ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਸੌਂਪਿਆ
ਸੀ. ਮਾਰਕੰਡਾ
ਤਪਾ ਮੰਡੀ, 29 ਜੂਨ
ਪਿੰਡ ਢਿੱਲਵਾਂ ਦੇ ਖੁਦਕੁਸ਼ੀ ਕਰ ਗਏ ਨੌਜਵਾਨ ਆਕਾਸ਼ਦੀਪ ਸਿੰਘ ਦੇ ਮਾਪਿਆਂ ਨੂੰ ਮੁਆਵਜ਼ਾ ਦਿਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਬੂਰ ਪਿਆ ਜਦੋਂ ਅੱਜ ਪ੍ਰਸ਼ਾਸਨ ਵੱਲੋਂ ਇਨਸਾਫ ਦਿਵਾਊ ਕਮੇਟੀ ਦੀ ਹਾਜ਼ਰੀ ਵਿੱਚ ਪੀੜਤ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਇਸ ਦੌਰਾਨ ਪੁਲੀਸ ਕੇਸ ਵਾਪਸ ਲੈਣ ਦਾ ਭਰੋਸਾ ਵੀ ਦਿੱਤਾ ਗਿਆ। ਇਨਸਾਫ ਦਿਵਾਊ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ 13 ਜਨਵਰੀ ਨੂੰ ਆਰਥਿਕ ਤੰਗੀ ਕਾਰਨ ਢਿੱਲਵਾਂ ਦੇ ਮਜ਼ਦੂਰ ਪਰਿਵਾਰ ਦਾ ਪੜ੍ਹਿਆ ਲਿਖਿਆ ਇਕਲੌਤਾ ਪੁੱਤਰ ਆਕਾਸ਼ਦੀਪ ਸਿੰਘ ਖੁਦਕੁਸ਼ੀ ਕਰ ਗਿਆ ਸੀ।
ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ 18 ਜਨਵਰੀ ਨੂੰ ਜਥੇਬੰਦੀਆਂ ਨੇ ਇਨਸਾਫ਼ ਕਮੇਟੀ ਬਣਾਈ। ਮਗਰੋਂ ਕਾਫੀ ਖੱਜਲ-ਖ਼ੁਆਰੀ ਮਗਰੋਂ 2 ਜੂਨ ਤੋਂ ਸਥਾਨਕ ਤਹਿਸੀਲ ਅੱਗੇ ਪੱਕਾ ਧਰਨਾ ਲਾਇਆ ਗਿਆ।
ਇਸ ਦੌਰਾਨ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਕਮੇਟੀ ਮੈਂਬਰਾਂ ਉੱਤੇ ਕੇਸ ਦਰਜ ਕੀਤੇ ਗਏ ਸਨ। ਕਮੇਟੀ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ, ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ੇ ਮੁਆਫ ਕੀਤੇ ਜਾਣ। ਅੱਜ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਹਮੀਸ਼ ਕੁਮਾਰ ਨੇ 2 ਲੱਖ ਰੁਪਏ ਦਾ ਚੈੱਕ ਅਤੇ ਦਰਜ ਮਾਮਲੇ ਰੱਦ ਕਰਨ ਬਾਰੇ ਪ੍ਰਕਿਰਿਆ ਸ਼ੁਰੂ ਕਰਨ ਦਾ ਭਰੋਸਾ ਦਿੱਤਾ।ਇਸ ਦੌਰਾਨ ਕਮੇਟੀ ਨੇ ਫੌਰੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੇ। ਜਿਸ ਉੱਤੇ ਮੁੜ ਹੋਈ ਮੀਟਿੰਗ ਵਿੱਚ ਸਹਿਮਤੀ ਬਣੀ।
ਇਸ ਮੌਕੇ ਮ੍ਰਿਤਕ ਦੇ ਪਿਤਾ ਜਸਵੀਰ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੂੰ ਕਮੇਟੀ ਦੀ ਹਾਜ਼ਰੀ ਵਿੱਚ ਚੈੱਕ ਭੇਟ ਕੀਤਾ ਗਿਆ। ਮਗਰੋਂ 30 ਜੂਨ ਨੂੰ ਡੀਸੀ ਦਫ਼ਤਰ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਮੁਲਤਵੀ ਕਰਕੇ ਪੱਕਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਗਿਆ।