ਅਫ਼ਗਾਨਿਸਤਾਨੀ ਵਫ਼ਦ ਗੁਰਦੁਆਰਾ ਰਾਜੌਰੀ ਗਾਰਡਨ ਪੁੱਜਿਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਜੂਨ
ਭਾਰਤ ਵਿਚ ਅਫ਼ਗਾਨਿਸਤਾਨ ਸਫੀਰ ਸ੍ਰੀ ਫਰੀਦ ਮਾਮੁੰਦਜ਼ਈ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦਾ ਦੌਰਾ ਕੀਤਾ। ਇਸ ਦੌਰਾਨ ਗੁਰਦੁਆਰਾ ਰਾਜੌਰੀ ਗਾਰਡਨ ਕਮੇਟੀ ਦੇ ਪ੍ਰਧਾਨ ਹਰਮਨਜੀਤ ਸਿੰਘ, ਮਨਜੀਤ ਸਿੰਘ ਖੰਨਾ, ਹਰਬੰਸ ਸਿੰਘ ਭਾਟੀਆ ਸਮੇਤ ਸਮੁੱਚੀ ਟੀਮ ਨੇ ਵਫ਼ਦ ਦੇ ਸਮੂਹ ਮੈਂਬਰਾਂ ਦਾ ਸਵਾਗਤ ਕੀਤਾ। ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਅਫ਼ਗਾਨਿਸਤਾਨ ਅੰਬੈਸੀ ਦਾ ਵਫ਼ਦ ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਪਹੁੰਚਿਆ ਅਤੇ ਗੁਰਦੁਆਰੇ ਵਿੱਚ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਆਇਨਾ ਕੀਤਾ। ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ, ਗੁਰੂ ਨਾਨਕ ਸੁਪਰ ਸਪੈਸ਼ਲਿਟੀ ਕਲੀਨਿਕ ਦਾ ਦੌਰਾ ਕਰਨ ਉਪਰੰਤ ਵਫ਼ਦ ਨੇ ਫਿਜ਼ੀਓਥੈਰੇਪੀ, ਡੈਂਟਲ ਕਲੀਨਿਕ, ਡਾਇਲਸਿਸ ਸੈਂਟਰ ਆਦਿ ਬਾਰੇ ਜਾਣਕਾਰੀ ਲਈ| ਅਫ਼ਗਾਨਿਸਤਾਨ ਸਫਾਰਤਖਾਨੇ ਦੇ ਮੁਖੀ ਫਰੀਦ ਮਾਮੁੰਦਜ਼ਈ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਜੀਵਨ ਦੀ ਸਭ ਤੋਂ ਉੱਤਮ ਸੇਵਾ ਹੈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਕਿਹਾ ਕਿ ਵਫ਼ਦ ਦੇ ਅਜਿਹੇ ਦੌਰੇ ਨਾਲ ਭਾਰਤ ਅਤੇ ਅਫਗਾਨਿਸਤਾਨ ਦੇ ਸਬੰਧ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਦੀ ਟੀਮ ਵੱਲੋਂ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਸ਼ਰਨਾਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਹੈ ਅਤੇ ਭਵਿੱਖ ਵਿੱਚ ਵੀ ਇਹੀ ਸੇਵਾ ਜਾਰੀ ਰਹੇਗੀ। ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਵਫ਼ਦ ਵਿੱਚ ਆਏ ਮੈਂਬਰਾਂ ਦਾ ਸਨਮਾਨ ਵੀ ਕੀਤਾ।
ਅਫ਼ਗਾਨੀ ਸਿੱਖਾਂ ਵੱਲੋਂ ਵਿਦੇਸ਼ ਮੰਤਰੀ ਸਣੇ ਹੋਰ ਆਗੂਆਂ ਦਾ ਸਨਮਾਨ
ਨਵੀਂ ਦਿੱਲੀ (ਪੱਤਰ ਪ੍ਰੇਰਕ): ਭਾਰਤੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ, ਮੈਂਬਰ ਪਾਰਲੀਮੈਂਟ ਪਰਵੇਸ਼ ਸਾਹਿਬ ਸਿੰਘ ਵਰਮਾ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਭਾਜਪਾ ਆਗੂ ਆਰਪੀ ਸਿੰਘ ਤੇ ਹੋਰਨਾਂ ਦਾ ਅਫ਼ਗਾਨਿਸਤਾਨੀ ਸਿੱਖਾਂ ਨੇ ਸਨਮਾਨ ਕੀਤਾ। ਅੱਜ ਇਹ ਆਗੂ ਗੁਰਦੁਆਰਾ ਸ੍ਰੀ ਅਰਜਨ ਦੇਵ ਨਿਊ ਮਹਾਂਵੀਰ ਨਗਰ ਵਿੱਚ ਨਤਮਸਤਕ ਹੋਏ। ਇਸ ਦੌਰਾਨ ਅਫ਼ਗਾਨਿਸਤਾਨੀ ਸਿੱਖਾਂ ਨੇ ਅਫ਼ਗਾਨਿਸਤਾਨ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਰੱਖਿਅਤ ਕੱਢਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਸਾਰੀ ਸਾਰੀ ਰਾਤ ਜਾਗ ਕੇ ਅਫ਼ਗਾਨਿਸਤਾਨ ਵਿੱਚੋਂ ਸਿੱਖਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੱਢਣਾ ਯਕੀਨੀ ਬਣਾਇਆ। ਵਫਦ ਨੇ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਪੀੜਤ ਪਰਿਵਾਰਾਂ ਨੇ ਉਸ ਸਮੇਂ ਦੀਆਂ ਗਤੀਵਿਧੀਆਂ ਬਾਰੇ ਵਫ਼ਦ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਕੈਬਨਿਟ ਵਜ਼ੀਰ ਹਰਦੀਪ ਪੁਰੀ ਆਪ ਹਵਾਈ ਅੱਡੇ ‘ਤੇ ਗਏ ਅਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਫ਼ਗਾਨਿਸਤਾਨ ਤੋਂ ਇੱਥੇ ਸੁਰੱਖਿਅਤ ਲਿਆਂਦੇ ਗਏ।