ਪ੍ਰਸ਼ਾਸਨ ਨੇ ਚਾਰ ਟਰੈਵਲ ਏਜੰਟਾਂ ਦੇ ਲਾਇਸੈਂਸ ਮੁਅੱਤਲ ਕੀਤੇ
ਪੱਤਰ ਪ੍ਰੇਰਕ
ਜਲੰਧਰ, 19 ਅਕਤੂਬਰ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਚਾਰ ਟਰੈਵਲ ਏਜੰਟਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ। ਇਹ ਕਾਰਵਾਈ ਇਨ੍ਹਾਂ ਖਿਲਾਫ਼ ਐਫਆਈਆਰਜ਼ ਅਤੇ ਸ਼ਿਕਾਇਤਾਂ ਦਰਜ ਹੋਣ ਤੋਂ ਬਾਅਦ ਕੀਤੀ ਗਈ ਹੈ। ਇਨ੍ਹਾਂ ਫਰਮਾਂ ਵਿੱਚ ਸਥਾਨਕ ਲਾਜਪਤ ਨਗਰ ਵਿੱਚ ਮੈਸਰਜ਼ ਮਿਡਵੈਸਟ ਇਮੀਗ੍ਰੇਸ਼ਨ ਕੰਸਲਟੈਂਟ, ਛੋਟੀ ਬਾਰਾਦਰੀ-2 ਵਿੱਚ ਮੈਸਰਜ਼ ਆਈਕਿਊ ਐਜੂਕੇਸ਼ਨ ਅਤੇ ਇਮੀਗ੍ਰੇਸ਼ਨ ਸਰਵਿਸਿਜ਼, ਅਰਬਨ ਅਸਟੇਟ ਫੇਜ਼-1 ਵਿੱਚ ਮੈਸਰਜ਼ ਆਰਡੀਐਸਆਈ ਇੰਸਟੀਚਿਊਟ ਐਲਐਲਪੀ ਅਤੇ ਮੁਹੱਲਾ ਕਾਜ਼ੀਆਂ, ਫਿਲੌਰ ਵਿੱਚ ਮੈਸਰਜ਼ ਹਾਈ ਸਪਿਰਿਟਸ ਸ਼ਾਮਲ ਹਨ। ਸ੍ਰੀ ਸਾਰੰਗਲ ਨੇ ਕਿਹਾ ਕਿ ਇਮੀਗ੍ਰੇਸ਼ਨ ਕੰਸਲਟੈਂਟਾਂ/ਫਰਮਾਂ ਵੱਲੋਂ ਕਿਸੇ ਵੀ ਕਿਸਮ ਦੀ ਧੋਖਾਧੜੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਫਰਮਾਂ ਦੀਆਂ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਲੋਕਾਂ ਨਾਲ ਧੋਖਾਧੜੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਾਰੀਆਂ ਲਾਇਸੈਂਸਸ਼ੁਦਾ ਫਰਮਾਂ ਨੂੰ ਕਾਨੂੰਨ ਅਨੁਸਾਰ ਆਪਣਾ ਕਾਰੋਬਾਰ ਕਰਨ ਅਤੇ ਕਿਸੇ ਵੀ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕੀਤੀ, ਜਿਸ ਨਾਲ ਦੂਜਿਆਂ ਨੂੰ ਨੁਕਸਾਨ ਪਹੁੰਚਦਾ ਹੋਵੇ। ਡਿਪਟੀ ਕਮਿਸ਼ਨਰ ਨੇ ਲੋਕਾਂ ਖ਼ਾਸਕਰ ਮਾਪਿਆਂ, ਜੋ ਆਪਣੇ ਬੱਚਿਆਂ ਨੂੰ ਅਗਲੇਰੀ ਪੜ੍ਹਾਈ ਲਈ ਵਿਦੇਸ਼ਾਂ ਵਿੱਚ ਭੇਜਣਾ ਚਾਹੁੰਦੇ ਹਨ, ਨੂੰ ਸੇਵਾਵਾਂ ਲੈਣ ਤੋਂ ਪਹਿਲਾਂ ਫਰਮਾਂ ਦੀ ਪ੍ਰਮਾਣਿਤਾ ਦੀ ਜਾਂਚ ਕਰਨ ਦੀ ਅਪੀਲ ਵੀ ਕੀਤੀ।