ਅਕਾਲੀ ਦਲ ਨੇ ਭਾਜਪਾ ਦਾ ਸਾਥ ਦੇਣ ਵਾਲੇ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਜੂਨ
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸੀਨੀਅਰ ਆਗੂਆਂ ਦੀ 13 ਮੈਂਬਰੀ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਪਾਰਟੀ ਦੇ ਦਫ਼ਤਰ ਵਿੱਚ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਹੋਈ। ਇਸ ਵਿੱਚ ਬੀਤੀਆਂ ਲੋਕ ਸਭਾ ਚੋਣਾਂ ਅਤੇ ਉਨ੍ਹਾਂ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਗਿਆ ਅਤੇ ਭਵਿੱਖ ਵਿੱਚ ਵਾਪਰਨ ਵਾਲੇ ਰਾਜਸੀ ਘਟਨਾਕ੍ਰਮ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਦਿੱਲੀ ਅੰਦਰ ਜਿਹੜੇ ਪਾਰਟੀ ਆਗੂਆਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਗਿਆ ਜਾਂ ਪਾਰਟੀ ਲਾਈਨ ਦੇ ਉਲਟ ਜਾ ਕੇ ਕੋਈ ਵੀ ਕਾਰਵਾਈ ਕੀਤੀ ਗਈ, ਉਨ੍ਹਾਂ ਆਗੂਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੇ ਅਹੁਦਿਆਂ ਤੋਂ ਹਟਾਇਆ ਜਾਣਾ ਚਾਹੀਦਾ ਹੈ।
ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਕੁਲਦੀਪ ਸਿੰਘ ਭੋਗਲ, ਰਵਿੰਦਰ ਸਿੰਘ ਖੁਰਾਣਾ, ਤੇਜਵੰਤ ਸਿੰਘ ਤੇ ਜੀਐੱਸ ਭੋਲਾ ਨੂੰ ਪਾਰਟੀ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਜਨਰਲ ਸਕੱਤਰ ਮਨਜੀਤ ਸਿੰਘ ਸਰਨਾ ਨੇ ਮੀਡੀਆ ਨਾਲ ਸਾਂਝੀ ਕੀਤੀ। ਉਧਰ ਕੁਲਦੀਪ ਸਿੰਘ ਭੋਗਲ ਨੇ ਕਿਹਾ ਕਿ ਉਹ ਬਾਕੀ ਕੱਢੇ ਗਏ ਸਾਥੀਆਂ ਨਾਲ ਮਿਲ ਕੇ ਕਾਂਗਰਸ ਦਾ ਸਾਥ ਦਿੰਦੇ ਰਹੇ ਅਕਾਲੀ ਆਗੂਆਂ ਦਾ ਪਰਦਾਫਾਸ਼ ਕਰਨਗੇ। ਉਨ੍ਹਾਂ ਕਿਹਾ ਕਿ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਭਾਜਪਾ ਆਗੂਆਂ ਦੇ ਆਉਣ ਨੂੰ ਮੁੱਦਾ ਨਹੀਂ ਬਣਾਉਣਾ ਚਾਹੀਦਾ ਸੀ।