ਪ੍ਰਸ਼ਾਸਨ ਵੱਲੋਂ ਘੱਗਰ ਦੇ ਕਨਿਾਰੇ ਮਜ਼ਬੂਤ ਕਰਨ ਲਈ ਕੰਮ ਸ਼ੁਰੂ
ਪੱਤਰ ਪ੍ਰੇਰਕ
ਪਾਤੜਾਂ, 10 ਜੁਲਾਈ
ਘੱਗਰ ਦਰਿਆ ਵਿੱਚ ਲਗਾਤਾਰ ਵਧਦੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਲੋਕਾਂ ਦੇ ਸਹਿਯੋਗ ਨਾਲ ਘੱਗਰ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕਰਨ ਵਿੱਚ ਜੁਟਿਆ ਹੋਇਆ ਹੈ। ਪ੍ਰਸ਼ਾਸਨ ਮੁਤਾਬਕ ਸਥਿਤੀ ਕਾਬੂ ਵਿੱਚ ਹੈ ਪਰ ਲੋਕਾਂ ਦਾ ਕਹਿਣਾ ਹੈ ਕਿ ਘੱਗਰ ਵਿੱਚ ਵਧ ਰਿਹਾ ਪਾਣੀ ਕਿਸੇ ਵੀ ਸਮੇਂ ਮੁਸੀਬਤ ਬਣ ਸਕਦਾ ਹੈ। ਇਸੇ ਦੌਰਾਨ ਘੱਗਰ ’ਤੇ ਚਾਰ ਥਾਵਾਂ ਉੱਤੇ ਅੱਧੀ ਦਰਜਨ ਦੇ ਕਰੀਬ ਜੇਸੀਬੀ ਮਸ਼ੀਨਾਂ ਚੱਲ ਰਹੀਆਂ ਹਨ।
ਅੱਜ ਸਵੇਰੇ ਘੱਗਰ ਦਰਿਆ ਵਿੱਚ ਵਧਦੇ ਪਾਣੀ ਦੇ ਪੱਧਰ ਕਾਰਨ ਪਿੰਡ ਅਰਨੇਟੂ ਨੇੜੇ ਘੱਗਰ ਦੇ ਕਨਿਾਰੇ ਪਈਆਂ ਦੋ ਖਾਰਾਂ ਨੂੰ ਦੇਖ ਕੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਦੇ ਹੱਲ ਲਈ ਜਦੋਂ ਲੋਕਾਂ ਦੀ ਕੋਈ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇਸ ਦਾ ਖ਼ੁਲਾਸਾ ਕੀਤਾ। ਇਸ ਮਗਰੋਂ ਹਰਕਤ ਵਿਚ ਆਏ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਇਕ ਜੇਸੀਬੀ ਕਸ਼ਮੀਰ ਸਿੰਘ ਦੇ ਖੇਤਾਂ ਕੋਲ ਭੇਜੀ।
ਬਾਦਸ਼ਾਹਪੁਰ ਦੀ ਸਰਪੰਚ ਅਮਨਦੀਪ ਕੌਰ ਨੇ ਦੱਸਿਆ ਕਿ ਘੱਗਰ ਕਨਿਾਰੇ ਪਈ ਇੱਕ ਖੋਲ ਨੂੰ ਪਿੰਡ ਵਾਸੀਆਂ ਤੇ ਮਨਰੇਗਾ ਮਜ਼ਦੂਰਾਂ ਦੇ ਸਹਿਯੋਗ ਨਾਲ ਮਿੱਟੀ ਦੇ ਥੈਲੇ ਭਰ ਕੇ ਬੰਦ ਕੀਤਾ ਗਿਆ ਹੈ। ਅੱਜ ਪ੍ਰਸ਼ਾਸਨ ਨੇ ਜੇਸੀਬੀ ਮਸ਼ੀਨ ਭੇਜੀ ਹੈ। ਇਸੇ ਤਰ੍ਹਾਂ ਜੰਮੂ ਕਟੜਾ ਐਕਸਪ੍ਰੈਸ ਵੇਅ ਦੀ ਉਸਾਰੀ ਵਿੱਚ ਲੱਗੀ ਕੰਪਨੀ ਦੇ ਅਧਿਕਾਰੀਆਂ ਨੇ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਘੱਗਰ ਦੇ ਬੰਨੇ ਮਜ਼ਬੂਤ ਕਰਨ ਲਈ ਅੱਧੀ ਦਰਜਨ ਮਸ਼ੀਨਾਂ ਲਗਾ ਦਿੱਤੀਆਂ ਹਨ।
ਐੱਸਡੀਐੱਮ ਨਵਦੀਪ ਕੁਮਾਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਪੂਰੀਆਂ ਤਿਆਰੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ। ਕਿਤੇ ਵੀ ਸਥਿਤੀ ਗੰਭੀਰ ਹੋਣ ਦੀ ਸੂਰਤ ਵਿੱਚ ਤੁਰੰਤ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਜਾਵੇ।