ਅਤਿਵਾਦੀ ਫੰਡਿੰਗ ਮਾਮਲਾ: ਹਾਈ ਕੋਰਟ ਵੱਲੋਂ ਕਸ਼ਮੀਰੀ ਵੱਖਵਾਦੀ ਸ਼ਬੀਰ ਸ਼ਾਹ ਦੀ ਜ਼ਮਾਨਤ ਪਟੀਸ਼ਨ ਖਾਰਜ
ਨਵੀਂ ਦਿੱਲੀ, 12 ਜੂਨ
ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਕਸ਼ਮੀਰੀ ਵੱਖਵਾਦੀ ਆਗੂ ਸ਼ਬੀਰ ਅਹਿਮਦ ਸ਼ਾਹ ਵੱਲੋਂ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਨਵੀਨ ਚਾਵਲਾ ਅਤੇ ਸ਼ਲਿੰਦਰ ਕੌਰ ਦੇ ਬੈਂਚ ਨੇ ਸ਼ਾਹ ਦੀ ਅਪੀਲ ਨੂੰ ਰੱਦ ਕਰਦੇ ਹੋਏ ਫੈਸਲਾ ਸੁਣਾਇਆ, ਜਿਸ ਵਿੱਚ ਸ਼ਾਹ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਹੇਠਲੀ ਅਦਾਲਤ ਦੇ 7 ਜੁਲਾਈ 2023 ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ।
ਇਸ ਸਬੰਧੀ ਵਿਸਥਾਰਤ ਹੁਕਮ ਦੀ ਉਡੀਕ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਅਗਸਤ 2023 ਵਿੱਚ ਸ਼ਾਹ ਦੀ ਅਪੀਲ ’ਤੇ ਕੌਮੀ ਜਾਂਚ ਏਜੰਸੀ (ਐੱਨਆਈਏ) ਤੋਂ ਜਵਾਬ ਮੰਗਿਆ ਸੀ। ਸ਼ਾਹ ਦੇ ਵਕੀਲ ਨੇ ਅਪੀਲਕਰਤਾ ਵੱਲੋਂ ਇਸ ਆਧਾਰ ’ਤੇ ਜ਼ਮਾਨਤ ਦੀ ਮੰਗ ਕੀਤੀ ਹੈ ਕਿ "ਇਹ ਕੋਈ ਭੌਤਿਕ ਮਾਮਲਾ ਨਹੀਂ ਸੀ"। ਆਪਣੀ 2023 ਦੀ ਅਪੀਲ ਵਿੱਚ ਹੇਠਲੀ ਅਦਾਲਤ ਵੱਲੋਂ ਉਸਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰਨ ਦੇ ਹੁਕਮ ਤੋਂ ਬਾਅਦ ਅਪੀਲਕਰਤਾ ਨੇ ਕਿਹਾ ਕਿ ਉਹ ਚਾਰ ਸਾਲਾਂ ਤੋਂ ਹਿਰਾਸਤ ਵਿੱਚ ਹੈ ਅਤੇ ਮੁਕੱਦਮੇ ਨੂੰ ਪੂਰਾ ਹੋਣ ਵਿੱਚ ਲੰਮਾ ਸਮਾਂ ਲੱਗੇਗਾ। ਸ਼ਾਹ ਨੂੰ 4 ਜੂਨ 2019 ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। -ਪੀਟੀਆਈ