ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਦਾ ਅਗਲਾ ਰਾਹ

07:11 AM Jan 08, 2025 IST

ਦੋ ਦਸੰਬਰ ਦਾ ਇਤਿਹਾਸਕ ਹੁਕਮਨਾਮਾ ਜਾਰੀ ਕੀਤੇ ਜਾਣ ਤੋਂ ਕਰੀਬ ਇੱਕ ਮਹੀਨੇ ਬਾਅਦ ਆਖ਼ਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਪਣੀ ਚੁੱਪ ਤੋੜ ਦਿੱਤੀ ਹੈ ਅਤੇ ਹੁਕਮਨਾਮੇ ਨੂੰ ਸਮੁੱਚੇ ਰੂਪ ਵਿੱਚ ਲਾਗੂ ਕਰਨ ਤੋਂ ਬਚਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਲਈ ਹੁਣ ਸ਼ਾਇਦ ਹੋਰ ਰਾਹ ਬੰਦ ਹੋ ਗਏ ਹਨ। ਉਨ੍ਹਾਂ ਦੋ ਟੁੱਕ ਲਫ਼ਜ਼ਾਂ ਵਿੱਚ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਟਾਲਮਟੋਲ ਛੱਡ ਕੇ ਅਕਾਲ ਤਖ਼ਤ ਦੀ ਫ਼ਸੀਲ ਤੋਂ ਜਾਰੀ ਕੀਤਾ ਗਿਆ ਫ਼ੈਸਲਾ ਲਾਗੂ ਕਰਨਾ ਚਾਹੀਦਾ ਹੈ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫ਼ਾ ਫੌਰੀ ਪ੍ਰਵਾਨ ਕੀਤਾ ਜਾਣਾ ਚਾਹੀਦਾ ਅਤੇ ਹੋਰਨਾਂ ਆਗੂਆਂ ਦੇ ਅਸਤੀਫ਼ੇ ਵੀ ਲਏ ਜਾਣੇ ਚਾਹੀਦੇ ਹਨ।
ਪੰਜ ਸਿੰਘ ਸਾਹਿਬਾਨ ਦਾ ਆਦੇਸ਼ ਆਉਣ ਤੋਂ ਬਾਅਦ ਤਨਖ਼ਾਹੀਏ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਆਪਣੀ ਧਾਰਮਿਕ ਸੇਵਾ ਨਿਭਾਉਣ ਦਾ ਕਾਰਜ ਸ਼ੁਰੂ ਕਰ ਦਿੱਤਾ ਗਿਆ ਪਰ ਜਿੱਥੋਂ ਤੱਕ ਹੁਕਮਨਾਮੇ ਦੇ ਸਿਆਸੀ ਹਿੱਸੇ ਦਾ ਤਾਅਲੁਕ ਸੀ, ਉਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅੰਦਰ ਸ਼ੁਰੂ ਤੋਂ ਹੀ ਝਿਜਕ ਬਣੀ ਰਹੀ ਅਤੇ ਪਾਰਟੀ ਦੇ ਕੁਝ ਆਗੂਆਂ ਦੇ ਬਿਆਨਾਂ ਤੋਂ ਸਾਫ਼ ਸੰਕੇਤ ਮਿਲੇ ਸਨ ਕਿ ਲੀਡਰਸ਼ਿਪ ਇਨ੍ਹਾਂ ਫ਼ੈਸਲਿਆਂ ਨੂੰ ਪ੍ਰਵਾਨ ਨਹੀਂ ਕਰੇਗੀ। ਇਸ ਸਬੰਧ ਵਿੱਚ ਅਕਾਲੀ ਦਲ ਦੇ ਕੁਝ ਆਗੂਆਂ ਵੱਲੋਂ ਇਹ ਦਲੀਲ ਵੀ ਦਿੱਤੀ ਗਈ ਸੀ ਕਿ ਜੇ ਅਸਤੀਫ਼ਿਆਂ ਅਤੇ ਨਵੀਂ ਮੈਂਬਰਸ਼ਿਪ ਮੁਤੱਲਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕੀਤਾ ਗਿਆ ਤਾਂ ਪਾਰਟੀ ਦੀ ਮਾਨਤਾ ਰੱਦ ਹੋ ਸਕਦੀ ਹੈ। ਇਸੇ ਦੌਰਾਨ ਅਕਾਲੀ ਦਲ ਨੇ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ’ਤੇ ਕਾਨਫ਼ਰੰਸ ਲਈ ਆਪਣੀ ਸਿਆਸੀ ਸਰਗਰਮੀ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀ ਹੈ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਆਇਆ ਇਹ ਬਿਆਨ ਵੀ ਗ਼ੌਰਤਲਬ ਹੈ ਕਿ ਉਨ੍ਹਾਂ ਖ਼ਿਲਾਫ਼ ਲਾਏ ਗਏ ਸਾਰੇ ਦੋਸ਼ ਝੂਠੇ ਸਨ ਅਤੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਕਰ ਕੇ ਹੀ ਇਨ੍ਹਾਂ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਇਸ ਨਾਲ ਸਾਫ਼ ਹੋ ਗਿਆ ਹੈ ਕਿ ਪੰਥਕ ਏਕਤਾ ਦਾ ਰਾਹ ਪੱਧਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਥਕ ਸਫ਼ਾਂ ਅੰਦਰ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦੀ ਲੰਮੇ ਅਰਸੇ ਤੋਂ ਚਲੀ ਆ ਰਹੀ ਮੁਹਿੰਮ ਹਾਲੇ ਚਲਦੀ ਰਹੇਗੀ। ਕਈ ਲੋਕਾਂ ਦਾ ਖਿਆਲ ਹੈ ਕਿ ਅਕਾਲੀ ਸਿਆਸਤ ਵਿੱਚ ਖਿੰਡਾਓ ਬਹੁਤ ਅੱਗੇ ਵਧ ਚੁੱਕਿਆ ਹੈ ਅਤੇ ਇਸ ਨੂੰ ਜੋੜ ਤੋੜ ਨਾਲ ਉਪਰੋਂ ਠੱਲ੍ਹ ਪਾਉਣ ਦੀਆਂ ਸੰਭਾਵਨਾਵਾਂ ਖ਼ਤਮ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਲੰਮੇ ਅਰਸੇ ਤੋਂ ਪੰਜਾਬ ਅਤੇ ਪੰਥ ਦੇ ਹਿੱਤਾਂ ਦਾ ਤਰਜਮਾਨ ਰਿਹਾ ਹੈ ਪਰ ਹਾਲੀਆ ਰੁਝਾਨਾਂ ਕਰ ਕੇ ਪੰਜਾਬ ਦੇ ਹਿੱਤਾਂ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਅੱਤ ਦੇ ਕੇਂਦਰਵਾਦ ਦੀ ਮੁਹਿੰਮ ਨੂੰ ਵੀ ਬਲ ਮਿਲਿਆ ਹੈ। ਹੁਣ ਸ਼ਾਇਦ ਇਸ ਦਾ ਜਵਾਬ ਪੰਜਾਬ ਦੀਆਂ ਜਨਤਕ ਸਫ਼ਾਂ ’ਚੋਂ ਹੀ ਤਲਾਸ਼ ਕੀਤਾ ਜਾ ਸਕੇਗਾ ਜਿੱਥੇ ਲੀਡਰਸ਼ਿਪ ਨੂੰ ਆਪਣੀ ਪ੍ਰਮਾਣਿਕਤਾ ਸਿੱਧ ਕਰਨ ਲਈ ਦੇਰ ਸਵੇਰ ਜਾਣਾ ਹੀ ਪੈਂਦਾ ਹੈ।

Advertisement

Advertisement