‘ਆਪ’ ਵੱਲੋਂ ਸ਼ੁਕਰਾਨਾ ਯਾਤਰਾ ਅੱਜ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿੱਲੀ ਵੱਡੀ ਜਿੱਤ ਅਤੇ ਸੂਬੇ ’ਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ’ਤੇ 26 ਨਵੰਬਰ ਨੂੰ ਪੰਜਾਬ ਭਰ ’ਚ ਸ਼ੁਕਰਾਨਾ ਯਾਤਰਾ ਕੀਤੀ ਜਾਵੇਗੀ। ਇਹ ਯਾਤਰਾ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਰ ਤੋਂ ਹੁੰਦੇ ਹੋਏ ਸ੍ਰੀ ਰਾਮ ਤੀਰਥ ਮੰਦਰ ਵਿਖੇ ਸਮਾਪਤ ਹੋਵੇਗੀ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਯਾਤਰਾ ਸਵੇਰੇ 9 ਵਜੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਵੇਗੀ ਤੇ ਸਰਹਿੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਫਿਲੌਰ, ਫਗਵਾੜਾ, ਜਲੰਧਰ ਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਦਰਬਾਰ ਸਾਹਿਬ ਪਹੁੰਚੇਗੀ। ਦੁਰਗਿਆਣਾ ਮੰਦਰ ’ਚ ਜਾਣ ਤੋਂ ਬਾਅਦ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਮਾਲਵਾ, ਮਾਝਾ ਤੇ ਦੋਆਬਾ ਦੇ ਲੋਕਾਂ ਨੇ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ। ਇਸੇ ਕਰਕੇ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਵੱਲੋਂ ਪਿਛਲੇ ਪੌਣੇ ਤਿੰਨ ਸਾਲਾਂ ਦੌਰਾਨ ਕੀਤੇ ਕੰਮਾਂ ਨੂੰ ਦੇਖਦਿਆਂ ਲੋਕਾਂ ਨੇ ਇਹ ਫਤਵਾ ਦਿੱਤਾ ਹੈ। ਇਸ ਦੇ ਨਾਲ ਹੀ ਸਿਆਸਤ ਵਿੱਚ ਹੰਕਾਰ ਕਰਨ ਵਾਲਿਆਂ ਨੂੰ ਸਬਕ ਸਿਖਾਇਆ ਹੈ। ਇਸ ਮੌਕੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਬਿਕਰਮਜੀਤ ਪਾਸੀ ਤੇ ਅਮਨਦੀਪ ਸਿੰਘ ਮੋਹੀ ਮੌਜੂਦ ਰਹੇ।