‘ਆਪ’ ਉਮੀਦਵਾਰ ਨੇ ਪ੍ਰਚਾਰ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ , 2 ਅਕਤੂਬਰ
ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਉਮੀਦਵਾਰ ਗੁਰਪਾਲ ਸਿੰਘ ਨੇ ਚੋਣ ਮੁਹਿੰਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਵਿਧਾਇਕ ਬਣਨ ’ਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨਰਾਇਣਗੜ੍ਹ ਵਾਰਡ ਨੰ. 4, ਡੇਹਾ ਬਸਤੀ, ਨਰਾਇਣਗੜ੍ਹ ਵਾਰਡ ਨੰ. 6 ਤੇ ਪਿੰਡ ਫਤਿਹਪੁਰ ਅੱਸੀ, ਨਬੀਪੁਰ, ਕਰਾਲ ਮਾਜਰੀ, ਤਸੜੋਲੀ, ਗੋਬਿੰਦਪੁਰ, ਫ਼ਤਹਿਗੜ੍ਹ ਅਤੇ ਹੋਰ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ ਅਤੇ ਉਹ ਨਰਾਇਣਗੜ੍ਹ ਦੇ ਲੋਕਾਂ ਦੇ ਹੱਕਾਂ ਲਈ ਲੜਨਗੇ। ਉਨ੍ਹਾਂ ਕਿਹਾ ਕਿ ਲੋਕਾਂ ਕੋਲ ਜਾਣਾ ਇਸ ਲਈ ਵੀ ਜ਼ਰੂਰੀ ਹੈ ਕਿ ਸਾਨੂੰ ਪਤਾ ਹੋਵੇ ਕਿ ਸਾਡੇ ਲੋਕਾਂ ਨੂੰ ਕਿਹੜੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਮਕਸਦ ਸਿਰਫ਼ ਚੋਣਾਂ ਜਿੱਤਣਾ ਨਹੀਂ ਹੈ, ਸਗੋਂ ਉਹ ਚਾਹੁੰਦੇ ਹਨ ਕਿ ਨਰਾਇਣਗੜ੍ਹ ਦਾ ਹਰ ਵਾਸੀ ਮਹਿਸੂਸ ਕਰੇ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾ ਰਹੀ ਹੈ। ਵੱਖ-ਵੱਖ ਪਿੰਡਾਂ ਵਿੱਚ ਗੱਲਬਾਤ ਦੌਰਾਨ ਉਨ੍ਹਾਂ ਸਥਾਨਕ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਉਨ੍ਹਾਂ ਦੇ ਮੁੱਦੇ ਵਿਧਾਨ ਸਭਾ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਨਰਾਇਣਗੜ੍ਹ ਨੂੰ ਜ਼ਿਲ੍ਹਾ ਬਣਾਉਣ ਲਈ ਵੀ ਸੰਘਰਸ਼ ਕੀਤਾ ਜਾਵੇਗਾ। ਗੁਰਪਾਲ ਸਿੰਘ ਨੇ ਪਿਛਲੀਆਂ ਸਰਕਾਰਾਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹਰਿਆਣਾ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਲੀਡਰਾਂ ਦੇ ਵਾਅਦਿਆਂ ਤੋਂ ਅੱਕ ਚੁੱਕੇ ਹਨ। ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੰਦੇ ਹੋਏ ਸਿਰਫ਼ ਆਪਣੇ ਹਿੱਤਾਂ ਲਈ ਹੀ ਕੰਮ ਕੀਤਾ ਹੈ। ਉਨ੍ਹਾਂ ਬੇਰੁਜ਼ਗਾਰੀ, ਮਹਿੰਗਾਈ ਵਰਗੇ ਮੁੱਦਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਾਰੀਆਂ ਸਮੱਸਿਆਵਾਂ ਹਰਿਆਣਾ ਦੀ ਨੌਜਵਾਨ ਪੀੜ੍ਹੀ ਲਈ ਖਤਰਾ ਬਣ ਗਈਆਂ ਹਨ।