ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 6 ਅਕਤੂਬਰ
ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਜੋਗਪਾਲ ਨੇ ਦੱਸਿਆ ਕਿ ਕੁਰੂਕਸ਼ੇਤਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਵੋਟਾਂ ਦੀ ਗਿਣਤੀ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਜੋਗਪਾਲ ਨੇ ਦੱਸਿਆ ਕਿ ਲਾਡਵਾ ਅਤੇ ਸ਼ਾਹਬਾਦ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਕਮਿਊਨਿਟੀ ਹਾਲ ਵਿੱਚ ਕੀਤੀ ਜਾਵੇਗੀ ਅਤੇ ਪਿਹੋਵਾ ਅਤੇ ਥਾਨੇਸਰ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਸ਼ੂਟਿੰਗ ਹਾਲ ਵਿੱਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਵੋਟਾਂ ਪੈਣ ਤੋਂ ਬਾਅਦ ਸਾਰੀਆਂ ਈਵੀਐਮ ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਬੰਧਤ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਸਟਰਾਂਗ ਰੂਮ ਦੇ ਬਾਹਰ ਤਿੰਨ ਪੱਧਰੀ ਸਖ਼ਤ ਸੁਰੱਖਿਆ ਹੋਵੇਗੀ ਜਿਸ ਤਹਿਤ ਪਹਿਲੀ ਪਰਤ ਵਿੱਚ ਜ਼ਿਲ੍ਹਾ ਪੁਲੀਸ, ਦੂਜੀ ਪਰਤ ਵਿੱਚ ਐਚਏਪੀ ਅਤੇ ਤੀਜੀ ਪਰਤ ਵਿੱਚ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੁਲੀਸ ਦੀਆਂ ਹੋਰ ਕੰਪਨੀਆਂ ਵੀ ਨਾਕੇ ਲਗਾ ਕੇ ਸਮੁੱਚੇ ਸਿਸਟਮ ’ਤੇ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਗਿਣਤੀ ਕੇਂਦਰਾਂ ਵਿੱਚ ਸਿਰਫ਼ ਅਧਿਕਾਰਤ ਵਿਅਕਤੀਆਂ ਨੂੰ ਹੀ ਦਾਖ਼ਲ ਹੋਣ ਦਿੱਤਾ ਜਾਵੇਗਾ। ਵੋਟਾਂ ਦੀ ਗਿਣਤੀ ਵਾਲੇ ਦਿਨ ਕੁਰੂਕਸ਼ੇਤਰ ਯੂਨੀਵਰਸਿਟੀ ਦਾ ਤੀਜਾ ਗੇਟ ਬੰਦ ਰਹੇਗਾ ਅਤੇ ਦੂਜੇ ਗੇਟ ਤੋਂ ਹੀ ਦਾਖਲਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਗਿਣਤੀ ਅਮਲੇ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਗਿਣਤੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਵਾਲਿਆਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਨਾਨ-ਟੀਚਿੰਗ ਕਲੱਬ ਵਿੱਚ ਇੱਕ ਅਸਥਾਈ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗਿਣਤੀ ਦੇ ਕੰਮ ਨੂੰ ਬਿਹਤਰ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਗਿਣਤੀ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।