For the best experience, open
https://m.punjabitribuneonline.com
on your mobile browser.
Advertisement

ਘੱਗਰ ਵਿੱਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਮੁਸਤੈਦ

08:27 AM Aug 04, 2024 IST
ਘੱਗਰ ਵਿੱਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਮੁਸਤੈਦ
ਘੱਗਰ ਦਰਿਆ ਦੇ ਬੰਨ੍ਹ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਜਤਿੰਦਰ ਜੋਰਵਾਲ ਤੇ ਹੋਰ।
Advertisement

ਕਰਮਵੀਰ ਸਿੰਘ ਸੈਣੀ
ਮੂਨਕ, 3 ਅਗਸਤ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹੇ ਦੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਸਮੇਤ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਐੱਸਡੀਐੱਮ ਮੂਨਕ ਸੂਬਾ ਸਿੰਘ ਅਤੇ ਵਿਧਾਇਕ ਬਰਿੰਦਰ ਗੋਇਲ ਦੇ ਪੁੱਤਰ ਗੌਰਵ ਗੋਇਲ ਸਮੇਤ ਮਕੋਰੜ ਸਾਹਿਬ ਦੇ ਪੁਲ ਤੋਂ ਲੈ ਕੇ ਘੱਗਰ ਦਰਿਆ ਦੇ ਨਾਲ-ਨਾਲ ਮਿੱਟੀ ਪਾ ਕੇ ਮਜ਼ਬੂਤ ਕੀਤੇ ਗਏ ਬੰਨ੍ਹ ’ਤੇ ਜਾ ਕੇ ਸਾਰੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਮੌਕੇ ’ਤੇ ਮੌਜੂਦ ਵੱਖ-ਵੱਖ ਵਿਭਾਗਾਂ ਡਰੇਨੇਜ ਵਿਭਾਗ, ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਪੰਚਾਇਤੀ ਰਾਜ ਦੇ ਸਬੰਧਤ ਐਕਸੀਅਨਾਂ ਨੂੰ ਹਰ ਵੇਲੇ ਮੁਸਤੈਦ ਰਹਿਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਸਮੇਤ ਹੋਰ ਦਰਿਆਵਾਂ ਦੀ ਨਿਗਰਾਨੀ ਕਰਨ ਲਈ ਅਤਿ ਆਧੁਨਿਕ ਕਿਸਮ ਦੇ ਡਰੋਨ ਖਰੀਦੇ ਗਏ ਹਨ ਅਤੇ ਅਜਿਹਾ ਹੀ ਇੱਕ ਡਰੋਨ ਘੱਗਰ ਦਰਿਆ ’ਤੇ ਸਰਵੇ ਕਰਨ ਲਈ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੇ ਇਸ ਦੌਰਾਨ ਡਰੋਨ ਰਾਹੀਂ ਸਰਵੇਖਣ ਦੀ ਚੱਲ ਰਹੀ ਪ੍ਰਕਿਰਿਆ ਦਾ ਮੌਕੇ ’ਤੇ ਜਾਇਜ਼ਾ ਵੀ ਲਿਆ। ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਸਪਸ਼ਟ ਨਿਰਦੇਸ਼ ਹਨ ਕਿ ਬੰਨ੍ਹ ਦੀ ਮਜ਼ਬੂਤੀ, ਘੱਗਰ ਦਰਿਆ ਤੇ ਹੋਰ ਨਹਿਰਾਂ ਤੇ ਸੂਇਆਂ ਦੀ ਸਫਾਈ ਸਮੇਤ ਹੋਰ ਕਾਰਜਾਂ ਨੂੰ ਪੂਰੀ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਪਗ 3.50 ਕਰੋੜ ਰੁਪਏ ਦੀ ਲਾਗਤ ਨਾਲ ਡਰੇਨਾਂ ਦੀ ਸਫਾਈ ਦਾ ਕੰਮ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਟਰਾਲੀਆਂ, ਜੇਸੀਬੀ ਮਸ਼ੀਨਾਂ, ਗੋਤਾਖੋਰ ਉਪਲਬਧ ਕਰਵਾਏ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹਾਂ ਸਬੰਧੀ 24 ਘੰਟੇ ਤੋਂ 72 ਘੰਟੇ ਪਹਿਲਾਂ ਕੋਈ ਵੀ ਚਿਤਾਵਨੀ ਮਿਲਣ ਦੀ ਸਥਿਤੀ ਵਿੱਚ ਐਮਰਜੈਂਸੀ ਵਾਲੀ ਹਾਲਤ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਗਰੂਰ ਜ਼ਿਲ੍ਹੇ ਨਾਲ ਲੱਗਦੇ ਗੁਆਂਢੀ ਸੂਬੇ ਦੇ ਜ਼ਿਲ੍ਹਿਆਂ ਨਾਲ ਵੀ ਤਾਲਮੇਲ ਰੱਖਿਆ ਜਾ ਰਿਹਾ ਹੈ।

Advertisement
Advertisement
Author Image

Advertisement