 28 ਦਸੰਬਰ
ਗੁਰਦੁਆਰਾ ਸ੍ਰੀ ਸਿੰਘ ਸਭਾ ਨਰਾਇਣਗੜ੍ਹ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ’ਤੇ ਪ੍ਰਭਾਤ ਫੇਰੀ ਕੱਢੀ ਗਈ। ਇਹ ਪ੍ਰਭਾਤ ਫੇਰੀ ਸਵੇਰੇ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਅਨਾਜ ਮੰਡੀ ਸਥਿਤ ਜਸਬੀਰ ਸਿੰਘ ਦੀ ਦੁਕਾਨ ’ਤੇ ਪਹੁੰਚੀ। ਗੁਰਦੁਆਰਾ ਸਿੰਘ ਸਭਾ ਦੇ ਰਾਗੀ ਮਲਕੀਤ ਸਿੰਘ ਅਤੇ ਰਣਜੀਤ ਸਿੰਘ ਨੇ ਕਥਾ-ਕੀਰਤਨ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਜੇ ਗੁਰੂ ਗੋਬਿੰਦ ਸਿੰਘ ਨੇ ਦੇਸ਼ ਦੀ ਰਾਖੀ ਲਈ ਕੁਰਬਾਨੀਆਂ ਨਾ ਕੀਤੀਆਂ ਹੁੰਦੀਆਂ ਤਾਂ ਅੱਜ ਕੀ ਸਥਿਤੀ ਹੋਣੀ ਸੀ, ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਹੀ ਅੱਜ ਅਸੀਂ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਨਾਮ ਜਪਣ ਨਾਲ ਦੁੱਖਾਂ-ਕਲੇਸ਼ਾਂ ਦਾ ਨਾਸ਼ ਹੋ ਜਾਂਦਾ ਹੈ ਜਦੋਂਕਿ ਨਾਮ ਜਪਣ ਨਾਲ ਸਾਰੇ ਕਾਰਜ ਸੰਪੂਰਨ ਹੁੰਦੇ ਹਨ ਅਤੇ ਹਰ ਸਾਹ ਨਾਲ ਨਾਮ ਜਪਣ ਨਾਲ ਲੋਕ ਤੇ ਪਰਲੋਕ ਵਿਚ ਪਰਮਾਤਮਾ ਸਹਾਈ ਹੁੰਦਾ ਹੈ।