ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਡੀ ਦੀਆਂ ਸਰਗਰਮੀਆਂ ਨੇ ਪੰਜਾਬ ਦੇ ਸਿਆਸਤਦਾਨ ਤੇ ਨੌਕਰਸ਼ਾਹ ਚੱਕਰਾਂ ’ਚ ਪਾਏ

07:46 AM Dec 01, 2023 IST

ਦਵਿੰਦਰ ਪਾਲ
ਚੰਡੀਗੜ੍ਹ, 30 ਨਵੰਬਰ
ਪੰਜਾਬ ਦੇ ਦੋ ਸਾਬਕਾ ਮੰਤਰੀਆਂ ਤੇ ਕਾਂਗਰਸੀ ਆਗੂਆਂ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜ਼ੀਆਂ ਦੇ ਘਰਾਂ ’ਤੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪਿਆਂ ਨੇ ਸੂਬੇ ਦੇ ਸਿਆਸੀ ਆਗੂਆਂ ਤੇ ਨੌਕਰਸ਼ਾਹਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਧਰਮਸੋਤ ਤੇ ਗਿਲਜ਼ੀਆਂ ਕਾਂਗਰਸ ਸਰਕਾਰ ਸਮੇਂ ਜੰਗਲਾਤ ਵਿਭਾਗ ਦੇ ਮੰਤਰੀ ਰਹੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਦੋਹਾਂ ਕਾਂਗਰਸੀ ਆਗੂਆਂ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਧੋਖਾਧੜੀ ਦਾ ਮਾਮਲਾ ਡੇਢ ਕੁ ਸਾਲ ਪਹਿਲਾਂ ਦਰਜ ਕੀਤਾ ਸੀ ਤੇ ਈਡੀ ਦੀ ਕਾਰਵਾਈ ਵਿਜੀਲੈਂਸ ਦੇ ਮਾਮਲੇ ਦੇ ਆਧਾਰ ’ਤੇ ਹੀ ਅਮਲ ਵਿੱਚ ਲਿਆਂਦੀ ਗਈ ਹੈ। ਸੂਤਰਾਂ ਮੁਤਾਬਕ ਸੂਬੇ ਦੇ ਦਰਜਨ ਦੇ ਕਰੀਬ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਖ਼ਿਲਾਫ਼ ਈਡੀ ਵੱਲੋਂ ਸਰਗਰਮੀ ਨਾਲ ਜਾਂਚ ਕੀਤੀ ਜਾ ਰਹੀ ਹੈ। ਈਡੀ ਨੇ ਪਿਛਲੇ ਦਿਨਾਂ ਦੌਰਾਨ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਸਾਬਕਾ ਮੰਤਰੀ ਦੇ ਕਰੀਬੀਆਂ ਦੇ ਘਰਾਂ ਅਤੇ ਟਿਕਾਣਿਆਂ ’ਤੇ ਵੀ ਛਾਪੇ ਮਾਰੇ ਸਨ। ਈਡੀ ਨੇ ਆਸ਼ੂ ਅਤੇ ਹੋਰਨਾਂ ਦੇ 5 ਕਰੋੜ ਦੇ ਅਸਾਸੇ ਲੱਭਣ ਦਾ ਦਾਅਵਾ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਨੁਸਾਰ ਈਡੀ ਵੱਲੋਂ ਵਿਜੀਲੈਂਸ ਤੋਂ ਹੁਣ ਤੱਕ ਦਰਜਨ ਤੋਂ ਵੱਧ ਸਿਆਸਦਾਨਾਂ ਅਤੇ ਨੌਕਰਸ਼ਾਹਾਂ ਦੇ ਮਾਮਲੇ ਵਿੱਚ ਜਾਣਕਾਰੀ ਮੰਗੀ ਗਈ ਹੈ। ਈਡੀ ਨੇ 6 ਸਾਬਕਾ ਵਜ਼ੀਰਾਂ ਅਤੇ 7 ਸਿਵਲ ਤੇ ਪੁਲੀਸ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਹੋਈ ਹੈ। ਈਡੀ ਵੱਲੋਂ ਇਨ੍ਹਾਂ ਸਿਆਸਤਦਾਨਾਂ ਤੇ ਅਫ਼ਸਰਾਂ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਦੀ ਘੋਖ ਕੀਤੀ ਜਾ ਰਹੀ ਹੈ। ਪ੍ਰਸ਼ਾਸਕੀ ਤੇ ਸਿਆਸੀ ਹਲਕਿਆਂ ਵਿੱਚ ਚਰਚਾ ਭਾਰੂ ਹੈ ਕਿ ਸੰਸਦੀ ਚੋਣਾਂ ਤੱਕ ਈਡੀ ਦੀਆਂ ਪੰਜਾਬ ’ਚ ਗਤੀਵਿਧੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਤੇ ਛਾਪੇ ਅਚਨਚੇਤ ਵਧ ਸਕਦੇ ਹਨ। ਚੇਤੇ ਰਹੇ ਕਿ ਸਾਲ 2022 ਵਿੱਚ ਹੋਈਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਕੋਲੋਂ ਭਾਰੀ ਮਾਤਰਾ ਵਿੱਚ ਪੈਸਾ ਬਰਾਮਦ ਹੋਣ ਨਾਲ ਸਿਆਸੀ ਸਥਿਤੀ ਬਿਲਕੁਲ ਹੀ ਬਦਲ ਗਈ ਸੀ। ਈਡੀ ਨੇ ਹਾਲ ਹੀ ਵਿੱਚ ਇੱਕ ਨਾਇਬ ਤਹਿਸੀਲਦਾਰ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਕੀਤੀ ਤਾਂ ਇੱਕ ਚਰਚਿਤ ਠੇਕੇਦਾਰ ਖ਼ਿਲਾਫ਼ ਪਹਿਲਾਂ ਹੀ ਪੂਰੀ ਸਰਗਰਮੀ ਨਾਲ ਜਾਂਚ ਆਰੰਭ ਕੀਤੀ ਹੋਈ ਹੈ। ਵਿਜੀਲੈਂਸ ਵੱਲੋਂ ਕਾਂਗਰਸ ਦੇ ਸਾਬਕਾ ਵਿਧਾਇਕਾਂ ਵਿਰੁੱਧ ਜਾਂਚ ਦਾ ਅਮਲ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਜੈਇੰਦਰ ਸਿੰਗਲਾ, ਬ੍ਰਹਮ ਮਹਿੰਦਰਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕਾਂ ਕੁਲਦੀਪ ਸਿੰਘ ਵੈਦ, ਦਲਬੀਰ ਸਿੰਘ ਗੋਲਡੀ, ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਬਰਿੰਦਰਮੀਤ ਸਿੰਘ ਪਾਹੜਾ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਵਿਜੀਲੈਂਸ ਜਾਂਚ ਚੱਲ ਰਹੀ ਹੈ। ਈਡੀ ਵੱਲੋਂ ਸੱਤਾਧਾਰੀ ਪਾਰਟੀ ‘ਆਪ’ ਦੇ ਦੋ ਵਿਧਾਇਕਾਂ ਕੁਲਵੰਤ ਸਿੰਘ ਅਤੇ ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਵੀ ਛਾਪੇ ਮਾਰੇ ਗਏ ਸਨ।

Advertisement

Advertisement