For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਲਾਈਆਂ ਰੋਕਾਂ

09:49 AM Feb 12, 2024 IST
ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਲਾਈਆਂ ਰੋਕਾਂ
ਅੰਬਾਲਾ-ਕੈਥਲ ਸੜਕ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨ। -ਫੋਟੋ: ਏਐਨਆਈ
Advertisement

ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 13 ਫਰਵਰੀ
ਦਿੱਲੀ ਚੱਲੋ ਪ੍ਰੋਗਰਾਮ ਦੇ ਮੱਦੇਨਜ਼ਰ ਇੱਥੇ ਹਰਿਆਣਾ ਤੇ ਪੰਜਾਬ ਦੀ ਹੱਦ ਸੀਲ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇੱਥੇ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਦੇ ਨਾਲ ਨਾਲ ਚੀਕਾ-ਪਟਿਆਲਾ ਸੜਕ ’ਤੇ ਵੱਡੇ-ਵੱਡੇ ਟੋਏ ਪੁੱਟ ਦਿੱਤੇ ਹਨ ਤਾਂ ਜੋ ਕਿਸਾਨ ਅੱਗੇ ਨਾ ਵੱਧ ਸਕਣ। ਖੇਤਰ ਵਿੱਚ ਇੰਟਰਨੈੱਟ ਸੇਵਾ ਵੀ ਬੰਦ ਪਈ ਹੈ। ਇਸ ਤੋਂ ਇਲਾਵਾ ਇੱਥੇ ਵੱਡੀ ਗਿਣਤੀ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਤਾਇਨਾਤ ਹਨ। ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ਦੇ ਪੁਲੀਸ ਅਤੇ ਪ੍ਰਬੰਧਕੀ ਅਧਿਕਾਰੀ ਇੱਥੋਂ ਦਾ ਲਗਾਤਾਰ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਅੱਜ ਇੱਥੇ ਆਈਜੀ ਕਰਨਾਲ ਸਤੇਂਦਰ ਗੁਪਤਾ ਨੇ ਲਗਾਤਾਰ ਤੀਜੇ ਦਿਨ ਦੌਰਾ ਕਰਦੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੂਜੇ ਪਾਸੇ ਇਸ ਸਬੰਧ ਵਿੱਚ ਭਾਕਿਊ ਬਲਾਕ ਪ੍ਰਧਾਨ ਬਲਕਾਰ ਬੱਲੂ ਨੇ ਦੱਸਿਆ ਕਿ ਗੂਹਲਾ ਚੀਕਾ ਖੇਤਰ ਵਿੱਚ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਨਾਲ ਜੁੜੇ ਕਿਸਾਨ ਨੇਤਾ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਦਿੱਲੀ ਚੱਲੋ ਪ੍ਰੋਗਰਾਮ ਵਿੱਚ ਭਾਗ ਲੈਣ ਦੀ ਅਪੀਲ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕ ਸਕਦੀ।
ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਦਿੱਲੀ ਚੱਲੋ ਪ੍ਰੋਗਰਾਮ ਦੇ ਮੱਦੇਨਜ਼ਰ ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ ਮਾਰਕੰਡਾ ਪੁਲ ਦੇ ਦੋਵੇਂ ਪਾਸੇ ਬੈਰੀਕੇਡਿੰਗ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੱਜ ਇਸ ਸਬੰਧ ’ਚ ਜ਼ਿਲ੍ਹਾ ਪੁਲੀਸ ਕਪਤਾਨ ਸੁਰਿੰਦਰ ਸਿੰਘ ਭੌਰੀਆ ਨੇ ਸ਼ਾਹਬਾਦ ਜੀਟੀ ਰੋਡ ਦਾ ਜਾਇਜ਼ਾ ਲਿਆ ਤੇ ਰਣਨੀਤੀ ਤਿਆਰ ਕੀਤੀ।
ਜੀਂਦ (ਮਹਾਵੀਰ ਮਿੱਤਲ): ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸੱਦੇ ’ਤੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਨੇ ਪੰਜਾਬ ਤੋਂ ਆਉਣ ਵਾਲੇ ਵਾਹਨਾਂ ’ਤੇ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਜੀਂਦ ਜ਼ਿਲ੍ਹੇ ਦੀ ਹੱਦ ’ਤੇ ਰੋਹਤਕ ਲਾਖਨਮਾਜਰਾ ਦੇ ਕੋਲ ਨਾਕਾ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਜੀਂਦ-ਰੋਹਤਕ ਰਾਜਮਾਰਗ ਨੂੰ ਦੋ ਕਿਲੋਮੀਟਰ ਦੇ ਦਾਇਰੇ ਵਿੱਚ ਵਨ-ਵੇਅ ਕਰ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਹੱਦਾਂ ’ਤੇ ਧਾਰਾ 144 ਲਾਗੂ ਕਰ ਦਿੱਤੀ ਹੈ।

