ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ
ਪਾਲ ਸਿੰਘ ਨੌਲੀ
ਜਲੰਧਰ, 18 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ 28 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੰਥ ਇਸ ਸਮੇਂ ਬਹੁਤ ਗੰਭੀਰ ਸੰਕਟ ’ਚੋਂ ਲੰਘ ਰਿਹਾ ਹੈ। ਇਸ ਮੌਕੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਲਈ ਮਜ਼ਬੂਤ ਸਿੱਖ ਸਿਧਾਂਤਾਂ ਨੂੰ ਪ੍ਰਣਾਈ ਹੋਈ ਪੰਥਕ ਸੋਚ ਵਾਲੀ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਲੀਡਰਸ਼ਿਪ ਕਮਜ਼ੋਰ ਸਾਬਤ ਹੋਈ ਹੈ ਤੇ ਉਸ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਡਟ ਕੇ ਖੜ੍ਹਨ ਦੀ ਥਾਂ ਚੁੱਪ ਰਹਿ ਕੇ ਉਸ ਧਿਰ ਦਾ ਸਾਥ ਦਿੱਤਾ ਹੈ, ਜਿਸ ਨੇ ਅਕਾਲ ਤਖ਼ਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੰਘ ਸਾਹਿਬਾਨ ਦੀ ਕਿਦਾਰਕੁਸ਼ੀ ਕਰਨ ਦੀ ਸਿੱਧੀ ਹਮਾਕਤ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਮਦਮਾ ਸਾਹਿਬ ਦੇ ਜਥੇਦਾਰ ਦੀ ਕਿਰਦਾਰਕੁਸ਼ੀ ਕਰਨ ਲਈ ਸਾਜ਼ਿਸ਼ ਰਚੀ ਗਈ ਸੀ, ਜਿਸ ਨੂੰ ਬੇਪਰਦਾ ਕੀਤਾ ਜਾਵੇਗਾ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਡਟਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਿੰਘ ਸਾਹਿਬਾਨ ਵੱਲੋਂ ਦਲੇਰੀ ਨਾਲ ਲਏ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕਰ ਰਹੀ ਹੈ।