Advertisement

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਫਰੀਦਾਬਾਦ ਪੁਲੀਸ ਨੇ ਚੌਕਸੀ ਵਧਾਈ

ਫਰੀਦਾਬਾਦ (ਪੱਤਰ ਪ੍ਰੇਰਕ): ਕਿਸਾਨ ਅੰਦੋਲਨ ਦੇ ਮੱਦੇਨਜ਼ਰ ਫਰੀਦਾਬਾਦ ਪੁਲੀਸ ਅਲਰਟ ’ਤੇ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਰਾਕੇਸ਼ ਕੁਮਾਰ ਆਰੀਆ ਨੇ ਕਿਹਾ ਕਿ ਫਰੀਦਾਬਾਦ ਵਿੱਚ ਕਾਨੂੰਨ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਦੇ ਮੱਦੇਨਜ਼ਰ ਫਰੀਦਾਬਾਦ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਫਰੀਦਾਬਾਦ ਪੁਲੀਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਜ਼ਿਲ੍ਹੇ ਦੀਆਂ ਹੱਦਾਂ ’ਤੇ ਚੌਕਸੀ ਵਧਾ ਦਿੱਤੀ ਹੈ। ਪੁਲੀਸ ਬੁਲਾਰੇ ਸੂਬਾ ਸਿੰਘ ਨੇ ਦੱਸਿਆ ਕਿ ਫਰੀਦਾਬਾਦ ਪੁਲੀਸ ਸੋਸ਼ਲ ਮੀਡੀਆ ’ਤੇ ਵੀ ਤਿੱਖੀ ਨਜ਼ਰ ਰੱਖ ਰਹੀ ਹੈ।

ਇਨੈਲੋ ਆਗੂ ਅਭੈ ਚੌਟਾਲਾ ਵੱਲੋਂ ਕਿਸਾਨਾਂ ਦੀ ਹਮਾਇਤ

ਯਮੁਨਾਨਗਰ (ਪੱਤਰ ਪ੍ਰੇਰਕ): ਅਭੈ ਚੌਟਾਲਾ ਨੇ ਕਿਹਾ ਕਿ ਕਿਸਾਨਾਂ ਨੂੰ ਰੋਕਣ ਲਈ ਪ੍ਰਬੰਧਾਂ ਦੇ ਨਾਂ ’ਤੇ ਹਰਿਆਣਾ ਸਰਕਾਰ ਨੇ ਸੂਬੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਿਵੇਂ ਕਿ ਹਰਿਆਣਾ ’ਤੇ ਕੋਈ ਵੱਡਾ ਹਮਲਾ ਹੋਣ ਜਾ ਰਿਹਾ ਹੈ, ਜਦਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਲਈ ਦਿੱਲੀ ਜਾਣਾ ਹੈ। ਉਹ ਅੱਜ ਯਮੁਨਾਨਗਰ ਵਿੱਚ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਘਰ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ’ਚ ਇੰਡੀਅਨ ਨੈਸ਼ਨਲ ਲੋਕ ਦਲ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦਾ ਸਮਰਥਨ ਕਰੇਗਾ।

Advertisement
Author Image

Advertisement
Advertisement
×